ਅੰਮ੍ਰਿਤਸਰ – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਬੈਂਡ ਅਤੇ ਗਤਕਾ ਪਾਰਟੀਆਂ ਨੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਵੱਲੋਂ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ ਗਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਨਾਲ ਸੇਵਾ ਕਰਕੇ ਵੀ ਅਥਾਹ ਸ਼ਰਧਾ ਪ੍ਰਗਟਾਈ। ਇਸ ਦੌਰਾਨ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਨਗਰ ਕੀਰਤਨ ਦੌਰਾਨ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪ੍ਰਤਾਪ ਸਿੰਘ, ਮੈਨੇਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਓ.ਐਸ.ਡੀ. ਸ. ਸਤਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਜਗਤਾਰ ਸਿੰਘ ਤੇ ਸ. ਪਰਮਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ।
ਬੀਬੀ ਜਗੀਰ ਕੌਰ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਦਸਮ ਪਾਤਸ਼ਾਹ ਜੀ ਦਾ ਸਾਰਾ ਜੀਵਨ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ। ਉਨ੍ਹਾਂ ਆਖਿਆ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਉਨ੍ਹਾਂ ਵਰਤਮਾਨ ਸਮੇਂ ਅੰਦਰ ਫੈਲੀਆਂ ਬੁਰਾਈਆਂ ਦੇ ਖ਼ਾਤਮੇ ਲਈ ਸੰਗਤ ਨੂੰ ਸੱਦਾ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।