ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਅੰਤਰਰਾਸ਼ਟਰੀ ਪੱਧਰ ਤੇ ਇਹ ਮੁੱਦਾ ਉਠਾਇਆ ਹੈ ਕਿ ਭਾਰਤ ਤੇ ਇਹ ਦਬਾਅ ਬਣਾਇਆ ਜਾਵੇ ਕਿ ਕਸ਼ਮੀਰ ਵਿੱਚ ਜਖ਼ਮੀਆਂ ਦਾ ਇਲਾਜ ਸਹੀ ਢੰਗ ਨਾਲ ਕੀਤਾ ਜਾਵੇ।
ਕਸ਼ਮੀਰ ਵਿੱਚ ਬੁਰਹਾਨ ਵਾਨੀ ਦੇ ਸੁਰੱਖਿਆ ਬਲਾਂ ਦੁਆਰਾ ਮਾਰੇ ਜਾਣ ਤੋਂ ਬਾਅਦ ਰਾਜ ਵਿੱਚ ਵੱਡੇ ਪੱਧਰ ਤੇ ਵਿਰੋਧ ਪ੍ਰਦਰਸ਼ਨ ਹੋਏ ਸਨ। ਇਨ੍ਹਾਂ ਰੋਸ ਮੁਜਾਹਿਰਿਆਂ ਨੂੰ ਕੰਟਰੋਲ ਕਰਨ ਲਈ ਸੁਰੱਖਿਆ ਦਸਤਿਆਂ ਦੁਆਰਾ ਬਲ ਦੀ ਵਰਤੋਂ ਕੀਤੀ ਗਈ, ਜਿਸ ਨਾਲ ਕੁਝ ਲੋਕ ਮਾਰੇ ਗਏ ਸਨ ਅਤੇ ਭਾਰੀ ਗਿਣਤੀ ਵਿੱਚ ਜਖ਼ਮੀ ਵੀ ਹੋਏ ਸਨ। ਪ੍ਰਧਾਨਮੰਤਰੀ ਸ਼ਰੀਫ਼ ਇਨ੍ਹਾਂ ਜਖ਼ਮੀਆਂ ਦੇ ਇਲਾਜ ਲਈ ਅੰਤਰਰਾਸ਼ਟਰੀ ਭਾਈਚਾਰੇ ਕੋਲ ਆਵਾਜ਼ ਉਠਾ ਰਹੇ ਹਨ।
ਪਾਕਿਸਤਾਨੀ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਦਾ ਕਹਿਣਾ ਹੈ ਕਿ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਸਬੰਧੀ ਸੰਕਟ ਦੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਨੇ ਅੰਤਰਰਾਸ਼ਟਰੀ ਪੱਧਰ ਤੇ ਇਹ ਵੀ ਅਪੀਲ ਕੀਤੀ ਹੈ ਕਿ ਕਸ਼ਮੀਰ ਵਿੱਚ ਮੈਡੀਕਲ ਸਹਾਇਤਾ ਭੇਜੀ ਜਾਵੇ। ਉਨ੍ਹਾਂ ਅਨੁਸਾਰ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਦੁਆਰਾ ਪੈਲੇਟ ਗੰਨ ਦਾ ਇਸਤੇਮਾਲ ਕੀਤੇ ਜਾਣ ਕਰਕੇ ਲੋਕਾਂ ਦੀਆਂ ਅੱਖਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਇਸ ਲਈ ਉਨ੍ਹਾਂ ਨੇ ਅੱਖਾਂ ਦੇ ਇਲਾਜ ਵੱਲ ਸਪੈਸ਼ਲ ਧਿਆਨ ਦੇਣ ਦੀ ਗੱਲ ਕੀਤੀ ਹੈ।
ਉਨ੍ਹਾਂ ਨੇ ਭਾਰਤ ਤੇ ਇਹ ਆਰੋਪ ਲਗਾਇਆ ਹੈ ਕਿ ਸੁਰੱਖਿਆ ਬਲ ਇਨ੍ਹਾਂ ਜਖ਼ਮੀਆਂ ਦੇ ਇਲਾਜ ਵਿੱਚ ਮੁਸ਼ਕਿਲਾਂ ਖੜੀਆਂ ਕਰ ਰਹੇ ਹਨ। ਸ਼ਰੀਫ਼ ਨੇ ਅੰਤਰਰਾਸ਼ਟਰੀ ਭਾਈਚਾਰੇ ਤੋਂ ਇਹ ਮੰਗ ਕੀਤੀ ਹੈ ਕਿ ਭਾਰਤ ਤੇ ਸੁਰੱਖਿਆ ਬਲਾਂ ਦੁਆਰਾ ਕੀਤੀ ਜਾ ਰਹੀ ਕਾਰਵਾਈ ਨੂੰ ਰੋਕਣ ਲਈ ਦਬਾਅ ਬਣਾਇਆ ਜਾਵੇ।