ਚੰਡੀਗੜ੍ਹ – ਪੰਜਾਬ ਵਿੱਚ ਅਗਲੇ ਸਾਲ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ ਵਿੱਚ ਸਾਰੀਆਂ ਰਾਜਨੀਤਕ ਪਾਰਟੀਆਂ ਜਿੱਤ ਪ੍ਰਾਪਤ ਕਰਨ ਲਈ ਕਈ ਹੱਥਕੰਡੇ ਅਪਨਾ ਰਹੀਆਂ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰਾ ਜੋਰ ਲਗਾਇਆ ਜਾ ਰਿਹਾ ਹੈ। ਇਸ ਦੇ ਤਹਿਤ ਹੀ ਅਕਾਲੀ ਦਲ ਲੌਂਗੋਵਾਲ ਦੀ ਪ੍ਰਧਾਨ ਬੀਬੀ ਸੁਰਜੀਤ ਕੌਰ ਨੇ ਆਪਣੀ ਪਾਰਟੀ ਦਾ ਪੰਜਾਬ ਕਾਂਗਰਸ ਵਿੱਚ ਰਲੇਵਾਂ ਕਰਨ ਦਾ ਐਲਾਨ ਕੀਤਾ ਹੈ।
ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿੱਲੀ ਸਥਿਤ ਨਿਵਾਸ ਸਥਾਨ ਤੇ ਅੰਬਿਕਾ ਸੋਨੀ ਅਤੇ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ ਨੇ ਰਸਮੀ ਤੌਰ ਤੇ ਸਾਬਕਾ ਰਾਜਪਾਲ ਸੁਰਜੀਤ ਸਿੰਘ ਬਰਨਾਲਾ ਦੀ ਧਰਮ ਪਤਨੀ ਅਤੇ ਅਕਾਲੀ ਦਲ ਲੌਂਗੋਵਾਲ ਦੀ ਪ੍ਰਧਾਨ ਸ੍ਰੀਮਤੀ ਸੁਰਜੀਤ ਕੌਰ ਬਰਨਾਲਾ ਨੂੰ ਜਨਰਲ ਸਕੱਤਰ ਬਲਦੇਵ ਸਿੰਘ ਮਾਨ ਅਤੇ ਗਗਨਜੀਤ ਸਿੰਘ ਬਰਨਾਲਾ ਨੂੰ ਕਾਂਗਰਸ ਵਿੱਚ ਸ਼ਾਮਿਲ ਕਰ ਲਿਆ ਹੈ। ਕਾਂਗਰਸ ਅਤੇ ਅਕਾਲੀ ਦਲ ਲੌਂਗੋਵਾਲ ਵਿੱਚ ਪਿੱਛਲੇ ਕੁਝ ਅਰਸੇ ਤੋਂ ਗੱਲਬਾਤ ਚੱਲ ਰਹੀ ਸੀ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਵੀ ਕਾਂਗਰਸ ਵਿੱਚ ਸ਼ਾਮਿਲ ਹੋ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਸ਼੍ਰੋਮਣੀ ਅਕਾਲੀ ਦਲ ਲੌਂਗੋਵਾਲ ਦਾ ਕਾਂਗਰਸ ਵਿੱਚ ਸ੍ਰੀਮਤੀ ਸੁਰਜੀਤ ਕੌਰ ਬਰਨਾਲਾ ਦੀ ਰਹਿਨੁਮਾਈ ਹੇਠ ਰਾਲੇਵਾਂ ਹੋਣ ਤੇ ਉਨ੍ਹਾਂ ਦਾ ਸਵਾਗਤ ਕਰਦੇ ਹਾਂ।