ਇਸਲਾਮਾਬਾਦ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਨ ਤੇ ਪਾਕਿਸਤਾਨ ਸਰਕਾਰ ਨੇ ਦਿਨਰਾਤ ਇੱਕ ਕਰਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਪ੍ਰੋਜੈਕਟ ਨੂੰ ਤਿਆਰ ਕੀਤਾ ਹੈ। ਪ੍ਰਧਾਨਮੰਤਰੀ ਇਮਰਾਨ ਖਾਨ ਨੇ ਆਪਣੇ ਟਵਿੱਟਰ ਅਕਾਊਂਟ ਤੇ ਕਰਤਾਰਪੁਰ ਸਾਹਿਬ ਦੀਆਂ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਕਿਹਾ ਹੈ ਕਿ ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਨ ਲਈ ਤਿਆਰ ਹੈ ਕਰਤਾਰਪੁਰ। ਵਰਨਣਯੋਗ ਹੈ ਕਿ 9 ਨਵੰਬਰ ਨੂੰ ਕਰਤਾਰਪੁਰ ਗਲਿਆਰੇ ਦਾ ਉਦਘਾਟਨ ਪਾਕਿਸਤਾਨੀ ਪ੍ਰਧਾਨਮੰਤਰੀ ਇਮਰਾਨ ਖਾਨ ਕਰਨਗੇ।
ਪ੍ਰਧਾਨਮੰਤਰੀ ਇਮਰਾਨ ਖਾਨ ਨੇ ਇਸ ਮੌਕੇ ਤੇ ਸਿੱਖਾਂ ਨੂੰ ਵਿਸ਼ੇਸ਼ ਰਿਆਇਤ ਦਿੰਦੇ ਹੋਏ ਉਨ੍ਹਾਂ ਨੇ ਪਾਸਪੋਰਟ ਦੀ ਸ਼ਰਤ ਨੂੰ ਸਮਾਪਤ ਕਰਦੇ ਹੋਏ ਕਿਹਾ ਕਿ ਕਿਸੇ ਵੀ ਵੈਲਿਡ ਦਸਤਾਵੇਜ਼ ਦੇ ਨਾਲ ਭਾਰਤੀ ਸਿੱਖ ਕਰਤਾਰਪੁਰ ਸਾਹਿਬ ਜਾ ਸਕਣਗੇ। ਇਸ ਦੇ ਨਾਲ ਹੀ ਇੱਕ ਹੋਰ ਰਿਆਇਤ ਵੀ ਦਿੱਤੀ ਹੈ ਕਿ 9 ਨਵੰਬਰ ਅਤੇ 12 ਨਵੰਬਰ ਨੂੰ ਕਰਤਾਰਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਤੋਂ 20 ਡਾਲਰ ਦੀ ਫੀਸ ਵੀ ਨਹੀਂ ਲਈ ਜਾਵੇਗੀ। ਪ੍ਰਧਾਨਮੰਤਰੀ ਇਮਰਾਨ ਖਾਨ ਨੇ ਇਸ ਕਾਰਜ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕਰਨ ਦੇ ਲਈ ਆਪਣੀ ਹੀ ਸਰਕਾਰ ਨੂੰ ਵਧਾਈ ਵੀ ਦਿੱਤੀ ਹੈ।