ਅੰਮ੍ਰਿਤਸਰ, (ਜਸਬੀਰ ਸਿੰਘ ਪੱਟੀ) – ਸ੍ਰ. ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਮਨਾਉਣ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜੱਥਾ ਨਾ ਭੇਜਣ ਦਾ ਕੜਾ ਨੋਟਿਸ ਲੈਂਦਿਆ ਕਿਹਾ ਕਿ ਇਹ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਬੇਇਨਸਾਫੀ ਹੋਵੇਗੀ ਜਿਸ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਜੱਥਾ ਭੇਜਣ ਦਾ ਫੈਂਸਲਾ ਕੀਤਾ ਹੈ ਤੇ ਇਹ ਜੱਥਾ 10 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ ਇੱਕ ਹਫਤੇ ਬਾਅਦ 16 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ ਵਾਪਸ ਪਰਤੇਗਾ।
ਸ੍ਰ. ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਸਿੱਖ ਪੰਥ ਦੀ ਵੱਖਰੀ ਤੇ ਅੱਡਰੀ ਹੋਂਦ ਹਸਤੀ ਦੀ ਗਵਾਹੀ ਭਰਦੇ ਉਸ ਨਾਨਕਸ਼ਾਹੀ ਕੈਲੰਡਰ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਿਹੜਾ ਸੰਨ 2003 ਵਿੱਚ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਤੋ ਹੋਲੇ ਮਹੱਲੇ ਦੇ ਮੌਕੇ ਰੀਲੀਜ਼ ਕੀਤਾ ਗਿਆ ਤੇ ਫਿਰ 14 ਅਪ੍ਰੈਲ 2003 ਤਖਤ ਸ੍ਰੀ ਦਮਦਮਾ ਸਾਹਿਬ ਤੋਂ ਪੰਜ ਤਖਤਾਂ ਦੇ ਜਥੇਦਾਰਾਂ, ਤੱਤਕਾਲੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ੍ਰ. ਕਿਰਪਾਲ ਸਿੰਘ ਬੰਡੂਗਰ ਤੇ ਤੱਤਕਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਰ ਕਮਲਾਂ ਨਾਲ ਪੰਥਕ ਜੈਕਾਰਿਆਂ ਦੀ ਗੂੰਜ ਵਿੱਚ ਰੀਲੀਜ਼ ਕੀਤਾ ਪਰ ਸੱਤ ਸਾਲ ਬਾਅਦ ਇਸ ਕੈਲੰਡਰ ਨੂੰ ਮੁੜ ਬਿਕਰਮੀ ਬਣਾ ਦਿੱਤਾ ਗਿਆ ਜਿਸ ਦਾ ਵਿਰੋਧ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਡੱਟ ਕੇ ਕੀਤਾ।
ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ‘ਤੇ ਇਸ ਵੇਲੇ ਆਰ.ਐਸ.ਐਸ ਦੀ ਕਠਪੁੱਤਲੀ ਬਣੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਨਿਰੰਕੁਸ਼ ਕਬਜ਼ਾ ਹੈ ਤੇ ਜਿਸ ਕਾਰਨ ਪੰਥਕ ਕਦਰਾਂ ਕੀਮਤਾਂ ਨੂੰ ਭਾਰੀ ਠੇਸ ਪੁੱਜ ਰਹੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਮਹਿਸੂਸ ਕੀਤਾ ਹੈ ਕਿ ਗੁਰੂ ਸਾਹਿਬ ਦੇ ਇਤਿਹਾਸਕ ਦਿਹਾੜੇ ‘ਤੇ ਜੱਥਾ ਨਾ ਭੇਜਿਆ ਜਾਣਾ ਮੰਦਭਾਗਾ ਹੋਵੇਗਾ ਇਸ ਲਈ 10 ਜੂਨ ਨੂੰ ਜੱਥਾ ਭੇਜਿਆ ਜਾਵੇਗਾ ਜਿਹੜਾ 16 ਜੂਨ ਨੂੰ ਗੁਰੂ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾ ਕੇ ਵਾਪਸ ਪਰਤ ਆਵੇਗਾ। ਉਹਨਾਂ ਕਿਹਾ ਕਿ ਇਸ ਯਾਤਰਾ ਦੌਰਾਨ ਸੰਗਤਾਂ ਨਨਕਾਣਾ ਸਾਹਿਬ, ਪੰਜਾ ਸਾਹਿਬ , ਸੱਚਾ ਸੌਦਾ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਵੀ ਕਰ ਸਕਦੀਆਂ ਹਨ ਕਿਉਂਕਿ ਪਾਕਿਸਤਾਨ ਦੀ ਸਰਹੱਦ ਪਾਰ ਕਰਨ ਉਪਰੰਤ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਓਕਾਬ ਬੋਰਡ ਦਾ ਆਪਣਾ ਪ੍ਰੋਗਰਾਮ ਹੁੰਦਾ ਹੈ ਤੇ ਉਹ ਸੰਗਤਾਂ ਦੀ ਜਿਥੇ ਹਰ ਸਹੂਲਤ ਦਾ ਪ੍ਰਬੰਧ ਕਰਦੇ ਹਨ ਉਥੇ ਯਾਤਰਾ ਵੀ ਉਹਨਾਂ ਦੁਆਰਾ ਨਿਰਧਾਰਿਤ ਕੀਤੇ ਪ੍ਰੋਗਰਾਮ ਅਨੁਸਾਰ ਹੀ ਕਰਵਾਈ ਜਾਂਦੀ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਦੋਂ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਕਮੇਟੀ ਹੋਂਦ ਵਿੱਚ ਆਉਣ ਦੇ ਰੋਸ ਵਜੋਂ ਜੱਥੇ ਭੇਜਣੇ ਬੰਦ ਕੀਤੇ ਸਨ ਤਾਂ ਉਸ ਸਮੇਂ ਵੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਦਿੱਲੀ ਕਮੇਟੀ ਰਾਹੀ ਜੱਥੇ ਭੇਜੇ ਜਾਂਦੇ ਸਨ। ਉਹਨਾਂ ਕਿਹਾ ਕਿ 2005 ਵਿੱਚ ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਸੀ ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਨਗਰ ਕੀਤਰਨ ਦਾ ਬਾਈਕਾਟ ਕਰਕੇ ਅਜਿਹੀ ਬੱਜਰ ਗਲਤੀ ਕੀਤੀ ਸੀ ਜਿਹੜੀ ਬਾਈਕਾਟ ਕਰਨ ਵਾਲਿਆਂ ਦੇ ਕਿਰਦਾਰ ਤੇ ਕਾਲੇ ਅੱਖਰਾਂ ਵਿੱਚ ਲਿਖੀ ਗਈ ਹੈ।