ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਭਾਰੀ ਗਿਣਤੀ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਲਈ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਵੱਖ-ਵੱਖ ਸਥਾਨਾ ਅਤੇ ਨੇਪਾਲ ਵਿੱਚ ਅਚਾਨਕ ਆਏ ਭੂਚਾਲ ਕਾਰਣ ਜਿੱਥੇ ਭਾਰੀ ਨੁਕਸਾਨ ਹੋਇਆ ਹੈ ਓਥੇ ਵੱਡੀ ਗਿਣਤੀ ਵਿੱਚ ਕੀਮਤੀ ਜਾਨਾ ਵੀ ਗਈਆਂ ਹਨ ਅਤੇ ਇਸ ਆਪਤਾ ਕਾਰਣ ਬਹੁਤ ਸਾਰੇ ਪਰਿਵਾਰ ਖੇਰੂੰ-ਖੇਰੂੰ ਹੋ ਗਏ ਹਨ, ਜੋ ਬੜੀ ਦੁੱਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨੇਪਾਲ ਵਿਖੇ ਸਥਿਤ ਸਿੱਖ ਮਿਸ਼ਨ ਗੁਰਦੁਆਰਾ ਗੁਰੂ ਨਾਨਕ ਸਤਿਸੰਗ ਪੂਪਨ ਡੋਲ ਲਲਿਤਪੁਰ ਕਠਮੰਡੂ ਵਿਖੇ ਇਸ ਆਏ ਭੂਚਾਲ ਬਾਰੇ ਜਾਣਕਾਰੀ ਹਾਸਲ ਕਰਨ ਲਈ ਸੰਪਰਕ ਕਰਨਾ ਚਾਹਿਆ, ਪਰ ਬਦ ਕਿਸਮਤੀ ਨਾਲ ਸੰਪਰਕ ਨਹੀਂ ਹੋ ਸਕਿਆ। ਉਨ੍ਹਾਂ ਨੇਪਾਲ ਦੇ ਵਸਨੀਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਓਥੋਂ ਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਨੇਪਾਲ ਵਾਸੀਆਂ ਅਤੇ ਦੂਸਰੇ ਦੇਸ਼ਾਂ ਤੋਂ ਓਥੇ ਗਏ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰੇ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਮੈਂ ਸਤਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਕਿ ਇਸ ਕੁਦਰਤੀ ਕਰੋਪੀ ਕਾਰਣ ਜਿਨ੍ਹਾਂ ਲੋਕਾਂ ਦੀ ਮੌਤ ਹੋ ਗਈ ਹੈ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਭਾਰਤ ਤੇ ਵੱਖ-ਵੱਖ ਦੇਸ਼ਾਂ ਅਤੇ ਨੇਪਾਲ ਦੇ ਜੋ ਲੋਕ ਇਸ ਭੂਚਾਲ ਦੀ ਲਪੇਟ ਵਿੱਚ ਫਸੇ ਹੋਏ ਹਨ ਉਨ੍ਹਾਂ ਨੂੰ ਸਹੀ ਸਲਾਮਤ ਨਿਕਾਲਣ ਵਿੱਚ ਅੰਗ ਸੰਗ ਸਹਾਈ ਹੋਣ।