ਨਵੀਂ ਦਿੱਲੀ – ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਸ੍ਰ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਸਥਿਤੀ ਉਸ ਵੇਲੇ ਹੋਰ ਮਜਬੂਤ ਹੋ ਗਈ ਜਦੋਂ ਵੱਖ ਵੱਖ ਪੰਥਕ ਜਥੇਬੰਦੀਆਂ ਨੇ ਉਹਨਾਂ ਨੂੰ ਬਿਨਾਂ ਸ਼ਰਤ ਹਮਾਇਤ ਦੇਣ ਦਾ ਐਲਾਨ ਕਰਦਿਆਂ ਦਿੱਲੀ ਦੀ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਗ੍ਰੰਥ ਤੇ ਗੁਰੂ ਪੰਥ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰ੍. ਸਰਨਾ ਨੂੰ ਕਾਮਯਾਬ ਕਰਨਾ ਬਹੁਤ ਜ਼ਰੂਰੀ ਹੈ।
ਸ੍ਰ. ਸਰਨਾ ਨੂੰ ਲਿਖਤੀ ਰੂਪ ਵਿੱਚ ਹਮਾਇਤ ਦੇਣ ਦਾ ਭਰੋਸਾ ਦਿੰਦਿਆਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚੱਲਦਾ ਵਹੀਰ ਚੱਕਰਵਰਤੀ ਨਿਹੰਗ ਸਿੰਘਾਂ ਪੰਜਾਬ ਹਿੰਦੋਸਤਾਨ ਦੇ ਮੁੱਖੀ ਸਿੰਘ ਸਾਹਿਬ ਬਾਬਾ ਪ੍ਰੇਮ ਸਿੰਘ ਜੀ (ਹਜੂਰ ਸਾਹਿਬ ਵਾਲੇ) ਅਕਾਲੀ 96 ਕਰੋੜੀ ਨੇ ਸ੍ਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ ਹਮਾਇਤ ਦੇਣ ਦਾ ਐਲਾਨ ਕਰਦਿਆ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਦੇ ਦੋਸ਼ੀਆ ਨੂੰ ਸਜਾਵਾਂ ਨਾ ਦੇਣ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆ ਨੂੰ ਗ੍ਰਿਫਤਾਰ ਨਾ ਕਰਨਾ ਅਤੇ ਚਾਰ ਸਿੱਖ ਨੌਜਵਾਨਾਂ ਦੇ ਕਤਲ ਦੇ ਜਿੰਮੇਵਾਰ ਸਿਰਸਾ ਸਾਧ ਨੂੰ ਬਿਨਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਪੇਸ਼ ਹੋਣ ਅਤੇ ਬਿਨਾਂ ਮੰਗੇ ਮੁਆਫੀ ਦੇਣ ਦੀ ਕੀਤੀ ਬੱਜਰ ਗਲਤੀ ਨਾਲ ਸਿੱਖ ਪੰਥ ਦੇ ਹਿਰਦੇ ਵਲੂੰਧਰੇ ਗਏ ਹਨ। ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਦਿੱਲੀ ਕਮੇਟੀ ਤੇ ਕਾਬਜ ਮੌਜੂਦਾ ਮਨਜੀਤ ਸਿੰਘ ਜੀ ਕੇ ਤੇ ਮਨਜਿੰਦਰ ਸਿੰਘ ਸਿਰਸਾ ਵੱਲੋ ਗੁਰੂ ਦੀ ਗੋਲਕ ਵਿੱਚੋ ਲੱਖਾਂ ਰੁਪਏ ਖਰਚ ਕਰਕੇ ਜਥੇਦਾਰ ਦਾ ਦਿੱਲੀ ਤੋ ਅੰਮ੍ਰਿਤਸਰ ਹਵਾਈ ਜਹਾਜ ਰਾਹੀ ਜਾ ਕੇ ਧੰਨਵਾਦ ਕੀਤਾ ਕਿ ਉਹਨਾਂ ਨੇ ਸੌਦਾ ਸਾਧ ਨੂੰ ਮੁਆਫੀ ਦੇ ਕੇ ਬਹੁਤ ਸ਼ਲਾਘਾਯੋਗ ਕਾਰਜ ਕੀਤਾ ਹੈ। ਉਹਨਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰ. ਪਰਮਜੀਤ ਸਿੰਘ ਸਰਨਾ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇ ਤਾਂ ਕਿ ਮਰਿਆਦਾ ਤੇ ਗੁਰੂ ਘਰਾਂ ਦੀ ਪਹਿਰੇਦਾਰੀ ਨੂੰ ਯਕੀਨੀ ਬਣਾਇਆ ਜਾ ਸਕੇ।
ਇਸੇ ਤਰ੍ਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਖਾਲਸਾ) ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਵੀ ਸ੍ਰ. ਪਰਮਜੀਤ ਸਿੰਘ ਸਰਨਾ ਦੀ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਹਮਾਇਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਸਿੱਖ ਪੰਥ ਨਾਲ ਬਹੁਤ ਵੱਡਾ ਧ੍ਰੋਹ ਕਮਾਇਆ ਹੈ। ਉਹਨਾਂ ਕਿਹਾ ਕਿ ਕਦੇ ਸੌਦਾ ਸਾਧ ਨੂੰ ਬਿਨਾਂ ਸ਼ਰਤ ਮੁਆਫੀ ਦੇ ਕੇ, ਕਦੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਬਜਾਏ ਨਿਰਦੋਸ਼ ਸਿੱਖਾਂ ਵਿਰੁੱਧ ਪਰਚਾ ਦਰਜ ਕਰਨ ਤੇ ਕਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਕਰਨ, ਕਦੇ ਅਰਦਾਸ ਦੀ ਬੇਅਦਬੀ ਕਰਨ ਵਰਗੇ ਸਿੱਖ ਪੰਥ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਦਿੱਲੀ ਵਿੱਚ ਵੀ ਗੁਰੂ ਦੀ ਗੋਲਕ ਨੂੰ ਲੁੱਟਣ ਤੇ ਸਿੱਖ ਸੰਸਥਾਵਾਂ ਨੂੰ ਬੰਦ ਕਰਨ ਦੇ ਵੱਡੇ ਪੰਥ ਵਿਰੋਧੀ ਕਾਰਜ ਕਰਕੇ ਅਕਾਲੀ ਦਲ ਬਾਦਲ ਨੇ ਬਹੁਤ ਘਿਨਾਉਣੇ ਕਾਰਜ ਕੀਤੇ ਹਨ। ਉਹਨਾਂ ਦਿੱਲੀ ਦੀ ਸੰਗਤ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਅਕਾਲੀ ਦਲ ਬਾਦਲ ਦਾ ਬਾਈਕਾਟ ਕਰਨ ਤੇ ਸ੍ਰ. ਪਰਮਜੀਤ ਸਿੰਘ ਸਰਨਾ ਦੀ ਜਿੱਤ ਨੂੰ ਯਕੀਨੀ ਬਣਾਉਣ। ਸ੍ਰ. ਸਰਨਾ ਨੂੰ ਹਮਾਇਤ ਦੇਣ ਲਈ ਉਹਨਾਂ ਦੇ ਨਾਲ ਭਾਈ ਅਮਰਜੀਤ ਸਿੰਘ ਧੂਲਕਾ ਸੀਨੀਅਰ ਮੀਤ ਪ੍ਰਧਾਨ, ਬਾਬਾ ਦਲਵਿੰਦਰ ਸਿੰਘ ਮੁੱਖ ਬੁਲਾਰੇ, ਭਾਈ ਸੁਖਵਿੰਦਰ ਸਿੰਘ ਗੋਲਡੀ, ਬਾਬਾ ਬਲਦੇਵ ਸਿੰਘ ਦਿੱਲੀ, ਭਾਈ ਤੋਤਾ ਸਿੰਘ ਮਾਸਟਰ, ਭਾਈ ਨਿਰਮਲ ਸਿੰਘ ਘੱਗਾ ਵੀ ਹਾਜਰ ਸਨ।
ਸ੍ਰੀ ਨਿਰਮਲ ਮਾਲਵਾਂ ਮੰਡਲ ਰਜਿ. ਪੰਜਾਬ ਦੇ ਮੀਤ ਪ੍ਰਧਾਨ ਸੰਤ ਬਾਬਾ ਸੰਤਾ ਸਿੰਘ ਪਟਿਆਲੇ ਵਾਲੇ ਨੇ ਵੀ ਸ੍ਰ. ਪਰਮਜੀਤ ਸਿੰਘ ਸਰਨਾ ਦੇ ਨਿਵਾਸ ਸਥਾਨ ਦੀ ਹਮਾਇਤ ਦਾ ਐਲਾਨ ਕਰਦਿਆ ਕਿਹਾ ਕਿ ਸਮੁੱਚਾ ਨਿਰਮਲਾ ਸਮਾਜ ਸ੍ਰ. ਪਰਮਜੀਤ ਸਿੰਘ ਸਰਨਾ ਦਾ ਦਿੱਲੀ ਕਮੇਟੀ ਦੀਆ ਚੋਣਾਂ ਵਿੱਚ ਹਮਾਇਤ ਕਰਦਾ ਹੈ ਅਤੇ ਸ੍ਰ. ਸਰਨਾ ਦੀ ਕਾਮਯਾਬੀ ਨੂੰ ਬਣਾਉਣ ਲਈ ਦਿੱਲੀ ਦੀਆ ਸਿੱਖ ਸੰਗਤਾਂ ਨੂੰ ਅਪੀਲ ਕਰਦਾ ਹੈ ਉਹ ਪੰਥ ਦੋਖੀਆ ਨੂੰ ਭਾਂਜ ਦੇ ਕੇ ਦਿੱਲੀ ਕਮੇਟੀ ਵਿੱਚ ਸਾਫ ਸੁਥਰਾ ਪ੍ਰਸ਼ਾਸ਼ਨ ਸਥਾਪਤ ਕਰਨ ਨੂੰ ਸ੍ਰ. ਸਰਨਾ ਦੀ ਜਿੱਤ ਨੂੰ ਯਕੀਨੀ ਬਣਾਉਣ।