ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਸਾਈਟ ‘ਤੇ ਸਿੱਖ ਗੁਰੂ ਸਾਹਿਬਾਨ ਦਾ ਮਜ਼ਾਕ ਉਡਾਉਣ ਵਾਲੇ ਜਲੰਧਰ ਜ਼ਿਲ੍ਹੇ ‘ਚ ਕੁਲਾਰ ਪਿੰਡ ਦੇ ਕੁਝ ਸ਼ਰਾਰਤੀ ਅਨਸਰਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਏਥੋਂ ਜਾਰੀ ਪ੍ਰੈਸ ਨੋਟ ‘ਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਿਹਾ ਕਿ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਤੱਤੀ ਤਵੀ ਤੇ ਬੈਠ ਕੇ ਤੇ ਸੀਸ ‘ਚ ਤੱਤੀ ਰੇਤ ਪੁਆ ਕੇ ਅਦੁੱਤੀ ਸ਼ਹਾਦਤ ਦਿੱਤੀ, ਜੋ ਆਪਣੇ ਆਪ ਵਿੱਚ ਇਕ ਮਿਸਾਲ ਹੈ। ਉਨ੍ਹਾਂ ਦੀ ਸ਼ਹਾਦਤ ਇਤਿਹਾਸ ਦੇ ਪੰਨਿਆਂ ‘ਤੇ ਸੁਨਹਿਰੀ ਅੱਖਰਾਂ ਵਿੱਚ ਦਰਜ਼ ਹੈ। ਪਰ ਕੁਝ ਸਿਰਫਿਰੇ ਅਨਸਰਾਂ ਜਿਨ੍ਹਾਂ ਗੁਰੂ ਸਾਹਿਬ ਦੀ ਇਸ ਲਾਸਾਨੀ ਕੁਰਬਾਨੀ ਦਾ ਮਜ਼ਾਕ ਉਡਾਇਆ ਅਤੇ ਗੁਰੂ ਸਾਹਿਬ ਦੀ ਸ਼ਹਾਦਤ ਦਾ ਸਵਾਂਗ ਰਚਾ ਕੇ ਪੂਰੇ ਸਿੱਖ ਜਗਤ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਹੈ, ਜਿਸ ਕਾਰਨ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਭਾਰਤ ਬਹੁ ਧਰਮ ਦੇਸ਼ ਹੈ, ਇਸ ਵਿੱਚ ਸਭ ਧਰਮਾਂ ਦੇ ਲੋਕ ਰਹਿੰਦੇ ਹਨ, ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਸਿੱਖ ਧਰਮ ਤੇ ਗੁਰੂ ਸਾਹਿਬਾਨ ਦਾ ਉਡਾਇਆ ਮਜ਼ਾਕ ਬਰਦਾਸ਼ਤ ਕੀਤਾ ਜਾ ਸਕੇ। ਇਸ ਲਈ ਪ੍ਰਸ਼ਾਸਨ ਨੂੰ ਇਸ ਤੇ ਸਖ਼ਤੀ ਵਰਤਦੇ ਹੋਏ ਅਜਿਹੇ ਅਨਸਰਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਜ਼ੁਅਰਤ ਨਾ ਕਰਨ।