ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਤੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਸਮੇਤ ਸਮੁੱਚੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਹਸਪਤਾਲ ਦੀ ਓ.ਪੀ.ਡੀ., ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ ਅਤੇ ਓਟ ਸੈਂਟਰ ਸਮੇਤ ਵੱਖ-ਵੱਖ ਵਾਰਡਾਂ ਵਿਖੇ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿੱਚ ਮੈਡੀਕਲ ਸਾਜੋ-ਸਮਾਨ ਦੀ ਚੈਕਿੰਗ ਵੀ ਕੀਤੀ।ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਹਸਪਤਾਲ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ।ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨੇ ਸਿਵਲ ਸਰਜਨ ਨੂੰ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਹਸਪਤਾਲ ਵਿਖੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਦਵਾਈਆਂ ਦੀ ਕੋਈ ਕਮੀ ਨਹੀਂ ਹੈ। ਸਾਰੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ।ਇਸ ਮੌਕੇ ਸਿਵਲ ਸਰਜਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਇਸ ਮੌਕੇ ਡਾ. ਪਿੑਅੰਕਾ, ਡਾ. ਜਤਿੰਦਰਪਾਲ ਸਿੰਘ, ਡਾ. ਮਨਦੀਪ ਕੌਰ, ਅਪਥਲਮਿਕ ਅਫ਼ਸਰ ਹਰਜਿੰਦਰ ਸਿੰਘ, ਚੀਫ ਫਾਰਮੇਸੀ ਅਫ਼ਸਰ ਜੋਗਿੰਦਰ ਦਾਸ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।
ਮੁਫ਼ਤ ਸਿਹਤ ਸਹੂਲਤਾਂ ਦਾ ਲੋਕ ਵੱਧ ਤੋਂ ਵੱਧ ਲਾਭ ਉਠਾਉਣ : ਸਿਵਲ ਸਰਜਨ ਡਾ. ਜਸਪ੍ਰੀਤ ਕੌਰ
This entry was posted in ਪੰਜਾਬ.