ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸ਼ੁਰੂ ਤੋਂ ਹੀ ਯਤਨਸ਼ੀਲ ਹੈ।ਭੁੱਲਰ ਪਰਿਵਾਰ ਨੂੰ ਕਿਸੇ ਵੀ ਪ੍ਰਕਾਰ ਦੀ ਜ਼ਰੂਰਤ ਹੋਵੇ ਤਾਂ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਦੇਵੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਮੀ ਵਿਵੇਕਾਨੰਦ ਮਨੋਰੋਗ ਹਸਪਤਾਲ ਵਿਖੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨਾਲ ਮੁਲਾਕਾਤ ਸਮੇਂ ਪੱਤਰਕਾਰ ਮਿਲਣੀ ‘ਚ ਕੀਤਾ।ਇਸ ਸਮੇਂ ਉਨ੍ਹਾਂ ਨਾਲ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਭਾਈ ਮਨਜੀਤ ਸਿੰਘ ਸਾਬਕਾ ਚੇਅਰਮੈਨ ਪੇਡਾ, ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਪਰਮਜੀਤ ਸਿੰਘ ਖਾਲਸਾ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਤੇ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ ਵੀ ਮੌਜੂਦ ਸਨ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੇ ਬਹੁਤ ਲੰਮਾ ਸਮਾਂ ਜੇਲ੍ਹ ਕੱਟ ਲਈ ਹੈ।ਸਤਿਗੁਰੂ ਜੀ ਕ੍ਰਿਪਾ ਕਰਨ ਉਹ ਇਕ ਦਿਨ ਇਸ ਤੋਂ ਨਿਜਾਤ ਪਾ ਕੇ ਪਰਿਵਾਰ ਵਿੱਚ ਬੈਠਣਗੇ।ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਜੇਲ੍ਹ ਤਬਦੀਲੀ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਯਤਨਾਂ ਸਦਕਾ ਹੋਈ ਹੈ।ਇਸ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ ਅਤੇ ਉਹ ਰਾਜੀ-ਖੁਸ਼ੀ ਬਾਰੇ ਗੱਲਬਾਤ ਕਰਦੇ ਹਨ।ਉੁਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੇ ਉਨ੍ਹਾਂ ਦੀ ਰਿਹਾਈ ਲਈ ਸਤਿਗੁਰੂ ਜੀ ਅੱਗੇ ਅਰਦਾਸ ਕਰਨ ਲਈ ਵੀ ਕਿਹਾ ਹੈ।ਉਨ੍ਹਾਂ ਦੱਸਿਆ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ ਸ਼੍ਰੋਮਣੀ ਕਮੇਟੀ ਸਦਾ ਹੀ ਫਿਕਰਮੰਦ ਤੇ ਯਤਨਸ਼ੀਲ ਹੈ।ਉਨ੍ਹਾਂ ਕਿਹਾ ਕਿ ਸ। ਮਨਜੀਤ ਸਿੰਘ ਸਕੱਤਰ ਨੂੰ ਕਹਿ ਦਿੱਤਾ ਹੈ ਕਿ ਹਰ ਦੂਜੇ, ਤੀਜੇ ਦਿਨ ਪਰਿਵਾਰ ਨੂੰ ਮਿਲ ਕੇ ਜਿਸ ਚੀਜ਼ ਦੀ ਵੀ ਜ਼ਰੂਰਤ ਹੋਵੇ ਤੁਰੰਤ ਮੁਹੱਈਆ ਕਰਵਾਈ ਜਾਵੇ।
ਇਸ ਮੌਕੇ ਬੀਬੀ ਨਵਨੀਤ ਕੌਰ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਭੁੱਲਰ ਸਾਹਿਬ ਦੀ ਰਿਹਾਈ ਲਈ ਹਮੇਸ਼ਾ ਹੀ ਹਾਂ ਦਾ ਨਾਅਰਾ ਮਾਰਿਆ ਹੈ।ਅੱਜ ਵੀ ਪ੍ਰਧਾਨ ਸਾਹਿਬ ਨੇ ਯਕੀਨ ਦਵਾਇਆ ਹੈ ਕਿ ਕਿਸੇ ਵੀ ਪ੍ਰਕਾਰ ਦੀ ਜ਼ਰੂਰਤ ਹੋਵੇ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਦੇਵੇਗੀ।ਉਨ੍ਹਾਂ ਕਿਹਾ ਕਿ ਪ੍ਰੋਫੈਸਰ ਸਾਹਿਬ ਦੀ ਸਿਹਤ ‘ਚ ਦਿਨੋ-ਦਿਨ ਸੁਧਾਰ ਹੋ ਰਿਹਾ ਹੈ ਉਹ ਅੱਗੇ ਨਾਲੋਂ ਕਾਫੀ ਰਾਹਤ ਮਹਿਸੂਸ ਕਰਦੇ ਹਨ।ਉਨ੍ਹਾਂ ਕਿਹਾ ਕਿ ਭੁੱਲਰ ਦੇ ਸਿਹਤਯਾਬ ਹੋਣ ਤੇ ਹੀ ਪੈਰੋਲ ਤੇ ਰਿਹਾਈ ਲਈ ਯਤਨ ਕੀਤੇ ਜਾਣਗੇ।