ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਵਸ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਭਾਈ ਸਤਨਾਮ ਸਿੰਘ ਨੇ ਇਲਾਹੀ ਬਾਣੀ ਦੇ ਕੀਰਤਨ ਦੀਆਂ ਛਹਿਬਰਾਂ ਲਗਾਈਆਂ ਅਤੇ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ।ਉਪਰੰਤ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਪਾਵਨ-ਪਵਿੱਤਰ ਹੁਕਮਨਾਮਾ ਲਿਆ।
ਸੰਗਤਾਂ ਨੂੰ ਮੀਰੀ-ਪੀਰੀ ਦੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਪਾਤਸ਼ਾਹ ਨੇ ਆਪਣੀ ਸ਼ਹਾਦਤ ਤੋਂ ਪਹਿਲਾਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਗੁਰਗੱਦੀ ਦੀ ਜਿੰਮੇਵਾਰੀ ਸੌਂਪਦਿਆਂ ਆਦੇਸ਼ ਦਿੰਦਿਆਂ ਕਿਹਾ ਕਿ ਹੁਣ ਲੋੜ ਹੈ ਸ਼ਸਤਰ ਧਾਰਨੀ ਹੋਣ ਦੀ ਤੇ ਇਸ ਉਪਰੰਤ ਸ੍ਰੀ ਗੁਰੂ ਅਰਜਨ ਦੇਵ ਪਾਤਸ਼ਾਹ ਸ਼ਹੀਦੀ ਪ੍ਰਾਪਤ ਕਰ ਗਏ।ਇਸੇ ਹੀ ਆਦੇਸ਼ ਦੀ ਪਾਲਣਾ ਕਰਦੇ ਹੋਏ ਛੇਵੇਂ ਪਾਤਸ਼ਾਹ ਨੇ ਇਸ ਦਿਨ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕੀਤੀ।ਗੁਰੂ ਪਾਤਸ਼ਾਹ ਨੇ ਆਪਣੇ ਸਿੱਖਾਂ ਨੂੰ ਆਦੇਸ਼ ਦਿੱਤਾ ਕਿ ਅੱਜ ਤੋਂ ਬਾਅਦ ਹਰ ਸਿੱਖ ਚੰਗੀ ਜਵਾਨੀ, ਚੰਗੇ ਸ਼ਸਤਰ ਅਤੇ ਚੰਗੀ ਨਸਲ ਦੇ ਘੋੜੇ ਲੈ ਕੇ ਹਾਜ਼ਰ ਹੋਵੇ।ਸਤਿਗੁਰੂ ਪਾਤਸ਼ਾਹ ਨੇ ਮੁਗਲਈਆ ਹਕੂਮਤ ਵਿਰੁੱਧ ਆਵਾਜ਼ ਉਠਾਈ ਅਤੇ ਜ਼ੁਲਮ ਦਾ ਨਾਸ ਕੀਤਾ।ਸਿੰਘ ਸਾਹਿਬ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਹਰ ਸਿੱਖ ਨੂੰ ਅੰਮ੍ਰਿਤਧਾਰੀ ਹੋਣ ਦਾ ਉਪਦੇਸ਼ ਦਿੱਤਾ ਅਤੇ ਕਿਹਾ ਕਿ ਨੌਜਵਾਨ ਜੋ ਦਿਨੋ-ਦਿਨ ਪੱਤਿਤ ਹੁੰਦੇ ਜਾ ਰਹੇ ਨੇ ਤੇ ਆਪਣੀ ਜਵਾਨੀ ਨੂੰ ਨਸ਼ਿਆਂ ਵਿੱਚ ਗਾਲ ਰਹੇ ਨੇ ਉਹ ਇਸ ਪਾਵਨ ਦਿਹਾੜੇ ਤੋਂ ਸੇਧ ਲੈਂਦੇ ਹੋਏ ਖੰਡੇ ਬਾਟੇ ਦੀ ਪਾਹੁਲ ਛੱਕ ਗੁਰੂ ਵਾਲੇ ਬਨਣ ਅਤੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਨੂੰ ਹੀ ਆਪਣਾ ਗੁਰੂ ਮੰਨਣ।
ਇਸੇ ਸਮਾਗਮ ਤਹਿਤ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ, ਸ੍ਰੀ ਅੰਮ੍ਰਿਤਸਰ ਵੱਲੋਂ ਗੁਰਦੁਆਰਾ ਝੰਡੇ ਬੁੰਗੇ ਵਿਖੇ ਸ੍ਰੀ ਅਖੰਡ ਪਾਠ ਸਹਿਬ ਦੇ ਭੋਗ ਉਪਰੰਤ ਇਲਾਹੀ ਬਾਣੀ ਦੇ ਕੀਰਤਨ ਕੀਤੇ ਗਏ। ਅਰਦਾਸ ਉਪਰੰਤ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਹੁਕਮਨਾਮਾ ਲਿਆ । ਇਸ ਉਪਰੰਤ ਪੰਥ ਦੇ ਮਹਾਨ ਢਾਡੀ ਜਥਿਆ ਵੱਲੋਂ ਢਾਡੀ ਵਾਰਾਂ ਦੁਆਰਾ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆ ਹੋਇਆ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰ: ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸ੍ਰ: ਬਲਦੇਵ ਸਿੰਘ ਐਮ ਏ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਮੁੱਚੀ ਢਾਡੀ ਸਭਾ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਬਾਬਾ ਬਲਵਿੰਦਰ ਸਿੰਘ ਰਾਜਿਸਥਾਨੀ ਕਾਰ ਸੇਵਾ ਵਾਲੇ, ਸ੍ਰ: ਰਤਨ ਸਿੰਘ ਜੱਫਰਵਾਲ ਮੈਂਬਰ ਸ਼੍ਰੋਮਣੀ ਕਮੇਟੀ, ਸ੍ਰ:ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸ੍ਰ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ੍ਰ: ਹਰਜਿੰਦਰ ਸਿੰਘ ਮੈਨੇਜਰ, ਸ੍ਰ: ਜਤਿੰਦਰ ਸਿੰਘ, ਸ੍ਰ: ਬਘੇਲ ਸਿੰਘ, ਸ੍ਰ: ਭੂਪਿੰਦਰ ਸਿੰਘ, ਸ੍ਰ: ਸੁੱਖਰਾਜ ਸਿੰਘ ਅਤੇ ਸ੍ਰ: ਸਤਨਾਮ ਸਿੰਘ ਮਾਂਗਾ ਸਰਾਏ ਵਧੀਕ ਮੈਨੇਜਰ, ਸ੍ਰ: ਲਖਬੀਰ ਸਿੰਘ ਅਤੇ ਸ੍ਰ: ਦਰਸ਼ਨ ਸਿੰਘ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਢਾਡੀ ਜਥਿਆਂ ਵਿੱਚ ਭਾਈ ਖੜਕ ਸਿੰਘ ਪਠਾਨਕੋਟ, ਭਾਈ ਗੁਰਮੁਖ ਸਿੰਘ ਵਲਟੋਹਾ, ਭਾਈ ਹਰਪਾਲ ਸਿੰਘ ਢੰਡ, ਭਾਈ ਨਿਰਮਲ ਸਿੰਘ ਜੇਠੂਵਾਲ, ਭਾਈ ਸਰਬਜੀਤ ਸਿੰਘ ਵਡਾਲੀ, ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਪੂਰਨ ਸਿੰਘ ਅਰਸ਼ੀ ਅਤੇ ਭਾਈ ਗੁਰਮੇਜ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਮੀਰੀ-ਪੀਰੀ ਦੇ ਮਾਲਿਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।