ਅੰਮ੍ਰਿਤਸਰ – ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਉਹ ਵਿਸ਼ੇਸ਼ ਤੌਰ ‘ਤੇ ਸਰਬੰਸਦਾਨੀ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਸਫਲਤਾ ਸਹਿਤ ਸੰਪੰਨ ਹੋਏ ਸਮਾਗਮਾਂ ਲਈ ਸਤਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਇਥੇ ਪਹੁੰਚੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਡਾ. ਦਲਜੀਤ ਸਿੰਘ ਚੀਮਾ ਕੈਬਨਿਟ ਮੰਤਰੀ ਪੰਜਾਬ, ਜਨਰਲ ਸਕੱਤਰ ਸ. ਅਮਰਜੀਤ ਸਿੰਘ ਚਾਵਲਾ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਜੈਪਾਲ ਸਿੰਘ ਮੰਡੀਆਂ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਕੁਲਵੰਤ ਸਿੰਘ ਮੰਨਣ ਤੇ ਬੀਬੀ ਜੋਗਿੰਦਰ ਕੌਰ ਬਠਿੰਡਾ ਅੰਤ੍ਰਿੰਗ ਮੈਂਬਰ, ਮੈਂਬਰਾਨ ਸ਼੍ਰੋਮਣੀ ਕਮੇਟੀ ਅਤੇ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਉਨ੍ਹਾਂ ਨਾਲ ਸ੍ਰੀ ਰਾਜੀਵ ਰਾਜਨ ਸਿੰਘ ਵਾਟਰ ਰੀਸੋਰਸ ਪਲੈਨਿੰਗ ਐਂਡ ਡਿਵੈਲਪਮੈਂਟ ਮੰਤਰੀ, ਸ. ਜੇ. ਐਸ. ਕੰਗ ਆਈ. ਏ. ਐਸ., ਸ। ਬਲਜੀਤ ਸਿੰਘ ਆਈ. ਪੀ. ਐਸ., ਸ੍ਰੀ ਚੈਂਚਲ ਕੁਮਾਰ ਪ੍ਰਿੰਸੀਪਲ ਸਕੱਤਰ, ਸ੍ਰੀ ਆਤਿਸ਼ ਚੰਦਰਾ ਪ੍ਰਿੰਸੀਪਲ ਸਕੱਤਰ ਚੀਫ ਮਨਿਸਟਰ, ਸ੍ਰੀ ਅੰਜਲੀ ਕੁਮਾਰ ਚੀਫ ਸੈਕਟਰੀ, ਸ੍ਰੀ ਚੇਤੰਨਯ ਪ੍ਰਸ਼ਾਦ ਪ੍ਰਿੰਸੀਪਲ ਸਕੱਤਰ, ਸ੍ਰੀ ਦੀਪੇਨ ਕੁਮਾਰ ਰੈਜੀਡੈਂਸ ਕਮਿਸ਼ਨ ਬਿਹਾਰ, ਏ. ਕੇ. ਸਿੰਘ ਸਕੱਤਰ ਈਰੀਗੇਸ਼ਨ, ਸ੍ਰੀ ਅਰੁਣ ਕੁਮਾਰ ਪ੍ਰਿੰਸੀਪਲ ਸਕੱਤਰ ਅਤੇ ਸ੍ਰੀ ਬਿਨੋਦ ਕੁਮਾਰ ਡੀ. ਆਈ. ਜੀ. ਵੀ ਗੁਰੂ-ਘਰ ਦੇ ਦਰਸ਼ਨ ਕਰਨ ਲਈ ਪਹੁੰਚੇ। ਸ੍ਰੀ ਨਿਤਿਸ਼ ਕੁਮਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਕੁਝ ਸਮਾਂ ਕੀਰਤਨ ਸਰਵਣ ਕੀਤਾ। ਉਨ੍ਹਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕੀਤਾ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਣ ਗਏ।
ਸ੍ਰੀ ਨਿਤਿਸ਼ ਕੁਮਾਰ ਦੀ ਆਮਦ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਸਮਾਗਮ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸ੍ਰੀ ਸਾਹਿਬ, ਲੋਈ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨਾਲ ਆਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ੍ਰੀ ਨਿਤਿਸ਼ ਕੁਮਾਰ ਨੇ ਪ੍ਰੈਸ ਨਾਲ ਆਪਣੀ ਸੰਖੇਪ ਗੱਲਬਾਤ ਵਿਚ ਕਿਹਾ ਕਿ ਉਹ ਆਪਣੇ ਮਨ ਦੀ ਇੱਛਾ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਤਿਗੁਰੂ ਜੀ ਦਾ ਸ਼ੁਕਰਾਨਾ ਕਰਨ ਲਈ ਆਏ ਹਨ ਅਤੇ ਉਨ੍ਹਾਂ ਨੂੰ ਇਥੇ ਆ ਕੇ ਮਾਨਸਿਕ ਤ੍ਰਿਪਤੀ ਪ੍ਰਾਪਤ ਹੋਈ ਹੈ। ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਦਸਮ ਪਾਤਸ਼ਾਹ ਜੀ ਦੇ ੩੫੦ ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੀਤੇ ਗਏ ਵਧੀਆ ਪ੍ਰਬੰਧਾਂ ਅਤੇ ਸੇਵਾਵਾਂ ਦੇ ਮੱਦੇਨਜ਼ਰ ਸ੍ਰੀ ਨਿਤਿਸ਼ ਕੁਮਾਰ ਨੂੰ ਆਉਂਦੇ ਦਿਨਾਂ ਵਿਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ। ਪ੍ਰੋ: ਬਡੂੰਗਰ ਨੂੰ ਸ੍ਰੀ ਨਿਤਿਸ਼ ਕੁਮਾਰ ਦੀ ਇਸ ਫੇਰੀ ਦੇ ਅਨੁਭਵ ਸਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ੍ਰੀ ਨਿਤਿਸ਼ ਕੁਮਾਰ ਨੇ ਪੰਜਾਬ ਦੇ ਵਾਤਾਵਰਨ ਅਤੇ ਖਾਸਕਰ ਸਿੱਖ ਧਰਮ ਦੀ ਮਹਾਨਤਾ ਤੋਂ ਪ੍ਰਭਾਵਿਤ ਹੋਣ ਦੀ ਗੱਲ ਆਖੀ ਹੈ।