ਮਾਨਾਵਾਲਾ / ਅੰਮ੍ਰਿਤਸਰ – ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਜੀ ਟੀ ਰੋਡ ਮਾਨਾਵਾਲਾ ‘ਚ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਡਾਲੀ ਡੋਗਰਾਂ ਵਿਖੇ 8 ਜੂਨ ਤੋਂ ਨਿਰੰਤਰ ਚੱਲ ਰਹੀ ਸਹਿਜ ਪਾਠਾਂ ਦੀ ਲੜੀ ਮੌਕੇ ਦਲ ਬਾਬਾ ਬਿਧੀਚੰਦ ਸੁਰ ਸਿੰਘ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਜੀ ਵੱਲੋਂ ਹਾਜ਼ਰੀ ਭਰਦਿਆਂ ਕਿਹਾ ਕਿ ਕੇਂਦਰ ਖ਼ਿਲਾਫ਼ ਕਿਸਾਨੀ ਸੰਘਰਸ਼ ਇਕ ਅਹਿਮ ਪੜਾਅ ‘ਤੇ ਪੁੱਜ ਚੁਕਾ ਹੈ। ਉਨ੍ਹਾਂ ਬਾਬਾ ਜਸਪਾਲ ਸਿੰਘ ਕਾਰਸੇਵਾ ਮੰਜੀ ਸਾਹਿਬ ਵੱਲੋਂ ਸੰਤ ਸਮਾਜ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸੰਘਰਸ਼ ਕਰ ਰਹੇ ਕਿਸਾਨ ਮੋਰਚੇ ਨੂੰ ਮਜ਼ਬੂਤੀ ਪ੍ਰਦਾਨ ਕਰਨ ਅਤੇ ਫ਼ਤਿਹਯਾਬੀ ਲਈ ਗੁਰੂ ਸਾਹਿਬ ਦਾ ਓਟ ਆਸਰਾ ਅਤੇ ਅਰਦਾਸ ਬੇਨਤੀ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਬੇਇੰਤਹਾ ਜਬਰ ਜ਼ੁਲਮ ਅਤੇ ਸਾਜ਼ਿਸ਼ਾਂ ਦੇ ਬਾਵਜੂਦ ਕਿਸਾਨ ਸੰਘਰਸ਼ ‘ਚ ਪੰਜਾਬ ਅਤੇ ਸਿੱਖ ਭਾਈਚਾਰੇ ਵੱਲੋਂ ਨਿਭਾਈ ਜਾ ਰਹੀ ਠੋਸ ਭੂਮਿਕਾ ਨੇ ਦੇਸ਼ ਵਿਦੇਸ਼ ਦੇ ਲੋਕਾਂ ‘ਚ ਸਿੱਖ ਕਿਰਦਾਰ ਨੂੰ ਇਤਿਹਾਸਕ ਪਛਾਣ ਦਿੱਤੀ ਹੈ। ਉਨ੍ਹਾਂ ਮੋਦੀ ਸਰਕਾਰ ਵੱਲੋਂ ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਵਾਲੇ ਕਿਸਾਨਾਂ ਦੀ ਥਾਂ ਵੱਡੇ ਕਾਰਪੋਰੇਟ ਘਰਾਣਿਆਂ ਦਾ ਹਿੱਤ ਪਾਲਣ ਲਈ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨ ਹੀ ਨਹੀਂ ਦੇਸ਼ ਵੀ ਮਾੜੇ ਹਲਾਤਾਂ ਤੋਂ ਨਹੀਂ ਬਚੇਗਾ।
ਉਨ੍ਹਾਂ ਕਿਹਾ ਕਿ ਕਿਸਾਨੀ ਦੀ ਤਬਾਹੀ ਯਕੀਨਨ ਮੁਲਕ ਦੀ ਤਬਾਹੀ ਹੈ ਇਸ ਲਈ ਮੋਦੀ ਸਰਕਾਰ ਨੂੰ ਕਾਲੇ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਸੜਕਾਂ ‘ਤੇ ਉਤਰ ਕੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਵਾਜ਼ ਤਕ ਨਹੀਂ ਸੁਣੀ ਜਾ ਰਹੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਸਹਿਜ ਪਾਠਾਂ ਦੀ ਸੇਵਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ: ਨਿਰਮਲ ਸਿੰਘ ਠੇਕੇਦਾਰ ਅਤੇ ਲੋਕ ਸਭਾ ਮੈਂਬਰ ਸ: ਗੁਰਜੀਤ ਸਿੰਘ ਔਜਲਾ ਵੱਲੋਂ ਕਰਵਾਈ ਜਾ ਰਹੀ ਹੈ ਅਤੇ ਭੋਗ 11 ਜੁਲਾਈ ਨੂੰ ਪਵੇਗਾ। ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਮੰਜੀ ਸਾਹਿਬ ਕਾਰਸੇਵਾ, ਭਾਈ ਇਕਬਾਲ ਸਿੰਘ ਤੁੰਗ ਅਤੇ ਬਾਬਾ ਸਤਨਾਮ ਸਿੰਘ ਅਕਾਲੀ ਵੱਲੋਂ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਨੂੰ ਸਨਮਾਨਿਤ ਕੀਤਾ ਗਿਆ।