ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਗਸਤ 2017 ਵਿੱਚ ਜੈਨ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਕਥਿਤ ਤੌਰ ‘ਤੇ 1.62 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਜਿਸ ਵਿਚ ਸੀਬੀਆਈ ਨੇ ਦੋਸ਼ ਲਾਇਆ ਸੀ ਕਿ ਜੈਨ ਅਤੇ ਉਸ ਦੇ ਪਰਿਵਾਰ ਨੇ 2011-12 ਵਿੱਚ 11.78 ਕਰੋੜ ਰੁਪਏ ਅਤੇ 2015-16 ਵਿੱਚ 4.63 ਕਰੋੜ ਰੁਪਏ ਦੀ ਲਾਂਡਰ ਕਰਨ ਲਈ ਚਾਰ ਸ਼ੈੱਲ ਫਰਮਾਂ ਬਣਾਈਆਂ ਸਨ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਸੀਬੀਆਈ ਦੀ ਐਫਆਈਆਰ ਦੇ ਆਧਾਰ ‘ਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕੀਤੀ ਸੀ।
ਹੁਣ ਇਸੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਗ੍ਰਿਫਤਾਰ ਮੰਤਰੀ ਸਤੇਂਦਰ ਜੈਨ ਦੀ ਪਤਨੀ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਮੀਡੀਆ ਵਿਚ ਆ ਰਹੀ ਖਬਰਾਂ ਮੁਤਾਬਕ ਇਹ ਜਾਂਚ ਅਗਲੇ ਹਫ਼ਤੇ ਹੋਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ 30 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 31 ਮਈ ਨੂੰ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।