ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ‘ ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ । ਚੋਣ ਮਾਹੌਲ ‘ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ‘ਤੇ ਹੁਣ ਸਵਾਲ ਉੱਠ ਰਿਹਾ ਹੈ ਕਿ ਕੀ ਇਸ ਦਾ ਕਿਸੇ ਪਾਰਟੀ ਨੂੰ ਫਾਇਦਾ ਹੋਵੇਗਾ। ਤਿਕੋਨੀਆ ਨਿਘਾਸਾਨ ਵਿਧਾਨ ਸਭਾ ਹਲਕੇ ਵਿੱਚ ਪਿਛਲੇ ਸਾਲ 3 ਅਕਤੂਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਨੂੰ ਮੁੱਖ ਦੋਸ਼ੀ ਵਜੋਂ ਗ੍ਰਿਫਤਾਰ ਕੀਤਾ ਗਿਆ ਸੀ।
ਹਿੰਸਾ ਦੇ ਮਾਮਲੇ ਵਿੱਚ ਐਸਆਈਟੀ ਨੇ ਚਾਰਜਸ਼ੀਟ ਦਾਖ਼ਲ ਕੀਤੀ ਸੀ। 5000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਆਸ਼ੀਸ਼ ਮਿਸ਼ਰਾ ਸਮੇਤ ਕੁੱਲ 16 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ। ਪਿਛਲੇ ਸਾਲ 3 ਅਕਤੂਬਰ ਨੂੰ ਆਸ਼ੀਸ਼ ਮਿਸ਼ਰਾ ਦੇ ਸਮਰਥਕਾਂ ਅਤੇ ਕਿਸਾਨਾਂ ਵਿਚਾਲੇ ਝੜਪ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਜਾਂਚ ਅਧਿਕਾਰੀ ਨੇ ਆਸ਼ੀਸ਼ ਮਿਸ਼ਰਾ ਸਮੇਤ ਹੋਰ ਦੋਸ਼ੀਆਂ ਨੂੰ ਕਤਲ ਦਾ ਦੋਸ਼ੀ ਬਣਾਇਆ ਹੈ। ਚਾਰਜਸ਼ੀਟ ਅਨੁਸਾਰ ਸੋਚੀ ਸਮਝੀ ਸਾਜ਼ਿਸ਼ ਤਹਿਤ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਜੀਪਾਂ ਅਤੇ ਐਸ.ਯੂ.ਵੀ. ਹੇਠ ਕੁਚਲ ਦਿਤਾ ਗਿਆ ਸੀ ।
ਜਾਂਚ ਵਿੱਚ ਐਸਆਈਟੀ ਨੂੰ 17 ਵਿਗਿਆਨਕ ਸਬੂਤ, ਸੱਤ ਭੌਤਿਕ ਸਬੂਤ ਅਤੇ 24 ਵੀਡੀਓ ਫੋਟੋਆਂ ਮਿਲੀਆਂ, ਜਿਸ ਨੇ ਮੁਲਜ਼ਮਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ। ਇਸ ਤੋਂ ਇਲਾਵਾ 208 ਲੋਕਾਂ ਨੇ ਗਵਾਹੀ ਦਿੱਤੀ। ਇਸ ਆਧਾਰ ‘ਤੇ ਐਸਆਈਟੀ ਨੇ ਆਪਣੀ ਚਾਰਜਸ਼ੀਟ ਲਿਖੀ ਹੈ। ਗਵਾਹਾਂ ਨੇ ਐਸਆਈਟੀ ਨੂੰ ਦੱਸਿਆ ਕਿ ਮੰਤਰੀ ਦਾ ਪੁੱਤਰ ਆਸ਼ੀਸ਼ ਮੌਕੇ ‘ਤੇ ਮੌਜੂਦ ਸੀ। ਕਿਸਾਨਾਂ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਸਾਥੀਆਂ ਖਿਲਾਫ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।