ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿਚ ਦਾਖ਼ਲ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ ਵੀ ਮੌਜੂਦ ਸਨ।
ਭਾਈ ਖੈੜਾ ਨੂੰ ਹਸਪਤਾਲ ਮਿਲਣ ਪੁੱਜੇ ਐਡਵੋਕੇਟ ਧਾਮੀ ਨੇ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘ ਸਿੱਖ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਦਾ ਹਰ ਲੋੜੀਂਦਾ ਸਹਿਯੋਗ ਕਰਨਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ। ਇਸ ਦੌਰਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਨੂੰ ਸੰਜੀਦਾ ਹੋਣ ਦੀ ਵੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਭਵਿੱਖ ਅੰਦਰ ਵੀ ਇਸ ਸਬੰਧ ਵਿਚ ਆਪਣਾ ਫ਼ਰਜ਼ ਨਿਭਾਉਂਦੀ ਰਹੇਗੀ।