ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਸ. ਅੰਮ੍ਰਿਤਪਾਲ ਸਿੰਘ ਦੀ ਪਤਨੀ ਬੀਬੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਰੋਕ ਕੇ ਪ੍ਰੇਸ਼ਾਨ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨੌਜੁਆਨੀ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਤੇ ਸਰੋਕਾਰ ਧੀਆਂ ਭੈਣਾਂ ਦੀ ਰਾਖੀ ਅਤੇ ਸਤਿਕਾ ਕਰਨ ਵਾਲੇ ਹਨ, ਪਰੰਤੂ ਮੌਜੂਦਾ ਸਰਕਾਰ ਵੱਲੋਂ ਇਸ ਤਰ੍ਹਾਂ ਬੱਚੀਆਂ ਨੂੰ ਰੋਕਣਾ ਤੇ ਸ਼ੱਕ ਦੀ ਨਿਗ੍ਹਾ ਨਾਲ ਵੇਖਣਾ ਠੀਕ ਨਹੀਂ। ਸਰਕਾਰ ਨੂੰ ਅਜਿਹੀਆਂ ਗੱਲਾਂ ਸ਼ੋਭਾ ਨਹੀਂ ਦਿੰਦੀਆਂ, ਜਿਨ੍ਹਾਂ ਨਾਲ ਪੰਜਾਬ ਦੀਆਂ ਮਾਨਤਾਵਾਂ ਦਾ ਨਿਰਾਦਰ ਹੋਵੇ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰ ਨੂੰ ਮਿਲਣਾ ਤੇ ਕਿਤੇ ਵੀ ਜਾਣਾ ਹਰ ਨਾਗਰਿਕ ਦਾ ਅਧਿਕਾਰ ਹੈ। ਬਿਨਾਂ ਕਿਸੇ ਦੋਸ਼ ਦੇ ਕਿਸੇ ਨੂੰ ਰੋਕ ਲੈਣਾ ਮਨੁੱਖੀ ਅਧਿਕਾਰਾਂ ਦਾ ਸਿੱਧਾ ਉਲੰਘਣ ਹੈ ਅਤੇ ਸਰਕਾਰ ਨੂੰ ਅਜਿਹੀਆਂ ਗੱਲਾਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਬੀ ਕਿਰਨਦੀਪ ਕੌਰ ਨੂੰ ਹਵਾਈ ਅੱਡੇ ‘ਤੇ ਰੋਕਣ ਦੀ ਕਾਰਵਾਈ ਨੇ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ ਹਨ।
ਬੀਬੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਰੋਕਣਾ ਮੰਦਭਾਗਾ- ਐਡਵੋਕੇਟ ਧਾਮੀ
This entry was posted in ਪੰਜਾਬ.