ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਲਖੀਮਪੁਰ ਖੀਰੀ ਘਟਨਾ ਲਈ ਜ਼ਿੰਮੇਵਾਰ ਅਨਸਰਾਂ ਤੇ ਕਾਤਲਾਂ ਖ਼ਿਲਾਫ਼ ਕਾਰਵਾਈ ਪ੍ਰਤੀ ਦੇਰੀ ਲਈ ਯੂ ਪੀ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਅਤੇ ਇਸ ਮਾਮਲੇ ’ਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਅਤੇ ਯੋਗ ਮੁਆਵਜ਼ਾ ਦੇਣ ਲਈ ਪ੍ਰਧਾਨ ਮੰਤਰੀ ਨੂੰ ਤੁਰੰਤ ਦਖ਼ਲ ਦੇਣ ਲਈ ਕਿਹਾ। ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਨੇ ਇਨਸਾਫ਼ ਪਸੰਦ ਦੇਸ਼ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਦੁੱਖ ਅਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਲਖੀਮਪੁਰ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੀ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸਰਪ੍ਰਸਤੀ ਕੀਤੀ ਜਾ ਰਹੀ ਹੈ। ਜਿਸ ਕਾਰਨ ਕਿਸਾਨਾਂ ਦੇ ਕਾਤਲਾਂ ਖ਼ਿਲਾਫ਼ ਕੋਈ ਕਾਰਵਾਈ ਜਾਂ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਖੇਤੀ ਬਾਰੇ ਕਾਲੇ ਕਾਨੂੰਨ ਤੁਰੰਤ ਖ਼ਾਰਜ ਦੀ ਗਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਖ਼ਿਲਾਫ਼ ਲਗਾਈ ਹੋਈ ਅਣਐਲਾਨੀ ਐਮਰਜੈਂਸੀ ਅਤੇ ਅਰਾਜਕਤਾ ਦੇਸ਼ ਦੇ ਹਿਤ ਵਿਚ ਨਹੀਂ ਹੋਵੇਗਾ। ਉਨ੍ਹਾਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਉਕਤ ਕਤਲ ਕਾਂਡ ਪਿਛੇ ਕਾਰਜਸ਼ੀਲ ਵਡੀ ਸਾਜ਼ਿਸ਼ ਨੂੰ ਬੇਨਕਾਬ ਕਰਨ ਲਈ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਵੱਲੋਂ ਦਿੱਤੇ ਗਏ ਭੜਕਾਊ ਭਾਸ਼ਣ ਪ੍ਰਤੀ ਨਿਆਇਕ ਜਾਂਚ ਦੀ ਮੰਗ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਜਾ ਰਹੇ ਸਿਆਸੀ ਆਗੂਆਂ ਅਤੇ ਆਮ ਲੋਕਾਂ ਨੂੰ ਰਾਹ ਵਿਚ ਰੋਕਣ ਲਈ ਵੀ ਯੂ ਪੀ ਸਰਕਾਰ ਦੀ ਨਿਖੇਧੀ ਕੀਤੀ ਹੈ।
ਲਖੀਮਪੁਰ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਤੁਰੰਤ ਠੋਸ ਕਾਰਵਾਈ ਹੋਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
This entry was posted in ਪੰਜਾਬ.