ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੁ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ੮ ਅਕਤੂਬਰ ਨੂੰ ਦੁਪਹਿਰ ੧੨ ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਲੱਖਣ ਨਗਰ ਕੀਰਤਨ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਆਰੰਭ ਹੋਵੇਗਾ, ਜਿਸ ‘ਚ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਟਾਫ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਧਾਰਮਿਕ ਸਭਾ-ਸੁਸਾਇਟੀਆਂ ਸ਼ਬਦੀ ਜਥੇ, ਟਕਸਾਲਾਂ, ਗੱਤਕਾ ਪਾਰਟੀਆਂ ਤੇ ਗੁਰੂ-ਜਸ ਗਾਇਨ ਕਰਦੀਆਂ ਪੈਦਲ ਸੰਗਤਾਂ ਸ਼ਮੂਲੀਅਤ ਕਰਨਗੀਆਂ।ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਤੇ ਹਵਾਈ ਜ਼ਹਾਜ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ।
ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਸੱਟੀ ਬਜ਼ਾਰ, ਕਟੜਾ ਆਹਲੂਵਾਲੀਆ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਚੌਂਕ ਢਾਬ ਵਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੌੜੀ, ਚੌਂਕ ਬਾਬਾ ਸਾਹਿਬ, ਚੌਂਕ ਪ੍ਰਾਗਦਾਸ ਤੇ ਸ੍ਰੀ ਗੁਰੁ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।
ਮਿਤੀ ੮ ਅਕਤੂਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ‘ਚ ਸ਼ਾਮ ੭ ਵਜੇ ਤੋਂ ਰਾਤ ੧ ਵਜੇ ਤੱਕ ਅਲੌਕਿਕ ਕੀਰਤਨ ਸਮਾਗਮ (ਰਾਗ ਦਰਬਾਰ) ਹੋਵੇਗਾ ਜਿਸ ‘ਚ ਨਾਮਵਰ ਰਾਗੀ ਭਾਈ ਰਵਿੰਦਰ ਸਿੰਘ ਜੀ, ਭਾਈ ਰਾਏ ਸਿੰਘ, ਭਾਈ ਸਰਬਜੀਤ ਸਿੰਘ ਜੀ, ਭਾਈ ਗੁਰਮੀਤ ਸਿੰਘ ਸ਼ਾਤ, ਭਾਈ ਇੰਦਰਜੀਤ ਸਿੰਘ, ਭਾਈ ਰਣਧੀਰ ਸਿੰਘ, ਭਾਈ ਜਸਪਿੰਦਰ ਸਿੰਘ ਹਜ਼ੂਰੀ ਰਾਗੀ ਜਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ, ਭਾਈ ਬਲਬੀਰ ਸਿੰਘ, ਡਾਕਟਰ ਗੁਰਿੰਦਰ ਸਿੰਘ ਬਟਾਲਾ ਅਤੇ ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਨਗੇ।ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਚੇਚੇ ਤੌਰ ‘ਤੇ ਸੰਗਤਾਂ ਦੇ ਦਰਸ਼ਨ ਕਰਨਗੇ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ.ਮਨਜੀਤ ਸਿੰਘ ਨੇ ਦੱਸਿਆ ਕਿ ਗੁਰਪੁਰਬ ਨੂੰ ਸਮਰਪਿਤ ੯ ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਵਿਖੇ ਸਵੇਰੇ ੮.੩੦ ਤੋਂ੧੨.੦੦ ਵਜੇ ਤੱਕ ਸੁੰਦਰ ਜਲੌਅ ਸਜਾਏ ਜਾਣਗੇ।ਇਸੇ ਦਿਨ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ ਜਿਸ ਵਿੱਚ ਨਾਮਵਰ ਰਾਗੀ, ਢਾਡੀ, ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ।ਰਾਤ ੮ ਵਜੇ ਵਿਸ਼ੇਸ਼ ਕਵੀ ਸਮਾਗਮ ਹੋਵੇਗਾ ਜਿਸ ‘ਚ ਨਾਮਵਰ ਪੰਥਕ ਕਵੀ ਸ਼ਮੂਲੀਅਤ ਕਰਨਗੇ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ਵਿਖੇ ਦੀਪਮਾਲਾ ਹੋਵੇਗੀ ਅਤੇ ਸ਼ਾਮ ਨੂੰ ਰਹਿਰਾਸ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜੀ ਚਲਾਈ ਜਾਵੇਗੀ