ਰਾਂਚੀ- ਰਾਜਦ ਮੁੱਖੀ ਲਾਲੂ ਪ੍ਰਸਾਦ ਯਾਦਵ ਨੇ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਸ ਦੇ ਚੰਗੇ ਦਿਨ ਲਿਆਉਣ ਦੇ ਵਾਅਦੇ ਅਤੇ ਦਾਅਵੇ ਹੁਣ ਕਿੱਥੇ ਚੱਲੇ ਗਏ। ਉਨ੍ਹਾਂ ਨੇ ਰਾਂਚੀ ਵਿੱਚ ਇੱਕ ਚੋਣ ਰੈਲੀ ਦੌਰਾਨ ਕੇਂਦਰ ਸਰਕਾਰ ਨੂੰ ਆੜੈ ਹੱਥੀਂ ਲੈਂਦੇ ਹੋਏ ਕਿਹਾ ਕਿ ਲੋਕਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਕਾਲੇਧੰਨ ਦੀ ਵਾਪਸੀ ਅਤੇ ਚੰਗੇ ਦਿਨਾਂ ਦਾ ਚਾਰਾ ਪਾਕੇ ਆਮ ਜਨਤਾ ਨੂੰ ਫਸਾਇਆ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਸ ਦੇ ਸਾਰੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ।
ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੇ ਮੋਦੀ ਤੇ ਤਿੱਖੇ ਵਾਰ ਕਰਦੇ ਹੋਏ ਕਿਹਾ ਕਿ ਉਹ ਦੱਸੇ ਕਿੱਥੇ ਅਤੇ ਕਿੰਨਾ ਕਾਲਾ ਧੰਨ ਛਿਪਿਆ ਹੋਇਆ ਹੈ। ਝਾਰਖੰਡ ਵਿੱਚ ਚੋਣਾਂ ਦੇ ਐਲਾਨ ਤੋਂ ਬਾਅਦ ਲਾਲੂ ਪਹਿਲੀ ਵਾਰ ਚੋਣ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ। ਝਾਰਖੰਡ ਸੂਬੇ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਾਲੂ ਵੀ ਸਰਗਰਮ ਹੁੰਦੇ ਵਿਖਾਈ ਦੇ ਰਹੇ ਹਨ।