ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਬਿਹਾਰ ਦੇ ਰਾਜਪਾਲ ਰਾਜਿੰਦਰ ਵਿਸ਼ਵਨਾਥ ਅਰਲੇਕਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ।
ਇਸ ਮੌਕੇ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਪ੍ਰਬੰਧਾਂ ’ਤੇ ਵੀ ਵਿਸਥਾਰ ਨਾਲ ਚਰਚਾ ਹੋਈ ਜਿਸ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਅਤੇ ਮਗਧ ਯੂਨੀਵਰਸਿਟੀ ਨਾਲ 1986 ਵਿਚ ਹੋਏ ਸਮਝੌਤੇ ਤਹਿਤ 10 ਪਾਇੰਟਾਂ ’ਤੇ ਵੀ ਚਰਚਾ ਕੀਤੀ ਗਈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਵੱਲੋਂ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਦੀ ਸਥਾਪਨਾ ਲਈ ਮੰਗ ਪੱਤਰ ਵੀ ਸੌਂਪਿਆ ਗਿਆ।
ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਜੀ ਦੇ ਸੁੰਦਰੀਕਰਨ ਸਬੰਧੀ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਤਹਿਤ ਲਾਂਘੇ ਬਾਰੇ ਵੀ ਚਰਚਾ ਹੋਈ।
ਮਾਣਯੋਗ ਰਾਜਪਾਲ ਨੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੂੰ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਅਤੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਗੁਰੂ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਇੱਛਾ ਪ੍ਰਗਟਾਈ।