ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੱਝ ਦਿਨ ਪਹਿਲਾਂ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਸਮੇਤ ਹੋਰਨਾਂ ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ ’ਤੇ ਚਿੰਤਾ ਜਤਾਉਂਦਿਆਂ ਉਹਨਾਂ ਦੀ ਤੁਰੰਤ ਰਿਹਾਈ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿੱਜੀ ਦਿਲਚਸਪੀ ਲੈਂਦਿਆਂ ਦਖਲ ਦੇਣ ਦੀ ਮੰਗ ਕੀਤੀ ਹੈ।
ਉਹਨਾਂ ਕਿਹਾ ਕਿ ਪੰਜਾਬ ਪੁਲੀਸ ਸਿੱਖ ਨੌਜਵਾਨਾਂ ਨੂੰ ਜਬਰੀ ਨਿਸ਼ਾਨਾ ਬਣਾ ਰਹੀ ਹੈ। ਉਹਨਾਂ ਨੂੰ ਝੂਠੇ ਕੇਸ ਵਿੱਚ ਫਸਾਉਂਦਿਆਂ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਵਿਆਹ ਕਰਵਾਉਣ ਆਏ ਜਗਤਾਰ ਸਿੰਘ ਜੱਗੀ ਜੌਹਲ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਏ ਜਾਣ ਨਾਲ ਜੌਹਲ ਦੇ ਪਰਿਵਾਰ ਵਾਲਿਆਂ ਨੂੰ ਗਹਿਰੀ ਚਿੰਤਾ ਸਤਾ ਰਹੀ ਹੈ। ਉਹਨਾਂ ਕਿਹਾ ਕਿ ਜੌਹਲ ਦੀ ਗ੍ਰਿਫ਼ਤਾਰੀ ’ਤੇ ਸਕਾਟਲੈਂਡ ਦੇ ਸੰਸਦ ਮਾਰਟਿਨ ਡੋਖਰਟੀ ਹਿਊਜ, ਇੰਗਲੈਂਡ ਦੇ ਸੰਸਦ ਮੈਂਬਰ ਤਮਨਮਜੀਤ ਸਿੰਘ ਢੇਸੀ ਵੱਲੋਂ ਚਿੰਤਾ ਦਾ ਪ੍ਰਗਟਾਵਾ ਕਰ ਚੁੱਕੇ ਹਨ ਅਤੇ ਉਨ੍ਹਾਂ ਸਮੇਤ ਯੂ. ਕੇ. ਦਾ ਸਿੱਖ ਭਾਈਚਾਰਾ ਜਗਤਾਰ ਸਿੰਘ ਦੇ ਇੰਗਲੈਂਡ ਰਹਿੰਦੇ ਪਰਿਵਾਰ ਨਾਲ ਮਿਲ ਕੇ ਉਸ ਨੂੰ ਰਿਹਾਅ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਮਦਮੀ ਟਕਸਾਲ ਮੁਖੀ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਜੌਹਲ ਪਰਿਵਾਰ ਦੀ ਮਦਦ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗੁਹਾਰ ਲਗਾਈ ਹੈ।