ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ 6 ਜੂਨ ਨੂੰ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦੇ ਸਮੇਂ ਵਾਪਰੀ ਹਿੰਸਕ ਘਟਨਾ ਦੀ ਮੁਕੰਮਲ ਜਾਂਚ ਪੜਤਾਲ ਲਈ 5 ਮੈਂਬਰੀ ਕਮੇਟੀ ਗਠਿਤ ਕੀਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਜੂਨ 1984 ‘ਚ ਹੋਏ ਫੌਜੀ ਹਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 30ਵੀਂ ਵਰ੍ਹੇਗੰਢ ਮਨਾਉਣ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰੀ ਹਿੰਸਕ ਘਟਨਾ ਦੀ ਮੁਕੰਮਲ ਜਾਂਚ ਪੜਤਾਲ ਲਈ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਮੁਖੀ ਬਿਧੀ ਚੰਦ ਸੰਪਰਦਾ, ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਸ.ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਤੇ ਅਧਾਰਤ ਕਮੇਟੀ ਦਾ ਗਠਨ ਕੀਤਾ ਹੈ ਤੇ ਇਸ ਕਮੇਟੀ ਦੇ ਕੋਆਰਡੀਨੇਟਰ ਸ.ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਹੋਵੇਗਾ, ਇਹ ਕਮੇਟੀ ਜਲਦੀ ਹੀ ਸਾਰੀ ਘਟਨਾ ਦੀ ਮੁਕੰਮਲ ਨਿਰਪੱਖ ਜਾਂਚ ਪੜਤਾਲ ਕਰਕੇ ਰਿਪੋਰਟ ਸੌਂਪੇਗੀ।
ਉਨ੍ਹਾਂ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਕਰੀਬਨ 1.50 ਤੋਂ 2 ਲੱਖ ਸ਼ਰਧਾਲੂ ਰੋਜਾਨਾ ਦਰਸ਼ਨਾਂ ਲਈ ਆਉਂਦੇ ਹਨ, ਉਨ੍ਹਾਂ ਦੀ ਸੁਰੱਖਿਆ ਤੇ ਕਿਸੇ ਪ੍ਰਕਾਰ ਦੀ ਗੜਬੜ ਆਦਿ ਨੂੰ ਰੋਕਣ ਲਈ ਸੇਵਾਦਾਰ/ਸੇਵਾਦਲ ਸ਼੍ਰੋਮਣੀ ਕਮੇਟੀ ਨੇ ਭਰਤੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਆਨ-ਸ਼ਾਨ ਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਯਾਦਾ ਹਰ ਹਾਲਤ ‘ਚ ਕਾਇਮ ਰੱਖੀ ਜਾਵੇਗੀ, ਅੱਗੇ ਤੋਂ ਕੋਈ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਵੀ ਉਸਾਰੂ ਪ੍ਰਬੰਧ ਕੀਤੇ ਜਾਣਗੇ।
ਜਥੇਦਾਰ ਅਵਤਾਰ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਾਪਰੀ ਘਟਨਾ ਦੀ ਪੜਤਾਲ ਲਈ 5 ਮੈਂਬਰੀ ਕਮੇਟੀ ਗਠਿਤ
This entry was posted in ਪੰਜਾਬ.