ਅੰਮ੍ਰਿਤਸਰ :- ਮਹਾਨ ਕੁਰਬਾਨੀਆਂ ਉਪਰੰਤ ਹੋਂਦ ’ਚ ਆਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜਨ, ਸਿਆਸੀ ਲਾਹਾ ਲੈਣ ਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕੀਤੇ ਜਾਣ ਦੀ ਭਾਵਨਾ ਨਾਲ ਹਰਿਆਣਾ ਦੀ ਕਾਂਗਰਸ ਸਰਕਾਰ ਵਲੋਂ ਹਰਿਆਣਾ ਪ੍ਰਾਂਤ ਦੇ ਇਤਿਹਾਸਕ ਗੁਰਧਾਮਾਂ ਦੀ ਵੱਖਰੀ ਪ੍ਰਬੰਧਕ ਕਮੇਟੀ ਬਨਾਉਣ ਲਈ ਦਿੱਤਾ ਬਿਆਨ ਕਾਂਗਰਸ ਵਲੋਂ ਘਟ-ਗਿਣਤੀ ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਸਿੱਧੀ ਦਖ਼ਲ-ਅੰਦਾਜ਼ੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ, ਇਸ ਕਾਰਵਾਈ ਦਾ ਡਟ ਕੇ ਵਿਧੀਬੱਧ ਤਰੀਕੇ ਨਾਲ ਮੁਕਾਬਲਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਇਜਲਾਸ 14 ਅਗਸਤ ਨੂੰ ਅੰਮ੍ਰਿਤਸਰ ਵਿਖੇ ਅਤੇ ਅੰਤਿੰਰਗ ਕਮੇਟੀ ਦੀ ਮੀਟਿੰਗ 10 ਅਗਸਤ ਨੂੰ ਚੰਡੀਗੜ੍ਹ ਵਿਖੇ ਬੁਲਾਈ ਗਈ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਦੇ ਉਲਟ ਹਰਿਆਣਾ ਸਰਕਾਰ ਦੇ ਇਸ ਕਦਮ ਨਾਲ ਸਿੱਖਾਂ ਵਿਚ ਖਾਨਾਜੰਗੀ ਵਾਲੇ ਹਾਲਾਤ ਪੈਦਾ ਨਾਂ ਹੋਣ, ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਹਰਿਆਣਾ ਸਰਕਾਰ ਨੂੰ ਅਜਿਹੀ ਕਾਰਵਾਈ ਤੋਂ ਰੋਕਣਾ ਚਾਹੀਦਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਇਥੋਂ ਜਾਰੀ ਇਕ ਪ੍ਰੈਸ ਰਲੀਜ਼ ’ਚ ਦਿੱਤਾ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਤੇ ਕੇਂਦਰ ਦੀਆਂ ਕਾਂਗਰਸ ਸਰਕਾਰਾਂ ਹਮੇਸ਼ਾਂ ਘੱਟ-ਗਿਣਤੀਆਂ, ਖਾਸ ਕਰਕੇ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਦਖਲ-ਅੰਦਾਜ਼ੀ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਬੇ ਸੰਘਰਸ਼ ਉਪਰੰਤ ਸਿੱਖ ਧਰਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰੂਪ ਵਿਚ ਹੋਂਦ ਵਿਚ ਆਈ ਸੀ, ਅਤੇ ਦੇਸ਼ ਦੀ ਆਜ਼ਾਦੀ ਉਪਰੰਤ ਪੰਡਿਤ ਨਹਿਰੂ- ਮਾਸਟਰ ਤਾਰਾ ਸਿੰਘ ਵਿਚਕਾਰ ਹੋਏ ਸਮਝੌਤੇ ਅਨੁਸਾਰ ਕੇਂਦਰ ਵਲੋਂ ਕਦੇ ਵੀ ਇਸ ਵਿਚ ਦਖਲ ਨਾ ਦੇਣ ਦਾ ਵਾਹਦਾ ਕੀਤਾ ਗਿਆ ਸੀ, ਐਪਰ ਇਸ ਦੇ ਉਲਟ ਜਦੋਂ ਵੀ ਕੇਂਦਰ ’ਚ ਕਾਂਗਰਸ ਦੀਆਂ ਸਰਕਾਰਾਂ ਆਈਆਂ, ਇਨ੍ਹਾਂ ਵਲੋਂ ਰਾਜਸੀ ਲਾਹਾ ਲੈਣ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਕਦੇ ਸਾਧ ਸੰਗਤ ਬੋਰਡ ਬਣਾ ਅਤੇ ਕਦੇ ਅਖੌਤੀ ਅਕਾਲੀ ਧੜੇ ਖੜੇ ਕਰਨ ਦੇ ਕੋਝੇ ਯਤਨ ਕੀਤੇ ਜਾਂਦੇ ਰਹੇ ਜੋ ਸਿੱਖ ਸੰਗਤਾਂ ਦੇ ਰੋਹ ਅੱਗੇ ਕਦੇ ਵੀ ਨਾਂ ਟਿਕ ਸਕੇ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਮੌਜੂਦਾ ਕਾਂਗਰਸ ਸਰਕਾਰ ਵਲੋਂ ਰਾਜ ਵਿਚ ਚੋਣਾਂ ਮੌਕੇ ਸਿਆਸੀ ਲਾਹਾ ਲੈਣ ਅਤੇ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਦਾ ਕੋਝਾ ਤੇ ਗੈਰ-ਕਾਨੂੰਨੀ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ, ਹਿਮਾਚਲ ਤੇ ਚੰਡੀਗੜ੍ਹ ਦੇ ਗੁਰਧਾਮਾਂ ਦਾ ਗੁਰਮਤਿ ਮਰਯਾਦਾ ਅਨੁਸਾਰ ਪ੍ਰਬੰਧ ਸਿੱਖ ਜਗਤ ਦੀਆਂ ਵੋਟਾਂ ਨਾਲ ਚੁਣੇ ਹੋਏ ਨੁਮਾਇੰਦੇ ਕਰਦੇ ਹਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਮਕਾਜ ਜਾਂ ਨਿਯਮਾਂ ’ਚ ਕਿਸੇ ਵੀ ਪ੍ਰਕਾਰ ਦੀ ਸੋਧ ਕਰਨ ਲਈ ਇਹ ਸੰਸਥਾ ਆਪਣੇ ਜਨਰਲ ਇਜਲਾਸ ’ਚ ਬਾਕਾਇਦਾ ਬਹੁਸੰਮਤੀ ਨਾਲ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਦੀ ਹੈ ਜਿਸ ਦੇ ਅਧਾਰ ਪੁਰ ਕੇਂਦਰ ਸਰਕਾਰ ਲੋੜੀਦੀਆਂ ਸੋਧਾਂ ਦੇ ਨੋਟੀਫਿਕੇਸ਼ਨ ਕਰਕੇ ਸ਼੍ਰੋਮਣੀ ਕਮੇਟੀ ਨੂੰ ਜਾਣੂੰ ਕਰਾਉਂਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਜਗਤ ਵਲੋਂ ਕੀਤੀਆਂ ਵੱਡੀਆਂ ਕੁਰਬਾਨੀਆਂ ਉਪਰੰਤ ਹੋਂਦ ਵਿਚ ਆਈ ਸੀ ਲੇਕਿਨ ਅੱਜ ਹਰਿਆਣਾ ਦੀ ਕਾਂਗਰਸ ਸਰਕਾਰ ਵਲੋਂ ਬੋਗਸ ਕਿਸਮ ਦੇ ਕੁਝ ਗਿਣਤੀ ਦੇ ਹਲਫੀਆ ਬਿਆਨਾਂ ਨੂੰ ਹਰਿਆਣਾ ’ਚ ਸਿੱਖਾਂ ਦੀ ਵੱਖਰੀ ਕਮੇਟੀ ਦੀ ਮੰਗ ਦੱਸ ਕੇ ਇਸ ਸੰਸਥਾ ਦੀਆਂ ਉਚੀਆਂ-ਸੁੱਚੀਆਂ ਕਦਰਾਂ-ਕੀਮਤਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਹੁੱਡਾ ਦੇ ਬਿਆਨ ਦੀ ਨਜ਼ਾਕਤ ਨੂੰ ਭਾਂਪਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਸਿੱਖ ਸ਼ਕਤੀ ਨੂੰ ਵੰਡਣ ਤੋਂ ਰੋਕਣ ਅਤੇ ਅਗਲੀ ਰਣਨੀਤੀ ਤਿਆਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ 10 ਅਗਸਤ ਨੂੰ ਸਵੇਰੇ 11 ਵਜੇ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਅਤੇ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ 14 ਅਗਸਤ ਨੂੰ ਬਾਅਦ ਦੁਪਹਿਰ ਇਕ ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੰਤਿੰ੍ਰਗ ਕਮੇਟੀ ਦੀ ਇਕੱਤਰਤਾ ਦੌਰਾਨ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਨੂੰ ਰੋਕਣ ਲਈ ਕੀਤੇ ਫੈਸਲੇ ਨੂੰ ਜਨਰਲ ਇਜਲਾਸ ’ਚ ਪੇਸ਼ ਕਰਕੇ ਇਸ ਦੀ ਪੁਸ਼ਟੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਇਕ ਸਿੱਖ ਵਜੋਂ ਸਿੱਖਾਂ ਦੀ ਧਾਰਮਿਕ ਭਾਵਨਾਂ ਨੂੰ ਭਲੀ ਭਾਂਤ ਸਮਝਦੇ ਹਨ, ਉਨ੍ਹਾਂ ਨੂੰ ਤੁਰੰਤ ਇਸ ਮਸਲੇ ’ਚ ਦਖਲ ਦਿੰਦਿਆਂ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।