ਚੰਡੀਗੜ੍ਹ – ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਆਦੇਸ਼ ਦਿੱਤਾ ਹੈ। ਸਾਰੇ ਪੰਜਾਬ ਵਿੱਚ ਰਾਤ ਦਸ ਵਜੇ ਤੋਂ ਲੈ ਕੇ ਸਵੇਰ ਦੇ ਪੰਜ ਵਜੇ ਤੱਕ ਕਰਫਿਊ ਲਾਗੂ ਰਹੇਗਾ। ਇੱਕ ਦਸੰਬਰ ਤੋਂ ਇਹ ਕਰਫਿਊ ਲਾਗੂ ਹੋ ਜਾਵੇਗਾ। ਰਾਜ ਦੇ ਸਾਰੇ ਹੋਟਲ, ਰੈਸਟੋਰੈਂਟ ਅਤੇ ਪੈਲਿਸ ਰਾਤ ਸਾਢੇ ਨੌਂ ਵਜੇ ਤੋਂ ਬੰਦ ਰਹਿਣਗੇ।
ਪੰਜਾਬ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਚੱਲ ਰਹੀ ਹੈ। ਇਸ ਕਰਕੇ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਪਿੱਛਲੇ ਤਿੰਨ ਹਫ਼ਤਿਆਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ 60 ਫੀਸਦੀ ਦਾ ਵਾਧਾ ਹੋਇਆ ਹੈ। ਰਾਜ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਦਾ ਉਲੰਘਣ ਕਰਨ ਵਾਲਿਆਂ ਤੋਂ ਹੁਣ ਦੁਗਣਾ ਜੁਰਮਾਨਾ ਵਸੂਲ ਕੀਤਾ ਜਾਵੇਗਾ। ਮਾਸਕ ਨਾ ਪਹਿਨਣ ਵਾਲਿਆਂ ਦੇ ਲਈ ਜੁਰਮਾਨੇ ਦੀ ਰਕਮ ਵਧਾ ਕੇ 1000 ਰੁਪੈ ਕਰ ਦਿੱਤੀ ਗਈ ਹੈ। ਇਸ ਸਮੇਂ ਰਾਜ ਵਿੱਚ ਕੋਰੋਨਾ ਦੇ ਦੇ ਮਾਮਲੇ ਇੱਕ ਲੱਖ 45 ਹਜ਼ਾਰ ਤੋਂ ਵੀ ਵੱਧ ਹਨ। ਹੁਣ ਤੱਕ ਇਸ ਮਹਾਂਮਾਰੀ ਨਾਲ 4,595 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮੁੱਖਮੰਤਰੀ ਨੇ ਕਿਹਾ ਕਿ ਕੋਵਿਡ-19 ਮਾਮਲਿਆਂ ਵਿੱਚ ਹੋਏ ਵਾਧੇ ਨੂੰ ਵੇਖਦਿਆਂ, ਅਸੀਂ 1 ਦਸੰਬਰ ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਮਾਸਕ ਨਾ ਪਹਿਨਣ ਅਤੇ ਸਮਾਜਿਕ ਦੂਰੀ ਦਾ ਖਿਆਲ ਨਾ ਰੱਖਣ ‘ਤੇ ਲੱਗਣ ਵਾਲੇ ਜੁਰਮਾਨੇ ਵੀ ਅਸੀਂ ਦੁੱਗਣੇ ਕਰ ਰਹੇ ਹਾਂ। ਪੰਜਾਬੀਆਂ ਨੂੰ ਮੇਰੀ ਅਪੀਲ ਹੈ ਕਿ ਇਸ ਮਹਾਂਮਾਰੀ ਵਿਰੁੱਧ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕਰੋ।