ਨਵੀਂ ਦਿੱਲੀ- ਗੁਰੂਗ੍ਰਾਮ ਦੇ ਰੇਆਨ ਇੰਟਰਨੈਸ਼ਨਲ ਸਕੂਲ ਵਿੱਚ ਇੱਕ 7 ਸਾਲ ਦੇ ਵਿਦਿਆਰਥੀ ਪ੍ਰਦੁਮਨ ਦੀ ਹੱਤਿਆ ਦੇ ਬਾਅਦ ਸੁਪਰੀਮ ਕੋਰਟ ਨੇ ਦੇਸ਼ਭਰ ਦੇ ਨਿਜੀ ਸਕੂਲਾਂ ਦੀ ਸੁਰੱਖਿਆ ਦੀ ਜਾਂਚ ਕਰਨ ਦਾ ਫੈਂਸਲਾ ਕੀਤਾ ਹੈ। ਕੁਝ ਵਕੀਲਾਂ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਨਿਜੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਦੇ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਸ ਲਈ ਇਸ ਮੁੱਦੇ ਤੇ ਸੁਰੱਖਿਆ ਸਬੰਧੀ ਜਾਂਚ ਕਰਨ ਦੀ ਬੇਨਤੀ ਕੀਤੀ ਗਈ। ਕੋਰਟ ਨੇ ਕਿਹਾ ਕਿ ਇਹ ਇੱਕ ਸਕੂਲ ਦਾ ਮਾਮਲਾ ਨਹੀਂ ਹੈ, ਸਗੋਂ ਪੂਰੇ ਦੇਸ਼ ਦੇ ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਦਾ ਮਾਮਲਾ ਹੈ।
ਮੁੱਖ ਜੱਜ ਜਸਟਿਸ ਦੀਪਕ ਮਿਸ਼ਰਾ, ਏਐਮ ਖਾਨਵਿਲਕਰ ਅਤੇ ਡੀਵਾਈ ਚੰਦਰਚੂਹੜ ਦੀ ਬੈਂਚ ਨੇ ਹਰਿਆਣਾ ਦੇ ਡੀਜੀਪੀ ਅਤੇ ਸੀਬੀਆਈ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਸੱਭ ਨੂੰ ਤਿੰਨ ਹਫ਼ਤਿਆਂ ਵਿੱਚ ਜਵਾਬ ਦੇਣ ਨੂੰ ਕਿਹਾ ਗਿਆ ਹੈ। ਵਰੁਣ ਠਾਕੁਰ ਦੇ ਵਕੀਲ ਸੁਸ਼ੀਲ ਕੁਮਾਰ ਟੇਕਰੀਵਾਲ ਰਾਹੀਂ ਦਰਖਾਸਤ ਦਿੱਤੀ ਹੈ। ਉਨ੍ਹਾਂ ਨੇ ਹੱਤਿਆ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਇਸ ਦੇ ਬਾਅਦ ਜਲਦੀ ਹੀ ਇਸ ਤੇ ਸੁਣਵਾਈ ਵੀ ਹੋ ਗਈ।
ਪ੍ਰਦੁਮਨ ਦੇ ਪਿਤਾ ਵਰੁਣ ਠਾਕੁਰ ਨੇ ਵੀ ਸੁਪਰੀਮ ਕੋਰਟ ਵਿੱਚ ਦਰਖਾਸਤ ਦੇ ਕੇ ਪੂਰੇ ਦੇਸ਼ ਦੇ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਆਪਣੇ ਪੁੱਤਰ ਦੀ ਹੱਤਿਆ ਦੇ ਮਾਮਲੇ ਵਿੱਚ ਨਿਆਂ ਦੀ ਗੁਹਾਰ ਲਗਾਈ ਹੈ। ਸਰਵਉਚ ਅਦਾਲਤ ਨੇ ਇਸ ਦਰਖਾਸਤ ਤੇ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਸੀਬੀਐਸਈ ਅਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ ਹਨ। ਵਰੁਣ ਨੇ ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਦੇ ਲਈ ਸਕੂਲ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਕਰਨ, ਕਾਨੂੰਨ ਦਾ ਪਾਲਣ ਨਾ ਕਰਨ ਵਾਲੇ ਅਤੇ ਸੁਰੱਖਿਆ ਮਾਣਕਾਂ ਤੇ ਖਰਾ ਨਾ ਉਤਰਨ ਵਾਲੇ ਸਕੂਲਾਂ ਦੀ ਮਾਨਤਾ ਤਤਕਾਲ ਰੱਦ ਕਰਨ ਦੀ ਵੀ ਮੰਗ ਕੀਤੀ ਹੈ।
ਇਸ ਦੇ ਇਲਾਵਾ ਸੁਪਰੀਮ ਕੋਰਟ ਦੇ ਰੀਟਾਇਰਡ ਜੱਜਾਂ ਦੀ ਪ੍ਰਧਾਨਗੀ ਵਿੱਚ ਇੱਕ ਕਮੇਟੀ ਗਠਿਤ ਕਰਨ ਦੀ ਵੀ ਮੰਗ ਕੀਤੀ ਗਈ ਹੈ। ਇਹ ਕਮੇਟੀ ਸਕੂਲਾਂ ਦੇ ਬੱਚਿਆਂ ਦੀ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਤੈਅ ਕਰਨ ਤੇ ਸੁਝਾਅ ਦੇਵੇਗੀ।