ਸ੍ਰੀ ਅਨੰਦਪੁਰ ਸਾਹਿਬ – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਅੱਜ ਪੰਥਕ ਰਵਾਇਤਾਂ ਅਨੁਸਾਰ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਏ ਸੇਵਾ ਸੰਭਾਲ ਸਮਾਗਮ ਮੌਕੇ ਸਕੱਤਰ ਸ. ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ 16 ਜੂਨ, 2023 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਦਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਨਿਯੁਕਤ ਕਰਨ ਸਬੰਧੀ ਪਾਸ ਹੋਇਆ ਮਤਾ ਪੜ੍ਹਿਆ। ਇਸ ਉਪਰੰਤ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਗਿਆਨੀ ਸੁਲਤਾਨ ਸਿੰਘ ਦੇ ਨਾਮ ਦਾ ਐਲਾਨ ਕੀਤਾ, ਜਿਸ ਨੂੰ ਹਾਜਰ ਪੰਥਕ ਸਖਸ਼ੀਅਤਾਂ ਅਤੇ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਬਾਬਾ ਮਲੂਕ ਸਿੰਘ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਲ ਪੰਥ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ ਵੱਲੋਂ ਬਾਬਾ ਗੁਰਦੇਵ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਗਿਆਨੀ ਜਸਵਿੰਦਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਗਿਆਨੀ ਗੁਰਦਿਆਲ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਸਮੇਤ ਨਿਹੰਗ ਸਿੰਘ ਦਲਾਂ, ਸਿੱਖ ਟਕਸਾਲਾਂ, ਸੰਪ੍ਰਦਾਵਾਂ, ਸਭਾ ਸੁਸਾਇਟੀਆਂ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ, ਪੰਥਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਦਸਤਾਰਾਂ ਤੇ ਸਿਰੋਪਾਓ ਭੇਟ ਕੀਤੇ।
ਸਮਾਗਮ ਦੌਰਾਨ ਸੰਗਤ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਨਿਭਾਈ ਸੇਵਾ ਦੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮਾਂ ਚੁਣੌਤੀਆਂ ਭਰਿਆ ਹੈ ਜਦੋਂ ਸਰਕਾਰਾਂ ਸਿੱਖ ਸੰਸਥਾਵਾਂ ਵਿਚ ਘੁਸਪੈਠ ਕਰਕੇ ਭਰਾ ਮਾਰੂ ਜੰਗ ਕਰਵਾਉਣ ਦੇ ਰਾਹ ਤੁਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ 103 ਸਾਲਾ ਇਤਿਹਾਸ ਵਿਚ ਪਹਿਲੀ ਵਾਰ ਸਰਕਾਰ ਨੇ ਅਜਿਹੇ ਤਰੀਕੇ ਨਾਲ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਖ਼ਾਲਸਾ ਪੰਥ ਕਦੇ ਵੀ ਪ੍ਰਵਾਨ ਨਹੀਂ ਕਰੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਸਮਾਂ ਸੰਗਤ ਤੇ ਖਾਸਕਰ ਨੌਜਵਾਨੀ ਨੂੰ ਗੁਰਮਤਿ ਨਾਲ ਜੋੜਨ ਦਾ ਹੈ। ਉਨ੍ਹਾਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਸੰਚਾਰ ਸਮਾਗਮਾਂ ਵਿਚ ਆਪ ਸ਼ਾਮਲ ਹੋ ਕੇ ਅਗਵਾਈ ਕਰਦਿਆਂ ਸੰਗਤ ਨੂੰ ਗੁਰੂ ਘਰ ਨਾਲ ਜੋੜਣ।
ਇਸ ਤੋਂ ਪਹਿਲਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।