ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਹਾਲ ਹੀ ਵਿੱਚ ਹੋਏ ਅੱਤਵਾਦੀ ਹਮਲਿਆਂ ਬਾਰੇ ਕਿਹਾ ਕਿ ਇਹ ਪਾਕਿਸਤਾਨ ਦੀ ਉਨਤੀ ਤੋਂ ਘਬਰਾਏ ਲੋਕਾਂ ਦਾ ਕੰਮ ਹੈ। ਉਨ੍ਹਾਂ ਨੇ ਭਾਰਤ ਵੱਲ ਵੀ ਦੋਸਤੀ ਦਾ ਹੱਥ ਵਧਾਉਂਦੇ ਹੋਏ ਕਿਹਾ ਕਿ ਇਸਲਾਮਾਬਾਦ ਅਤੇ ਨਵੀਂ ਦਿੱਲੀ ਨੂੰ ਮਿੱਤਰਤਾ ਪੂਰਣ ਅਤੇ ਬੇਹਤਰ ਰਿਸ਼ਤੇ ਸਥਾਪਿਤ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਇੱਕ ਦੂਸਰੇ ਦੇ ਖਿਲਾਫ਼ ਸਾਜਿਸ਼ਾਂ ਵਿੱਚ ਸ਼ਾਮਿਲ ਹੋਣ ਤੋਂ ਬੱਚਣਾ ਚਾਹੀਦਾ ਹੈ।
ਪਿੱਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ਵਿੱਚ ਖਾਸੀ ਤੱਲਖੀ ਆਈ ਹੈ। ਦੋਵਾਂ ਦੇਸ਼ਾਂ ਦੁਆਰਾ ਇੱਕ ਦੂਸਰੇ ਸਬੰਧੀ ਭੜਕਾਊ ਬਿਆਨਬਾਜ਼ੀ ਹੀ ਕੀਤੀ ਜਾਂਦੀ ਰਹੀ ਹੈ। ਪਰ ਅਚਾਨਕ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੇ ਆਪਣੀ ਤੁਰਕੀ ਯਾਤਰਾ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਬੰਧ ਬੇਹਤਰ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਪਿੱਛਲੇ ਦਿਨੀਂ ਪਾਕਿਸਤਾਨ ਵਿੱਚ ਹੋਏ ਅੱਤਵਾਦੀ ਹਮਲਿਆਂ ਦੇ ਸਬੰਧ ਵਿੱਚ ਬੋਲਦੇ ਹੋਏ ਕਿਹਾ ਕਿ ਇਹ ਉਨ੍ਹਾਂ ਲੋਕਾਂ ਦਾ ਕਾਰਨਾਮਾ ਹੈ ਜੋ ਕਿ ਪਾਕਿਸਤਾਨ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰਦੇ।
ਪ੍ਰਧਾਨਮੰਤਰੀ ਸ਼ਰੀਫ਼ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਹਾਲ ਵਿੱਚ ਅੱਤਵਾਦ ਨੂੰ ਸਮਾਪਤ ਕਰਨ ਦੇ ਲਈ ਵੱਚਨਬਧ ਹੈ। ਉਨ੍ਹਾਂ ਨੇ ਕਿਹਾ ਕਿ ਸਾਡਾ ਇਹ ਦ੍ਰਿੜ ਨਿਸ਼ਚਾ ਹੈ ਕਿ ਜਿੰਨਾਂ ਲੋਕਾਂ ਨੂੰ ਪਾਕਿਸਤਾਨ ਦੀ ਤਰੱਕੀ ਭਾਅ ਨਹੀਂ ਰਹੀ ਅਸੀਂ ਊਨ੍ਹਾਂ ਨੂੰ ਹਰਾ ਕੇ ਹੀ ਰਹਾਂਗੇ।