ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਇਸ ਸਮੇਂ ਸਾਊਦੀ ਅਰਬ ਦੇ ਦੌਰੇ ਤੇ ਹਨ। ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਅਤੇ ਪ੍ਰਧਾਨਮੰਤਰੀ ਇਮਰਾਨ ਖਾਨ ਦਰਮਿਆਨ ਉਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਦੌਰਨ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰਿੰਸ ਸਲਮਾਨ ਨੇ ਭਾਰਤ ਅਤੇ ਪਾਕਿਸਤਾਨ ਵਿੱਚਕਾਰ ਕਸ਼ਮੀਰ ਸਮੇਤ ਸਾਰੇ ਮਸਲਿਆਂ ਨੂੰ ਗੱਲਬਾਤ ਰਾਹੀਂ ਹਲ ਕਰਨ ਦੀ ਅਪੀਲ ਕੀਤੀ।
ਪ੍ਰਿੰਸ ਸਲਮਾਨ ਨੇ ਭਾਰਤ ਅਤੇ ਪਾਕਿਸਤਾਨ ਦੀ ਕੰਟਰੋਲ ਰੇਖਾ ਤੇ ਦੋਵਾਂ ਦੇਸ਼ਾਂ ਦੀਆਂ ਸੈਨਾਵਾਂ ਦੇ ਅਧਿਕਾਰੀਆਂ ਦਰਮਿਆਨ ਹਾਲ ਹੀ ਵਿੱਚ ਸੰਘਰਸ਼ ਵਿਰਾਮ ਤੇ ਬਣੀ ਸਹਿਮੱਤੀ ਦਾ ਸਵਾਗਤ ਕੀਤਾ। ਇਹ ਸੰਘਰਸ਼ ਵਿਰਾਮ ਭਾਰਤ ਅਤੇ ਪਾਕਿਸਤਾਨ ਦੇ ਵਿੱਚਕਾਰ 2003 ਵਿੱਚ ਬਣੀ ਸਹਿਮੱਤੀ ਤੇ ਆਧਾਰਿਤ ਹੈ। ਇਸ ਬੈਠਕ ਦੌਰਾਨ ਖੇਤਰ ਵਿੱਚ ਸ਼ਾਂਤੀ ਬਣਾਏ ਰੱਖੇ ਜਾਣ ਲਈ ਭਾਰਤ ਅਤੇ ਪਾਕਿਸਤਾਨ ਵਿਚਕਾਰ ਕਸ਼ਮੀਰ ਸਮੇਤ ਸਾਰੇ ਮੁੱਦਿਆਂ ਦੇ ਹਲ ਲਈ ਗੱਲਬਾਤ ਦੇ ਮਹੱਤਵ ਤੇ ਜੋਰ ਦਿੱਤਾ ਗਿਆ। ਵਰਨਣਯੋਗ ਹੈ ਕਿ 23 ਫਰਵਰੀ ਨੂੰ ਭਾਰਤ ਅਤੇ ਪਾਕਿਸਤਾਨ ਨੇ ਇਹ ਐਲਾਨ ਕੀਤਾ ਸੀ ਕਿ ਉਹ ਜੰਮੂ-ਕਸ਼ਮੀਰ ਵਿੱਚ ਕੰਟਰੋਲ ਲਾਈਨ ਤੇ ਸੰਘਰਸ਼ ਵਿਰਾਮ ਨਾਲ ਜੁੜੇ ਸਾਰੇ ਸਮਝੌਤਿਆਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇਗਾ।