ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਹਿੱਤਾਂ ਲਈ ਸਾਂਝਾ ਮੁਹਾਜ ਤਿਆਰ ਕਰਨ ਵਿੱਚ ਨਾਕਾਮ ਰਹਿਣ ਲਈ ਉਨ੍ਹਾਂ ਦੀ ਸਿਆਸੀ ਯੋਗਤਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਸ.ਵਾਈ.ਐਲ ਮੁੱਦੇ ‘ਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਸੂਬਾਈ ਸਿਆਸਤਦਾਨਾਂ ਦਾ ਸਮਰਥਨ ਲੈਣ ਦੀ ਬਜਾਏ ਸਿਆਸੀ ਸ਼ੋਹਰਤ ਹਾਸਲ ਕਰਨ ਦੇ ਫੈਸਲੇ ਪਿੱਛੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਵਿਰੋਧੀ ਸੋਚ ਦਾ ਹੱਥ ਹੈ।
ਪ੍ਰੋ: ਸਰਚਾਂਦ ਸਿੰਘ ਨੇ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਵੱਲੋਂ ਭਗਵੰਤ ਮਾਨ ਦੀ ‘ਬਹਿਸ’ ਨੂੰ ਸਵੀਕਾਰ ਕਰਨ ਤੋਂ ਬਾਅਦ ਸਰਕਾਰ ਅਤੇ ਸਰਕਾਰੀ ਤੰਤਰ ਬੇਵੱਸ ਹੋ ਗਿਆ ਹੈ, ਪਰ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਬਹਿਸ ਤੋਂ ਭੱਜਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਸੂਬਾਈ ਮੁੱਦੇ ’ਤੇ ਸਾਰਿਆਂ ਵਿੱਚ ਸਹਿਯੋਗ ਅਤੇ ਭਰੋਸਾ ਪੈਦਾ ਕਰਨ ਦੀ ਲੋੜ ਹੈ, ਪਰ ਮੁੱਖ ਮੰਤਰੀ ਮਾਨ ਨੇ ਇਹ ਸਭ ਕੁਝ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਪਾਣੀਆਂ ਦੇ ਕੇਸ ਦਾ ਸਹੀ ਢੰਗ ਨਾਲ ਵਕਾਲਤ ਕਰਨ ਵਿੱਚ ਆਪਣੀ ਸਰਕਾਰ ਦੀ ਜਾਣਬੁਝ ਕੇ ਕੀਤੀ ਗਈ ਕੁਤਾਹੀ ਨੂੰ ਛੁਪਾਉਣ ਲਈ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਜਾਣ ਤੋਂ ਬਾਅਦ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਕੇਜਰੀਵਾਲ ਦਾ ਪੈਂਤੜਾ ਹਮੇਸ਼ਾ ਬਦਲਦਾ ਰਿਹਾ ਹੈ। ‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਪੰਜਾਬ ਦੇ ਪਾਣੀਆਂ ‘ਤੇ ਹਰਿਆਣਾ ਦੇ ‘ਹੱਕ’ ਦੀ ਵਕਾਲਤ ਕਰਨਾ ਵੀ ਕੇਜਰੀਵਾਲ ਦੀ ਸੋਚ ਦੀ ਛਾਪ ਛੱਡਦਾ ਹੈ ਕਿ ਪਾਣੀ ‘ਤੇ ਸਾਰਿਆਂ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮਾਹਿਰਾਂ ਨੇ ਹੀ ਨਹੀਂ, ਸਗੋਂ ਸੰਯੁਕਤ ਰਾਸ਼ਟਰ ਦੀ ਰਿਪੋਰਟ ਵਿੱਚ ਵੀ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਸੋਮਿਆਂ ਦੇ ਜਲਦੀ ਖਾਤਮੇ ਬਾਰੇ ਚੇਤਾਵਨੀ ਦਿੱਤੀ ਹੈ, ਇਸ ਲਈ ਸਾਨੂੰ ਇਸ ਸਬੰਧੀ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਤੋਂ ਜਵਾਬ ਚਾਹੁੰਦੇ ਹਨ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਨੂੰ ਸਥਿਰ ਕਰਨ, ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਮਾਲਕੀ ਹੱਕ ਹਾਸਲ ਕਰਨ, ਦੂਜੇ ਰਾਜਾਂ ਨੂੰ ਜਾਣ ਵਾਲੇ ਪਾਣੀਆਂ ‘ਤੇ ਰਾਇਲਟੀ ਲੈਣ, ਪੰਜਾਬੀਆਂ ਦਾ ਪਰਵਾਸ ਰੋਕਨ, ਸੂਬੇ ਵਿੱਚ ਲੁੱਟ-ਖੋਹ, ਗੈਂਗ ਵਾਰ ਅਤੇ ਹਿੰਸਾ ਕਾਰਨ ਆਮ ਅਤੇ ਖਾਸ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਅਤੇ ਅਮਨ-ਕਾਨੂੰਨ ਨੂੰ ਸੁਧਾਰਨ ਲਈ ਕੀ ਕਰ ਰਹੀ ਹੈ? ਪਰ ਇੱਥੇ ਨਸ਼ਿਆਂ ‘ਤੇ ਕਾਬੂ ਪਾਉਣਾ ਤਾਂ ਦੂਰ ਦੀ ਗੱਲ, ਫੜੇ ਗਏ ਨਸ਼ਾ ਤਸਕਰਾਂ ਦੇ ਮਾਮਲੇ ‘ਚ ਢਿੱਲ-ਮੱਠ ਕਾਰਨ ਸਰਕਾਰ ਨੂੰ ਹਾਈਕੋਰਟ ਤੋਂ ਫਟਕਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਙ ਜਿਨਾਂ ਨੇ ਵਾਅਦਾ ਕੀਤਾ ਸੀ ਕਿ ਸੱਤਾ ‘ਚ ਆਉਣ ‘ਤੇ ਧਰਨੇ ਦੀ ਲੋੜ ਨਹੀਂ ਪਵੇਗੀ, ਦੇ ਕਾਰਜਕਾਲ ਦੌਰਾਨ ਕਿਸਾਨ, ਮੁਲਾਜ਼ਮ ਅਤੇ ਨੌਕਰੀਆਂ ਨੂੰ ਤਰਸਦੇ ਨੌਜਵਾਨ ਸੜਕਾਂ ‘ਤੇ ਧਰਨੇ ਦੇਣ ਲਈ ਮਜਬੂਰ ਹਨ। ਲੋਕ ਜਾਣਨਾ ਚਾਹੁੰਦੇ ਹਨ ਕਿ ਕੇਂਦਰ ਤੋਂ ਸਿਹਤ ਸੇਵਾਵਾਂ/ ਸਹੂਲਤਾਂ ਲਈ ਮਿਲੇ 438 ਕਰੋੜ ਰੁਪਏ ਕਿੱਥੇ ਗਏ ਹਨ? ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਬਹਿਸ ਲਈ ਮਨ ਮਰਝੀ ਨਾਲ ਤਹਿ ਕਰਕੇ ਲੋਕਤੰਤਰ ਵਿੱਚ ਤਾਨਾਸ਼ਾਹੀ ਰਵੱਈਆ ਅਪਣਾਇਆ ਹੈ। ਉਨ੍ਹਾਂ ਭਗਵੰਤ ਮਾਨ ਨੂੰ ਪੰਜਾਬ ਵਿੱਚ ਦਿੱਲੀ ਮਾਡਲ ਨਾ ਅਪਣਾਉਣ ਦੀ ਸਲਾਹ ਦਿੱਤੀ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਸਵਾਲ ਕੀਤਾ ਕਿ ਉਨ੍ਹਾਂ ਅਨੁਸਾਰ ਪਿਛਲੇ ਸਮੇਂ ਵਿੱਚ ਸਿਆਸਤਦਾਨਾਂ ਨੇ ਪੰਜਾਬ ਨੂੰ ‘ਲੁੱਟਿਆ’ ਹੈ,ਤਾਂ ਉਨ੍ਹਾਂ ਲੁਟੇਰਿਆਂ ਨੂੰ ਅੰਦਰ ਭੇਜਣ ਤੋਂ ਉਨਾਂ ਨੂੰ ਕੌਣ ਰੋਕ ਰਿਹਾ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਮੈਂਬਰਾਂ ਤੋਂ ਲੈ ਕੇ ਨੌਕਰੀਆਂ ਦੇ ਮੌਕੇ ਦੇ ਕੇ ਪੰਜਾਬੀਆਂ ਨਾਲ ਲਗਾਤਾਰ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਨੂੰ ਖੁਸ਼ਖਬਰੀ ਦੇਣ ਦੀ ਗੱਲ ਕਰ ਰਹੇ ਹਨ, ਪਰ ਪ੍ਰੋ. ਬਲਵਿੰਦਰ ਕੌਰ ਖੁਦਕੁਸ਼ੀ ਮਾਮਲੇ ਨੇ ਸਭ ਕੁਝ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 3.27 ਕਰੋੜ ਰੁਪਏ ਦੇ ਕਰਜ਼ੇ ਕਾਰਨ ਅੱਜ ਪੰਜਾਬ ਦੀ ਵਿੱਤੀ ਹਾਲਤ ਬੇਹੱਦ ਤਣਾਅਪੂਰਨ ਹੈ। ਨਾ ਤਾਂ ਮਾਲੀਆ ਵਧ ਰਿਹਾ ਹੈ ਅਤੇ ਨਾ ਹੀ ਵਿਕਾਸ ਦੀ ਰਫ਼ਤਾਰ ਵਿਚ ਆਈ ਖੜੋਤ ਟੁੱਟ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਮਾਈਨਿੰਗ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਤੋਂ ਇਲਾਵਾ ਭ੍ਰਿਸ਼ਟਾਚਾਰ ਮੁਕਤ ਕਰਨ ’ਤੇ ਸਾਲਾਨਾ 54 ਹਜ਼ਾਰ ਕਰੋੜ ਰੁਪਏ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੀ ਗੱਲ ਦਾ ਕੀ ਬਣਿਆ?