ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਸਰਕਾਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਰੱਦ ਕਰਨ ਦੇ ਐਲਾਨ ਤੋਂ ਪਲਟ ਜਾਣ ਬਾਰੇ ਕੀਤੇ ਗਏ ਖ਼ੁਲਾਸੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ‘ਤੇ ਸਿਖ ਕੌਮ ਨਾਲ ਵਾਅਦਾ ਖ਼ਿਲਾਫ਼ੀ ਅਤੇ ਧ੍ਰੋਹ ਕਮਾਉਣ ਦਾ ਦੋਸ਼ ਲਾਇਆ ਹੈ। ਪ੍ਰੋ: ਸਰਚਾਂਦ ਸਿੰਘ ਵੱਲੋਂ ਜਾਰੀ ਬਿਆਨ ਵਿਚ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਰਾਜੋਆਣਾ ਦੀ ਫਾਂਸੀ ਮੁਆਫ਼ੀ ਦੇ ਐਲਾਨ ਤੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿੱਤ ਸ਼ਾਹ ਵੱਲੋਂ ਮੁਕਰਨ ਹੋ ਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਵੀ ਕਾਂਗਰਸ ਦੀ ਲੀਹੇ ਚੱਲਦਿਆਂ ਸਿਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾ ਦਿਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਅੰਨ ਭੰਡਾਰ ਨੂੰ ਸਵੈ ਨਿਰਭਰ ਕਰਨ ਵਾਲੀ ਕੌਮ ਪ੍ਰਤੀ ਕੇਂਦਰ ਨੇ ਆਪਣਾ ਦੋਗਲਾ ਪਨ ਦਿਖਾ ਦਿਤਾ ਹੈ। ਉਨ੍ਹਾਂ ਕੇਂਦਰ ਦੀ ਸਿਖ ਵਿਰੋਧੀ ਨੀਤੀ ‘ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਦਾ ਸਿਖਾਂ ਪ੍ਰਤੀ ਦੋਹਰੇ ਮਾਪਦੰਡ ਅਪਣਾਉਣਾ ਦੇਸ਼ ਦੇ ਹਿਤ ਵਿਚ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ 550ਵੇਂ ਪਰਕਾਸ਼ ਪੁਰਬ ਮੌਕੇ ਕੇਂਦਰ ਵੱਲੋਂ ਭਾਈ ਰਾਜੋਆਣਾ ਨੂੰ ਰਾਹਤ ਦੇਣ ਫ਼ੈਸਲੇ ਨਾਲ ਸਿਖ ਕੌਮ ਨੇ ਤਸੱਲੀ ਪ੍ਰਗਟ ਕੀਤਾ ਸੀ। ਪਰ ਅਜ ਦੇ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ ਨੇ ਸਿੱਖ ਕੌਮ ਨੂੰ ਨਿਰਾਸ਼ ਕੀਤਾ ਅਤੇ ਵੱਡਾ ਝਟਕਾ ਦਿੱਤਾ ਹੈ। ਸਿਖ ਕੌਮ ਇਹ ਸਮਝ ਦੀ ਸੀ ਕਿ ਪਰਕਾਸ਼ ਪੁਰਬ ਮੌਕੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਉਕਤ ਵੱਡੇ ਧੱਕੇ ਪ੍ਰਤੀ ਸ਼੍ਰੋਮਣੀ ਕਮੇਟੀ, ਅਕਾਲੀ ਦਲ ਅਤੇ ਸਮੁੱਚੀ ਪੰਥ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੀ ਭਾਜਪਾ ਸਰਕਾਰ ਵੀ ਕਾਂਗਰਸ ਦੀ ਤਰਾਂ ਸਿਖਾਂ ਨਾਲ ਬੇਇਨਸਾਫ਼ੀ ‘ਤੇ ਤੁੱਲ ਗਈ ਹੈ। ਉਨ੍ਹਾਂ ਕਿਹਾ ਕਿ ਸਿਖ ਕੌਮ ਆਪਣੀਆਂ ਦੇਸ਼ ਪ੍ਰਤੀ ਕੁਰਬਾਨੀਆਂ ਸਦਕਾ ਵਿਸ਼ੇਸ਼ ਅਧਿਕਾਰ ਅਤੇ ਰਾਹਤ ਦੀ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਜਿਸ ਨੇ ਬਿਨਾਂ ਪੈਰੋਲ ਤੋਂ 23 ਤੋਂ ਵੱਧ ਸਾਲ ਜੇਲ੍ਹ ਵਿਚ ਕੱਟ ਚੁੱਕਾ ਹੈ, ਮੁਆਫ਼ੀ ਦਾ ਹੱਕਦਾਰ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਨ੍ਹਾਂ ਦੇ ਇਸ ਫ਼ੈਸਲੇ ਵਿਚ ਸਿਖ ਦੁਸ਼ਮਣ ਜਮਾਤ ਕਾਂਗਰਸ ਦੀ ਤਰਾਂ ਸਿੱਖ ਵਿਰੋਧੀ ਮਾਨਸਿਕਤਾ ਝਲਕ ਰਹੀ ਹੈ ।
ਕੇਂਦਰ ਦੀ ਭਾਜਪਾ ਸਰਕਾਰ ਨੇ ਵੀ ਕਾਂਗਰਸ ਦੀ ਲੀਹੇ ਚੱਲਦਿਆਂ ਕਰਵਾ ਦਿੱਤਾ ਹੈ ਸਿੱਖਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ
This entry was posted in ਪੰਜਾਬ.