ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਫੈਸਲੇ ਅਨੁਸਾਰ ਸਮੁੱਚਾ ਸੰਸਾਰ ੭ ਜਨਵਰੀ ੨੦੧੫ (੨੩ ਪੋਹ) ਨੂੰ ਹੀ ਮਨਾਵੇ।
ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਇਕੋ ਸਮੇਂ ਹੋਣ ਕਰਕੇ ਸਮੁੱਚੇ ਸੰਸਾਰ ਭਰ ਦੀਆਂ ਸੰਗਤਾਂ ਦੁਬਿਦਾ ਵਿੱਚ ਸਨ।ਬੀਤੇ ਦਿਨ ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕਤਰਤਾ ਦੌਰਾਨ ਦੀਰਘ ਵਿਚਾਰ ਉਪ੍ਰੰਤ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ੭ ਜਨਵਰੀ ੨੦੧੫ (੨੩ ਪੋਹ) ਨੂੰ ਮਨਾਉਣ ਦਾ ਫੈਸਲਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਏ ਫੈਸਲੇ ਅਨੁਸਾਰ ਸਮੁੱਚੇ ਸੰਸਾਰ ਭਰ ਦੇ ਹਰੇਕ ਨਾਨਕ ਨਾਮ ਲੇਵਾ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਦਾ ਪ੍ਰਕਾਸ਼ ਪੁਰਬ ੭ ਜਨਵਰੀ ੨੦੧੫ (੨੩ ਪੋਹ) ਨੂੰ ਹੀ ਮਨਾਇਆ ਜਾਵੇ।
ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ੭ ਜਨਵਰੀ ੨੦੧੫ ਨੂੰ ਮਨਾਏ ਜਾਣ ਸਬੰਧੀ ਸ੍ਰੀ ਮਤੀ ਸਿਮਰਤੀ ਇਰਾਨੀ ਕੇਂਦਰੀ ਮਨੁੱਖੀ ਵਸੀਲੇ ਅਤੇ ਵਿਕਾਸ ਮੰਤਰੀ ਅਤੇ ਸ। ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ੨੮ ਦਸੰਬਰ ੨੦੧੪ ਦੀ ਬਜਾਏ ੭ ਜਨਵਰੀ ੨੦੧੫ ਨੂੰ ‘ਪ੍ਰਕਾਸ਼ ਪੁਰਬ’ ਦੀ ਸਰਕਾਰੀ ਛੁੱਟੀ ਕੀਤੀ ਜਾਵੇ।