ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਤੇ ਸਮੂਹ ਮੈਂਬਰਾਂ ਨੇ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫ਼ੈਲੋਸ਼ਿਪ ਮਿਲਣ ’ਤੇ ਵਧਾਈ ਦਿੱਤੀ। ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਡਾ. ਅਨੂਪ ਸਿੰਘ ਨੇ ਪ੍ਰੋ. ਗਿੱਲ ਜੀ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਪ੍ਰੋ. ਗੁਰਭਜਨ ਸਿੰਘ ਗਿੱਲ ਪੰਜਾਬੀ ਸਾਹਿਤ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਸਰਕਾਰ ਦੁਆਰਾ ਸਨਮਾਨ ਉੱਘੇ ਕਵੀ ਹਨ। ਉਨ੍ਹਾਂ ਦੀ ਕਵਿਤਾ ਅਤੇ ਵਾਰਤਕ ਵਿਚ ਪੰਜਾਬ ਦੀ ਲੋਕਧਾਰਾ ਘੁਲੀ ਮਿਲੀ ਹੈ। ਪੇਂਡੂ ਰਹਿਤਲ ਦੀ ਸ਼ਬਦਾਵਲੀ ਉਨ੍ਹਾਂ ਦੀ ਰਚਨਾ ਨੂੰ ਹੋਰ ਅਮੀਰ ਕਰਦੀ ਹੈ। ਪ੍ਰੋ. ਗਿੱਲ ਨੂੰ ਇਹ ਫ਼ੈਲੋਸ਼ਿਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬ ਦੀ ਲੋਕਧਾਰਾ ਅਤੇ ਖੇਤੀਬਾੜੀ ਵਿਸ਼ੇ ’ਤੇ ਪ੍ਰੋਜੈਕਟ ਦਿੰਦਿਆਂ ਸਨਮਾਨ ਵਜੋਂ ਦਿੱਤੀ ਗਈ ਹੈ।
ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਮੁਬਾਰਕਾਂ ਦੇਣ ਵਾਲਿਆਂ ਵਿਚ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਪ੍ਰੋ. ਨਰਿੰਜਨ ਤਸਨੀਮ, ਪ੍ਰਿੰ. ਪ੍ਰੇਮ ਸਿੰਘ ਬਜਾਜ, ਸੁਰਿੰਦਰ ਕੈਲੇ, ਤ੍ਰੈਲੋਚਨ ਲੋਚੀ, ਡਾ. ਗੁਰਚਰਨ ਕੌਰ ਕੋਚਰ, ਮਿੱਤਰ ਸੈਨ ਮੀਤ, ਜਨਮੇਜਾ ਸਿੰਘ ਜੌਹਲ, ਡਾ. ਗੁਲਜ਼ਾਰ ਸਿੰਘ ਪੰਧੇਰ, ਸੁਰਿੰਦਰ ਰਾਮਪੁਰੀ, ਇੰਦਰਜੀਤਪਾਲ ਕੌਰ, ਸੁਰਿੰਦਰ ਦੀਪ, ਡਾ. ਜਸਵਿੰਦਰ ਭੱਲਾ, ਸਤੀਸ਼ ਗੁਲਾਟੀ ਸਮੇਤ ਸਥਾਨਕ ਲੇਖਕ ਸ਼ਾਮਲ ਹਨ।