ਅੰਮਿਤਸਰ:- ਦਿੱਲੀ ਸਥਿਤ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਮਿਸਟਰ ਗ੍ਰਹਮ ਮਾਰਟਨ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸਾਂਤੀ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਪਾਸੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਡੂੰਘਾਈ ਨਾਲ ਜਾਣਕਾਰੀ ਪ੍ਰਾਪਤ ਕੀਤੀ।
ਉਪਰੰਤ ਮਿਸਟਰ ਗ੍ਰਹਮ ਮਾਰਟਨ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਣ ਲਈ ਉਚੇਚੇ ਤੌਰ ਤੇ ਪੁੱਜੇ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਘਰ ਹੈ। ਇਥੇ ਆ ਕੇ ਹਰੇਕ ਵਿਅਕਤੀ ਨੂੰ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਥੇ: ਅਵਤਾਰ ਸਿੰਘ ਪ੍ਰਧਾਨ ਮੇਰੇ ਪਾਸ ਜਦੋਂ ਗਏ ਸਨ ਤਾਂ ਇਨ੍ਹਾਂ ਮੈਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਕਿਹਾ ਸੀ। ਮੈਂ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਹਨ। ਇਸ ਅਸਥਾਨ ਤੇ ਜੋ ਲੰਗਰ ਚਲਦਾ ਹੈ ਉਹ ਮਨੁਖਤਾ ਦੀ ਸੇਵਾ ਲਈ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀਨਗਰ ਵਿਖੇ ਰਾਹਤ ਕੈਂਪ ਲਗਾ ਕੇ ਜੋ ਹੜ੍ਹ-ਪੀੜਤਾਂ ਦੀ ਸੇਵਾ ਕੀਤੀ ਜਾ ਰਹੀ ਹੈ ਉਹ ਵੀ ਬਹੁਤ ਵੱਡੀ ਗੱਲ ਹੈ।ਉਨ੍ਹਾਂ ਕਿਹਾ ਕਿ ਮੈਨੂੰ ਇਥੇ ਆ ਕੇ ਤੇ ਪ੍ਰਧਾਨ ਸਾਹਿਬ ਨੂੰ ਮਿਲ ਕੇ ਬੜੀ ਖੁਸ਼ੀ ਮਹਿਸੂਸ ਹੋਈ ਹੈ।ਮਿਸਟਰ ਗ੍ਰਹਮ ਮਾਰਟਨ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਮਾਨ-ਸਨਮਾਨ ਮਿਲਿਆ ਹੈ ਉਸਦੇ ਲਈ ਮੈਂ ਉਨ੍ਹਾਂ ਦਾ ਸਦਾ ਰਿਣੀ ਰਹਾਂਗਾ।
ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿੱਜੀ ਸਹਾਇਕ, ਸ. ਪ੍ਰਤਾਪ ਸਿੰਘ ਮੈਨੇਜਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਇੰਦਰਮੋਹਨ ਸਿੰਘ ਸੁਪਰਵਾਇਜ਼ਰ ਆਦਿ ਮੌਜੂਦ ਸਨ।