ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਲ ਕੇ ਸਿੱਖ ਪੰਥ ਦੀ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਸੇਵਾ ਕਰਨਗੀਆਂ।
ਅੱਜ ਇਥੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰਾਂ ਨੂੰ ਸਨਮਾਨਤ ਕਰਨ ਮਗਰੋਂ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਬਾਦਲ ਨੇ ਕਿਹਾ ਕਿ ਇਹਨਾਂ ਚੋਣਾਂ ਵਿਚ ਦਿੰਲੀ ਦੀ ਸਿੱਖ ਸੰਗਤ ਨੇ ਇਤਿਹਾਸ ਰਚ ਦਿੱਤਾ ਹੈ ਕਿਉਂਕਿ ਸੰਗਤ ਨੇ ਉਹਨਾਂ ਨੂੰ ਹਾਰ ਦਿੱਤੀ ਹੈ ਜੋ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ ਆਧਾਰਹੀਣ ਦੋਸ਼ ਲਗਾ ਕੇ ਕੂੜ ਪ੍ਰਚਾਰ ਕਰ ਰਹੇ ਸਨ। ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿਚ ਉਹਨਾਂ ਨੂੰ ਵੀ ਹਾਰ ਦਾ ਮੂੰਹ ਵੇਖਣਾ ਪਿਆ ਹੈ ਜੋ ਆਪਣੇ ਆਪ ਨੂੰ ਪੰਥਕ ਦੱਸਦੇ ਹਨ ਤੇ ਦਿੱਲੀ ਆ ਕੇ ਉਹਨਾਂ ਨੇ ਸੱਜਣ ਕੁਮਾਰ ਤੇ ਕਾਂਗਰਸ ਪਾਰਟੀ ਦੀ ਹਮਾਇਤ ਕੀਤੀ ਹੈ।
ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਦੀ ਜਿੱਤ ਦੀ ਸ਼ਲਾਘਾ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸ੍ਰੀ ਸਿਰਸਾ ਨੇ ਇਕ ਵੱਡਾ ਕਾਰਜ ਕੀਤਾ ਹੈ ਤੇ ਹਊਮੈ ਅਤੇ ਹੰਕਾਰ ਦੇ ਭਰੇ ਪਰਮਜੀਤ ਸਿੰਘ ਸਰਨਾ ਨੂੰ ਲਗਾਤਾਰ ਦੂਜੀ ਵਾਰ ਹਰਾ ਕੇ ਇਤਿਹਾਸ ਸਿਰਜ ਦਿੱਤਾ ਹੈ। ਉਹਨਾ ਕਿਹਾ ਕਿ ਸ੍ਰੀ ਸਿਰਸਾ ਕੋਲ ਚੋਣਾਂ ਲਈ ਭਾਵੇਂ ਸਮੇਂ ਦੀ ਘਾਟ ਸੀ ਪਰ ਇਯਦੇ ਬਾਵਜੂਦ ਉਹਨਾਂ ਦੇ ਮਿਹਨਤ ਕਰ ਕੇ ਪੰਥ ਲਈ ਮਹਾਨ ਸੇਵਾ ਕੀਤੀ ਤੇ ਕਾਂਗਰਸ ਪਾਰਟੀ ਦੀ ਕਠਪੁਤਲੀ ਨੂੰ ਹਰਾਇਆ ਜੋ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਵਿਚ ਸ਼ਾਮਲ ਸੱਜਣ ਕੁਮਾਰ ਨੂੰ ਸਨਮਾਨਤ ਕਰ ਕੇ ਪੰਥ ਦਾ ਵੱਡਾ ਨੁਕਸਾਨ ਕੀਤਾ ਦੀ ਤਾਕ ਵਿਚ ਸੀ।
ਨਵੇਂ ਚੁਣੇ ਮੈਂਬਰਾਂ ਦਾ ਸਨਮਾਨ ਕਰਨ ਤੋਂ ਬਾਅਦ ਸ੍ਰੀ ਸੁਖਬੀਰ ਸਿੰਘ ਬਾਦਲ ਨਵੇਂ ਚੁਣੇ ਗਏ ਮੈਂਬਰਾਂ ਦੇ ਨਾਲ ਗੁਰਦੁਆਰਾ ਬੰਗਲਾ ਸਾਹਿਬ ਜਾ ਕੇ ਮੱਥਾ ਟੇਕਿਆ ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ ਕੇ ਨੇ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੱਤੀ।