ਗੜ੍ਹਸ਼ੰਕਰ, (ਉਮੇਸ਼ ਜੋਸ਼ੀ) : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸੂਬੇ ਦੀ ਅਮਨ ਕਾਨੂੰਨ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ ਹੈ। ਜਿੱਥੇ ਨਿੱਤ ਦਿਨ ਕਤਲ ਹੋ ਰਹੇ ਹਨ ਅਤੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਸੰਸਦ ਮੈਂਬਰ ਤਿਵਾੜੀ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਥਾਣਾ ਤੇ ਰੋੜ ਮਾਜਰਾ ਵਿਖੇ ਆਯੋਜਿਤ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਸੰਸਦ ਮੈਂਬਰ ਤਿਵਾੜੀ ਨੇ ਪਿੰਡ ਥਾਣਾ ਵਾਸੀਆਂ ਨੂੰ ਪਿੰਡ ਦੇ ਵਿਕਾਸ ਲਈ 2 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਵੀ ਭੇਟ ਕੀਤਾ।
ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਦਿਨ-ਦਿਹਾੜੇ ਕਤਲ ਹੋ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸੰਸਦ ਮੈਂਬਰ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਅਮਨ-ਕਾਨੂੰਨ ਦੀ ਸਥਿਤੀ ਅਹਿਮ ਭੂਮਿਕਾ ਨਿਭਾਉਂਦੀ ਹੈ, ਪਰ ਇਨ੍ਹਾਂ ਹਾਲਾਤਾਂ ਵਿੱਚ ਉਦਯੋਗ ਦੂਜੇ ਸੂਬਿਆਂ ਵਿੱਚ ਜਾਣ ਬਾਰੇ ਸੋਚ ਰਹੇ ਹਨ।ਉਨ੍ਹਾਂ ਪਿੰਡਾਂ ਦੇ ਵਿਕਾਸ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪਿੰਡਾਂ ਦੀ ਤਰੱਕੀ ਨਾਲ ਹੀ ਦੇਸ਼ ਅੱਗੇ ਵਧ ਸਕਦਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਸੂਬਾ ਕਾਂਗਰਸ ਮੈਂਬਰ ਪੰਕਜ ਕ੍ਰਿਪਾਲ, ਸੂਬਾ ਕਾਂਗਰਸ ਮੈਂਬਰ ਜਗਤਾਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਮੇਸ਼ਵਰ ਸਿੰਘ, ਹੁਸ਼ਿਆਰਪੁਰ ਜ਼ਿਲ੍ਹਾ ਕਾਂਗਰਸ ਮੀਤ ਪ੍ਰਧਾਨ ਰਿੰਕਾ ਚੌਧਰੀ, ਲੈਂਡ ਮਾਰਗੇਜ ਬੈਂਕ ਦੇ ਸਾਬਕਾ ਚੇਅਰਮੈਨ ਰਜਿੰਦਰ ਸੋਨੀ, ਪਿੰਡ ਥਾਨਾ ਦੇ ਸਰਪੰਚ ਅਵਤਾਰ ਸਿੰਘ, ਰੋੜ ਮਾਜਰਾ ਦੇ ਸਰਪੰਚ ਰਾਜੀਵ ਰਿੰਕੂ ਕੰਡਾ, ਰੋਹਿਤ ਕੁਮਾਰ, ਅਜੇ ਕੰਡਾ, ਗੁਰਤੇਜ ਸਿੰਘ, ਕੁਲਦੀਪ ਸਿੰਘ ਸੋਨੀ ਰਾਮਜੀ ਥਾਣਾ, ਰਛਪਾਲ ਸਿੰਘ ਸਾਬਕਾ ਸਰਪੰਚ ਆਦਿ ਹਾਜ਼ਰ ਸਨ ।