ਬਲਾਚੌਰ,(ਉਮੇਸ਼ ਜੋਸ਼ੀ) :- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਕੌਮਾਂਤਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਦਿਵਾਇਆ ਗਿਆ।ਇਸ ਮੌਕੇ ਡਾ. ਕੁਲਵਿੰਦਰ ਮਾਨ ਨੇ ਕਿਹਾ ਕਿ ਨਸ਼ਾ ਇਕ ਮਾਨਸਿਕ ਬਿਮਾਰੀ ਹੈ, ਜਿਸ ਦਾ ਪੂਰਨ ਤੌਰ ਉੱਤੇ ਇਲਾਜ ਸੰਭਵ ਹੈ। ਸਾਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਕਰਵਾ ਰਹੇ ਨੌਜਵਾਨਾਂ ਦੀ ਹੌਂਸਲਾ ਅਫਜਾਈ ਕਰਨੀ ਚਾਹੀਦੀ ਹੈ, ਕਿਉਂਕਿ ਉਨ੍ਹਾਂ ਨੂੰ ਹਮਦਰਦੀ ਦੀ ਬੇਹੱਦ ਲੋੜ ਹੁੰਦੀ ਹੈ। ਨਸ਼ਾ ਰੋਗੀਆਂ ਨਾਲ ਸਮਾਜਿਕ ਭੇਦਭਾਵ ਨਹੀਂ ਕਰਨਾ ਚਾਹੀਦਾ। ਉਨ੍ਹਾਂ ਅਪੀਲ ਕੀਤੀ ਕਿ ਆਮ ਲੋਕ ਵੀ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਵਿਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਸ ਨਸ਼ਿਆਂ ਰੂਪੀ ਦਲਦਲ ਤੋਂ ਬਚਾਇਆ ਜਾ ਸਕੇ ਅਤੇ ਪੰਜਾਬ ਤਰੱਕੀ ਦੇ ਰਾਹ ‘ਤੇ ਵਧ ਸਕੇ।
ਡਾ. ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ, ਜਿਸ ਨੂੰ ਇਲਾਜ ਦੀ ਸਖਤ ਜ਼ਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਨੇ ਪ੍ਰਣ ਦਿਵਾਇਆ ਕਿ “ਅੱਜ ਅਸੀਂ ਇਕਜੁੱਟ ਹੋ ਕੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪ੍ਰਣ ਲੈਂਦੇ ਹਾਂ ਕਿ ਨਾ ਕੇਵਲ ਸਾਡੇ ਭਾਈਚਾਰੇ, ਪਰਿਵਾਰ ਤੇ ਦੋਸਤਾਂ ਨੂੰ, ਸਗੋਂ ਖੁਦ ਨੂੰ ਵੀ ਨਸ਼ਾ ਮੁਕਤ ਬਣਾਵਾਂਗੇ, ਕਿਉਂਕਿ ਬਦਲਾਅ ਆਪਣੇ ਅੰਦਰੋਂ ਹੀ ਸ਼ੁਰੂ ਹੁੰਦਾ ਹੈ। ਇਸ ਲਈ ਆਓ ਅਸੀਂ ਸਾਰੇ ਰਲ-ਮਿਲ ਕੇ ਆਪਣੇ ਜ਼ਿਲ੍ਹੇ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਈਏ। ਮੈਂ ਇਹ ਵੀ ਪ੍ਰਣ ਲੈਂਦਾ ਹਾਂ ਕਿ ਮੈਂ ਆਪਣੇ ਭਾਰਤ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਯਤਨ ਕਰਾਂਗਾ।ਇਸ ਮੌਕੇ ਰਾਮ ਗੋਪਾਲ, ਬਬਿਤਾ ਰਾਣੀ, ਸੁਨੀਲ ਕੁਮਾਰ, ਸੋਨੀਆ, ਸੁਰਿੰਦਰ ਕੌਰ, ਗੁਰਮੁੱਖ ਸਿੰਘ, ਸਤੀਸ਼ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।