ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ਼ੀ ਦੀ ਪਟੀਸ਼ਨ ‘ਤੇ 26 ਜਨਵਰੀ ਗਣਤੰਤਰ ਦਿਵਸ ਤੋਂ ਪਹਿਲਾਂ ਫ਼ੈਸਲਾ ਕਰਨ ਬਾਰੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਭਾਰਤ ਸਰਕਾਰ ਨੂੰ ਦਿੱਤੇ ਗਏ ਸਖ਼ਤ ਨਿਰਦੇਸ਼ ਦਾ ਸਵਾਗਤ ਕੀਤਾ ਹੈ ਅਤੇ ਉਕਤ ਨਿਰਦੇਸ਼ ‘ਤੇ ਤੁਰੰਤ ਅਮਲ ਕਰਦਿਆਂ ਮੋਦੀ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਮੌਕੇ ਭਾਈ ਰਾਜੋਆਣਾ ਦੀ ਸਜਾ ਮੁਆਫ਼ੀ ਬਾਰੇ ਸਿੱਖ ਕੌਮ ਨਾਲ ਕੀਤੇ ਗਏ ਵਾਅਦੇ ਨੂੰ ਤੁਰੰਤ ਪੂਰਾ ਕਰਨ ਲਈ ਕਿਹਾ ਹੈ।
ਪ੍ਰੋ: ਸਰਚਾਂਦ ਸਿੰਘ ਅਨੁਸਾਰ ਦਮਦਮੀ ਟਕਸਾਲ ਦੇ ਮੁਖੀ ਨੇ ਮੋਦੀ ਸਰਕਾਰ ਨੂੰ ਉਸ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸ਼ਤਾਬਦੀ ਮੌਕੇ ਸਿੱਖ ਕੌਮ ਨਾਲ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਪ੍ਰਤੀ ਕੀਤੇ ਗਏ ਵਾਅਦੇ ਨੂੰ ਯਾਦ ਕਰਾਉਂਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਉਸ ਵਕਤ ਭਾਰਤੀ ਸੰਵਿਧਾਨ ਦੇ ਆਰਟੀਕਲ 72 ਤਹਿਤ ਭਾਈ ਰਾਜੋਆਣਾ ਦੀ ਮੌਤ ਦੀ ਸਜਾ ਉਮਰ ਕੈਦ ਵਿਚ ਤਬਦੀਲ ਕਰਨ ਅਤੇ ਆਰਟੀਕਲ 161 ਤਹਿਤ ਸਜਾਵਾਂ ਪੂਰੀਆਂ ਕਰ ਚੁੱਕੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨਾ ਮੰਨਿਆ ਸੀ, ਜਿਨ੍ਹਾਂ ਵਿਚੋਂ ਹੁਣ ਤਕ ਨਾ ਭਾਈ ਰਾਜੋਆਣਾ ਪ੍ਰਤੀ ਕੋਈ ਫ਼ੈਸਲਾ ਲਿਆ ਗਿਆ ਅਤੇ ਨਾ ਹੀ ਸਜਾਵਾਂ ਪੂਰੀਆਂ ਕਰ ਚੁੱਕੇ ਦੋ ਸਿੱਖ ਕੈਦੀ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਅਤੇ ਗੁਰਦੀਪ ਸਿੰਘ ਖੈੜਾ ਨੂੰ ਰਿਹਾਅ ਕੀਤਾ ਗਿਆ। ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਗੋਵਿੰਦ ਸਿੱਖ ਕੌਮ ਅਤੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਸ ਏ ਬੋਬੜੇ ਦੀਆਂ ਨਿਆਂ ਸੰਬੰਧੀ ਭਾਵਨਾਵਾਂ ਦੀ ਕਦਰ ਕਰਦਿਆਂ ਮਾਨਵੀ ਅਧਾਰ ‘ਤੇ ਨਾ ਕੇਵਲ ਭਾਈ ਰਾਜੋਆਣਾ ਸਗੋਂ ਸਜਾਵਾਂ ਪੂਰੀਆਂ ਕਰ ਚੁੱਕੇ ਸਾਰੇ ਸਿਆਸੀ ਸਿੱਖ ਕੈਦੀਆਂ ਨੂੰ ਗਣਤੰਤਰ ਤੋਂ ਪਹਿਲਾਂ ਹੀ ਭਾਵ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਾਈ ਰਾਜੋਆਣਾ ਦੀ ਰਿਹਾਈ ‘ਚ ਰੁਕਾਵਟਾਂ ਖੜੀਆਂ ਕਰਨ ਵਾਲਿਆਂ ਨੂੰ ਵੀ ਰਾਜ ਵਿਚ ਅਮਨ ਸ਼ਾਂਤੀ ਬਹਾਲ ਰੱਖਣ ਲਈ ਸਰਕਾਰ ਨੂੰ ਇਸ ਮਾਮਲੇ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਨੇਕਾਂ ਸਿੱਖ ਕੈਦੀਆਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਨੂੰ ਕਿਸੇ ਨਾ ਕਿਸੇ ਬਹਾਨੇ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਨੂੰ ਰਿਹਾਅ ਕਰਨ ਲਈ ਕਾਨੂੰਨੀ ਪ੍ਰਕ੍ਰਿਆ ਤੇਜ਼ ਕੀਤਾ ਜਾਵੇ।