ਅੰਮ੍ਰਿਤਸਰ – ਕਿਸੇ ਵੀ ਸੰਸਥਾ ਨੂੰ ਤਰੱਕੀ ਦੀਆਂ ਮੰਜਲਾਂ ਸਰ ਕਰਨ ਅਤੇ ਸਮੇਂ ਦੇ ਹਾਣ ਦਾ ਹੋਣ ਲਈ ਉਸ ਦਾ ਪ੍ਰਬੰਧਕੀ ਢਾਂਚਾ ਆਧੁਨਿਕ ਹੋਣਾ ਸਮੇਂ ਦੀ ਮੁੱਖ ਲੋੜ ਹੈ। ਸਿੱਖ ਜਗਤ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਪ੍ਰਬੰਧ ਦੇ ਨਾਲ-ਨਾਲ ਗੁਰਮਤਿ ਦੇ ਪ੍ਰਚਾਰ ਅਤੇ ਵਿੱਦਿਆ ਦੇ ਖੇਤਰ ਵਿਚ ਵੀ ਵੱਡਾ ਯੋਗਦਾਨ ਪਾਇਆ। ਇਸ ਦੇ ਪ੍ਰਬੰਧਕੀ ਬਲਾਕ ਦੀ ਨਵੀਂ ਇਮਾਰਤ ਇਸ ਗੱਲ ਦਾ ਪ੍ਰਤੀਕ ਹੈ ਕਿ ਸ਼੍ਰੋਮਣੀ ਕਮੇਟੀ ਤਰੱਕੀ ਦੀਆਂ ਮੰਜਲਾਂ ਵੱਲ ਵਧ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਬੰਧਕੀ ਬਲਾਕ ਦੀ ਇਮਾਰਤ ਦਾ ਉਦਘਾਟਨ ਕਰਨ ਤੋਂ ਪਹਿਲਾਂ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ’ਚ ਕਿਸੇ ਵੀ ਸੰਸਥਾ ਦੇ ਦਫਤਰ ਨੂੰ ਵਧੀਆ ਤੇ ਸਚਾਰੂ ਢੰਗ ਤਰੀਕਿਆਂ ਨਾਲ ਚਲਾਉਣ ਦੀ ਲੋੜ ਹੈ। ਉਨ੍ਹਾਂ ਇਸ ਗੱਲ ’ਤੇ ਖੁਸ਼ੀ ਤੇ ਤਸੱਲੀ ਦਾ ਇਜ਼ਹਾਰ ਕੀਤਾ ਕਿ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਪੂਰੀ ਦਿਲਚਸਪੀ ਤੇ ਲਗਨ ਨਾਲ ਆਪਣੇ ਫਰਜ ਨਿਭਾ ਰਹੇ ਹਨ। ਵਿਧਾਇਕਾਂ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਵਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੇ ਜਾਣ ਦੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸੰਗਤਾਂ ’ਚ ਇਸ ਸੇਵਾ ਪ੍ਰਤੀ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸੇਵਾ ਲਈ ਪ੍ਰੇਰਤ ਕਰਕੇ ਇਥੇ ਲਿਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਯੋਜਨਾਬੱਧ ਢੰਗ ਨਾਲ ਆਪਣੇ-ਆਪਣੇ ਹਲਕਿਆਂ ’ਚ ਕੀਰਤਨ ਦਰਬਾਰ ਆਯੋਜਿਤ ਕਰਾਉਣ ਦੀ ਲਹਿਰ ਵੀ ਅਰੰਭ ਕਰਨੀ ਚਾਹੀਦੀ ਹੈ। ਉਨ੍ਹਾਂ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਉਸਾਰੀ ਕਰਨ ਵਾਲੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹਾ ਮਾਣ ਸਿੱਖ ਧਰਮ ਨੂੰ ਹੀ ਪ੍ਰਾਪਤ ਹੈ ਕਿ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਧਾਰਮਿਕ ਕਾਰਜਾਂ ਲਈ ਵੱਡਾ ਯੋਗਦਾਨ ਪਾਇਆ ਜਾਂਦਾ ਹੈ।
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ, ਮੈਂਬਰ ਪਾਰਲੀਮੈਂਟ ਤੇ ਅਗਾਂਹਵਧੂ ਨੌਜੁਆਨ ਆਗੂ ਸ. ਸੁਖਬੀਰ ਸਿੰਘ ਬਾਦਲ ਨੇ ਕਿਸੇ ਸੰਸਥਾ ਦੇ ਵਧੀਆ ਪ੍ਰਬੰਧਕੀ ਢਾਂਚੇ ਦੀ ਮਨੁੱਖੀ ਦਿਮਾਗ ਨਾਲ ਤੁਲਨਾ ਕਰਦਿਆਂ ਕਿਹਾ ਕਿ ਕਿਸੇ ਵੀ ਸੰਸਥਾ ਦਾ ਦਫਤਰ ਉਸ ਦਾ ਅਹਿਮ ਤੇ ਜ਼ਰੂਰੀ ਅੰਗ ਹੈ ਅਤੇ ਇਸ ਨੂੰ ਨਵੀਨ ਤਕਨੀਕ ਨਾਲ ਚਲਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧਕੀ ਸੈਟਅਪ ਬਹੁਤ ਹੀ ਉੱਚ ਪਾਏ ਦਾ ਹੋਣਾ ਚਾਹੀਦਾ ਹੈ ਤਾਂ ਹੀ ਅਸੀਂ ਇਸ ਸੰਸਥਾ ਨੂੰ ਸੰਸਾਰ ਪੱਧਰ ’ਤੇ ਉਭਾਰ ਸਕਾਂਗੇ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਸੁਯੋਗ ਅਗਵਾਈ ਅਤੇ ਸਮੂੰਹ ਮੈਂਬਰ ਸਾਹਿਬਾਨ ਦੇ ਸਹਿਯੋਗ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਸੁਚਾਰੂ ਗੁਰਦੁਆਰਾ ਪ੍ਰਬੰਧ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ, ਪ੍ਰਸਾਰ ਤੇ ਵਿੱਦਿਆ ਦੇ ਖੇਤਰ ’ਚ ਨਵੀਆਂ ਪੈੜਾਂ ਸਥਾਪਤ ਕੀਤੀਆਂ ਹਨ। ਉਨ੍ਹਾਂ ਸ. ਪ੍ਰਕਾਸ਼ ਸਿੰਘ ਬਾਦਲ ਦੀ ਧਰਮ ਪਤਨੀ ਬੀਬੀ ਸੁਰਿੰਦਰ ਕੌਰ ਬਾਦਲ ਵਲੋਂ ਗੁਰੂ ਰਾਮਦਾਸ ਜੀ ਦੇ ਲੰਗਰ ਲਈ ਅਰੰਭੀ ਸੇਵਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲ ਪੁਰਖ ਦੀ ਇਸ ਪ੍ਰੀਵਾਰ ’ਤੇ ਬਖਸ਼ਿਸ਼ ਸਦਕਾ ਹੀ ਹੈ।
ਇਸ ਮੋਕੇ ਜਥੇਦਾਰ ਅਵਤਾਰ ਸਿੰਘ ਨੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨਾਂ ਜਥੇਦਾਰ ਜਗਦੇਵ ਸਿੰਘ ਤਲਵੰਡੀ, ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਤੇ ਬੀਬੀ ਜਗੀਰ ਕੌਰ, ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਦੇ ਨੁਮਾਇੰਦੇ ਬਾਬਾ ਮਹਿੰਦਰ ਸਿੰਘ, ਬਾਬਾ ਝਿਰਮਲ ਸਿੰਘ ਤੇ ਬਾਬਾ ਭਗਵੰਤ ਸਿੰਘ ਨੂੰ ਸਿਰੋਪਾਓ ਨਾਲ ਸਨਮਾਨਤ ਕੀਤਾ। ਇਸ ਮੌਕੇ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ। ਮੰਚ ਦਾ ਸੰਚਾਲਨ ਸ. ਸੁਖਦੇਵ ਸਿੰਘ ਭੌਰ ਨੇ ਕੀਤਾ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਦਾ ਕੀਰਤਨ ਕੀਤਾ ਅਤੇ ਅਰਦਾਸ ਭਾਈ ਧਰਮ ਸਿੰਘ ਨੇ ਕੀਤੀ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਸ. ਬਲਵਿੰਦਰ ਸਿੰਘ ਭੁੰਦੜ, ਸ. ਸੁੱਚਾ ਸਿੰਘ ਲੰਗਾਹ, ਸ. ਸੇਵਾ ਸਿੰਘ ਸੇਖਵਾਂ, ਮੁੱਖ ਮੰਤਰੀ ਦੇ ਸਲਾਹਕਾਰ ਡਾ: ਦਲਜੀਤ ਸਿੰਘ ਚੀਮਾਂ, ਮੈਂਬਰ ਪਾਰਲੀਮੈਂਟ ਸ. ਰਾਜਮਹਿੰਦਰ ਸਿੰਘ ਮਜੀਠਾ, ਸ. ਕੇਵਲ ਸਿੰਘ ਬਾਦਲ, ਸ. ਸੁਖਦੇਵ ਸਿੰਘ ਭੌਰ, ਸ. ਕ੍ਰਿਪਾਲ ਸਿੰਘ ਬਡੂੰਗਰ, ਸ. ਰਾਜਿੰਦਰ ਸਿੰਘ ਮਹਿਤਾ, ਸ. ਸੰਤੋਖ ਸਿੰਘ ਸਮਰਾ, ਸ. ਦਿਆਲ ਸਿੰਘ ਕੌਲਿਆਂਵਾਲੀ, ਸ. ਕਰਨੈਲ ਸਿੰਘ ਪੰਜੋਲੀ, ਸ. ਸੁਰਜੀਤ ਸਿੰਘ ਗੜ੍ਹੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸੰਤ ਟੇਕ ਸਿੰਘ ਧਨੌਲਾ, ਸ. ਸ਼ਿੰਗਾਰਾ ਸਿੰਘ ਲੋਹੀਆਂ, ਬੀਬੀ ਜਗੀਰ ਕੌਰ, ਬੀਬੀ ਕਿਰਨਜੌਤ ਕੌਰ, ਸ. ਬਲਬੀਰ ਸਿੰਘ ਕੁਰਾਲਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸੁਖਵਿੰਦਰ ਸਿੰਘ ਝਬਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਗੋਪਾਲ ਸਿੰਘ ਜਾਣੀਆਂ, ਸ. ਸਵਿੰਦਰ ਸਿੰਘ ਦੋਬਲੀਆ, ਸ. ਜਸਵਿੰਦਰ ਸਿੰਘ ਐਡਵੋਕੇਟ, ਸ. ਸਤਵਿੰਦਰ ਸਿੰਘ ਟੌਹੜਾ, ਸ. ਗੁਰਿੰਦਰਪਾਲ ਸਿੰਘ ਗੋਰਾ ਕਾਦੀਆਂ, ਸ. ਸੂਬਾ ਸਿੰਘ ਡੱਬਵਾਲਾ, ਸ. ਹਰਦਿਆਲ ਸਿੰਘ ਸੁਰਸਿੰਘ, ਬੀਬੀ ਬਲਵੰਤ ਕੌਰ ਤੇੜਾ, ਸ. ਅਮਰੀਕ ਸਿੰਘ ਵਿਛੋਆ, ਸ. ਅਮਰੀਕ ਸਿੰਘ ਸ਼ਾਹ ਪੁਰ ਜਾਜਨ, ਸ. ਕੁਲਵੰਤ ਸਿੰਘ ਮੰਨਣ, ਬੀਬੀ ਹਰਭਜਨ ਕੌਰ ਡੋਗਰਾਂਵਾਲਾ, ਬੀਬੀ ਮਨਜੀਤ ਕੌਰ ਅਲਾਵਲਪੁਰ, ਬੀਬੀ ਹਰਬੰਸ ਕੌਰ ਨੌਸ਼ਹਿਰਾ ਪੰਨੂਆਂ, ਬੀਬੀ ਅਜਾਇਬ ਕੌਰ ਭੋਤਨਾ, ਸ. ਗੁਰਮੇਲ ਸਿੰਘ ਸੰਗੋਵਾਲ, ਸ. ਦਿਲਬਾਗ ਸਿੰਘ ਪਠਾਨਕੋਟ, ਸ. ਗੁਰਿੰਦਰਪਾਲ ਸਿੰਘ ਰਈਆ, ਸ. ਜਗੀਰ ਸਿੰਘ ਵਰਪਾਲ, ਸ. ਜਗਦੇਵ ਸਿੰਘ ਤਲਵੰਡੀ, ਸ. ਅਮਰਜੀਤ ਸਿੰਘ, ਬੀਬੀ ਕੁਲਦੀਪ ਕੌਰ ਢੋਸ, ਸਕੱਤਰ ਸ. ਹਰਬੇਅੰਤ ਸਿੰਘ ਤੇ ਸ. ਦਲਮੇਘ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਪਤਵੰਤੇ ਸੱਜਣ ਤੇ ਸੰਗਤਾਂ ਮੌਜੂਦ ਸਨ।
ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂੰਹ ਮੈਂਬਰ ਸਾਹਿਬਾਨ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ ’ਚ ਪੰਥਕ ਰਵਾਇਤ ਅਨੁਸਾਰ ਪਾਰਟੀ ਪ੍ਰਧਾਨ ਦਾ ਸਤਿਕਾਰ ਕਰਦਿਆਂ 22 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਸਬੰਧੀ ਫੈਸਲੇ ਦੇ ਅਧਿਕਾਰ ਸਰਬ ਸੰਮਤੀ ਤੇ ਜੈਕਾਰਿਆਂ ਦੀ ਗੂੰਜ ’ਚ ਸ. ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ।