ਅੰਮ੍ਰਿਤਸਰ – ਸਰਬੰਸਦਾਨੀ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੀਆਂ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਜਪੁਜੀ ਸਾਹਿਬ ਦਾ ਪਾਠ ਕੀਤਾ ਅਤੇ ਆਰੰਭਤਾ ਦੀ ਅਰਦਾਸ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਨੇ ਕੀਤੀ। ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਅੰਦਰ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕਰਕੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਭੇਟ ਕੀਤੇ। ਫੁੱਲਾਂ ਨਾਲ ਸਜੀ ਹੋਈ ਪਾਲਕੀ ਸਾਹਿਬ ਵਾਲੀ ਬੱਸ ਅੰਦਰ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਬਿਆ ਬੈਠੈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ। ਇਸ ਸਮੇਂ ਧਾਰਮਿਕ ਸ਼ਖਸੀਅਤਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਇਲਾਵਾ, ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ, ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਜੋਗਾ ਸਿੰਘ ਕਰਨਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਮੁੱਖ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਫੂਲਾ ਸਿੰਘ ਸਮੇਤ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ। ਨਗਰ ਕੀਰਤਨ ਅੰਦਰ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੇ ਮੂਲ ਮੰਤਰ ਦਾ ਜਾਪ ਕਰਦਿਆਂ ਹੋਇਆਂ ਹਾਜ਼ਰੀ ਭਰੀ। ਇਸ ਤੋਂ ਇਲਾਵਾ ਧਾਰਮਿਕ ਸਭਾ ਸੁਸਾਇਟੀਆਂ, ਗੱਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਨੇ ਵੀ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਖਾਲਸਾਈ ਜਾਹੋ-ਜਲਾਲ ਨਾਲ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸੰਪੰਨ ਹੋਇਆ।
ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਸੰਗਤਾਂ ਜਿਥੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀਆਂ ਸ਼ਹਾਦਤਾਂ ਨੂੰ ਯਾਦ ਕਰਦੀਆਂ ਹਨ, ਉਥੇ ਨਾਲ ਹੀ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਨੂੰ ਵੀ ਸਤਿਕਾਰ ਨਾਲ ਯਾਦ ਕਰਦੀਆਂ ਹਨ, ਜਿਨ੍ਹਾਂ ਦੀ ਵਡਮੁੱਲੀ ਕੁਰਬਾਨੀ ਨੂੰ ਵਿਸਾਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਕਾ ਸਰਹਿੰਦ ਸਿੱਖ ਕੌਮ ਦੀ ਮਾਨਸਿਕਤਾ ਦਾ ਸਦੀਵੀ ਹਿਸਾ ਬਣ ਚੁੱਕਾ ਅਤੇ ਸਰਹਿੰਦ ਦੀਆਂ ਨੀਹਾਂ ਵਿੱਚੋਂ ਕੌਮ ਨੂੰ ਹਮੇਸ਼ਾਂ ਜੋਸ਼ ਅਤੇ ਜਜ਼ਬਾ ਪ੍ਰਾਪਤ ਹੁੰਦਾ ਰਹੇਗਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਆਪਣੀਆਂ ਅਦੁੱਤੀ ਸ਼ਹਾਦਤਾਂ ਨਾਲ ਜੋ ਇਤਿਹਾਸ ਸਿਰਜਿਆ ਹੈ, ਉਹ ਦੁਨੀਆਂ ਦੇ ਧਾਰਮਿਕ ਇਤਿਹਾਸ ਨਾਲੋਂ ਵੱਖਰਾ ਅਤੇ ਲਾਸਾਨੀ ਹੈ ਜਿਸ ਦਾ ਕੋਈ ਮੁਕਾਬਲਾ ਨਹੀਂ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਜਦੋਂ ਅਸੀਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ ਤਾਂ ਇਸ ਮੌਕੇ ਸਾਡਾ ਮੁੱਢਲਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਅੰਦਰ ਝਾਤੀ ਮਾਰੀਏ। ਉਨ੍ਹਾਂ ਕਿਹਾ ਕਿ ਸਾਡੀ ਅਕਸਰ ਇਹ ਚਿੰਤਾ ਰਹਿੰਦੀ ਹੈ ਕਿ ਸਾਡੀ ਨੌਜਵਾਨੀ ਆਪਣੇ ਵਿਰਸੇ ਨਾਲੋਂ ਟੁੱਟਦੀ ਜਾ ਰਹੀ ਲੇਕਿਨ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਪ੍ਰਰਨਾਮਈ ਇਤਿਹਾਸ ਦੇ ਸਨਮੁੱਖ ਕਰਾਵਾਂਗੇ ਤਾਂ ਨਿਰਸੰਦੇਹ ਉਨ੍ਹਾਂ ਅੰਦਰ ਸਿੱਖੀ ਜਜ਼ਬਾ ਦ੍ਰਿੜ੍ਹ ਹੋਵੇਗਾ ਅਤੇ ਉਹ ਬਾਣੀ ਅਤੇ ਬਾਣੇ ਨਾਲ ਜੁੜਨਗੇ। ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਬਾਅਦ ਜਬਰ ਤੇ ਜ਼ੁਲਮ ਦਾ ਨਾਸ ਕਰਨ ਵਾਲੇ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੇ ਇਤਿਹਾਸ ਨੂੰ ਇਹ ਮਾਣ ਵੀ ਹਾਸਲ ਹੈ ਕਿ ਸਿੱਖ ਕੌਮ ਜੁਲਮ ਅਤੇ ਜਾਲਮ ਦਾ ਨਾਸ ਕਰਨ ਦਾ ਜਿਗਰਾ ਵੀ ਰੱਖਦੀ ਹੈ। ਉਨ੍ਹਾਂ ਕਿਹਾ ਕਿ ਐਨੀ ਮਹਾਨ ਪਰੰਪਰਾ ਦੀ ਵਾਰਸ ਸਿੱਖ ਕੌਮ ਨੂੰ ਇਕਜੁੱਟ ਤੇ ਇੱਕਮੁੱਠ ਹੋ ਕੇ ਕੌਮੀ ਸੰਗਠਨ ਦੀ ਭਾਨਵਾ ਦਾ ਪ੍ਰਗਟਾਵਾ ਕਰਨਾ ਅਤਿ ਲੋੜੀਂਦਾ ਹੈ ਤਾਂ ਜੋ ਪੂਰੀ ਦੁਨੀਆਂ ਅੰਦਰ ਸਿੱਖ ਕੌਮ ਦੀ ਚੜ੍ਹਦੀ ਕਲਾ ਦੇ ਝੰਡੇ ਬੁਲੰਦ ਰਹਿਣ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਦਸਮ ਪਾਤਸ਼ਾਹ ਜੀ ਦੇ ਛੋਟੇ ਲਾਲਾਂ ਅਤੇ ਮਾਤਾ ਜੀ ਦੇ ਜੀਵਨ ਤੇ ਸ਼ਹਾਦਤ ਤੋਂ ਸਮੁੱਚੀ ਲੋਕਾਈ ਨੂੰ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸਾਕਾ ਸਰਹੰਦ ਦਾ ਦਿਹਾੜਾ ਸਮੁੱਚੀ ਕੌਮ ਦੇ ਹਿਰਦਿਆਂ ਨੂੰ ਪੀੜਾ ਦੇ ਰੂਬਰੂ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਵੱਲੋਂ ਸਾਰਾ ਸਰਬੰਸ ਕੁਰਬਾਨ ਕਰਵਾਉਣ ਉਪਰੰਤ ਵੀ ਉਨ੍ਹਾਂ ਦੀਆਂ ਅੱਖਾਂ ਵਿਚ ਇੱਕ ਵੀ ਹੰਝੂ ਨਹੀਂ ਸੀ ਸਗੋਂ ਸਵੈਮਾਣ ਅਤੇ ਤਸੱਲੀ ਦਾ ਪ੍ਰਗਟਾਵਾ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜੈਪਾਲ ਸਿੰਘ ਮੰਡੀਆਂ ਤੇ ਸ. ਗੁਰਮੇਲ ਸਿੰਘ ਸੰਗਤਪੁਰਾ, ਮੈਂਬਰ ਸ. ਰਵਿੰਦਰ ਸਿੰਘ ਖਾਲਸਾ, ਸ. ਅਵਤਾਰ ਸਿੰਘ ਰਿਆ, ਸ. ਕਰਨੈਲ ਸਿੰਘ ਪੰਜੋਲੀ ਤੇ ਸ. ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਨਿੱਜੀ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ, ਡਾ. ਪਰਮਜੀਤ ਸਿੰਘ ਸਰੋਆ ਤੇ ਸ. ਕੇਵਲ ਸਿੰਘ ਐਡੀ. ਸਕੱਤਰ, ਸ. ਕੁਲਵਿੰਦਰ ਸਿਮਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਸਕੱਤਰ ਸਿੰਘ ਤੇ ਸ. ਹਰਜੀਤ ਸਿੰਘ ਮੀਤ ਸਕੱਤਰ, ਸੀਨੀਅਰ ਅਕਾਲੀ ਆਗੂ ਸ. ਦਰਬਾਰਾ ਸਿੰਘ ਗੁਰੂ, ਸ. ਦੀਦਾਰ ਸਿੰਘ ਭੱਟੀ ਤੇ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਫੈਡਰੇਸ਼ਨ ਆਗੂ ਸ. ਕਰਨੈਲ ਸਿੰਘ ਪੀਰ ਮੁਹੰਮਦ, ਸ. ਦਲਮੇਘ ਸਿੰਘ ਸਾਬਕਾ ਸਕੱਤਰ, ਸ. ਨੱਥਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਇਲਾਵਾ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਹਾਜ਼ਰ ਸਨ।