ਅੰਮ੍ਰਿਤਸਰ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਾਰਗ ਤੇ ਕੱਢੇ ਜਾ ਰਹੇ ‘ਆਪੇ ਗੁਰੁ ਚੇਲਾ’ ਨਗਰ ਕੀਰਤਨ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ।
ਅੱਜ ਚੌਥੇ ਦਿਨ ਇਹ ਨਗਰ ਕੀਰਤਨ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ’ਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਉਪਰੰਤ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ।
ਨਗਰ ਕੀਰਤਨ ਗੁਰਦੁਆਰਾ ਮੈਹਦੇਆਣਾ ਸਾਹਿਬ ਪਾਤਸ਼ਾਹੀ ਦਸਵੀਂ ਤੋਂ ਚੱਲ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ’ਤੇ ਗੁਰਦੁਆਰਾ ਨਾਨਕਸਰ ਸਾਹਿਬ ਪਾਤਸ਼ਾਹੀ ਪਹਿਲੀ ਤੇ ਛੇਵੀਂ, ਤਖ਼ਤੂਪੁਰਾ, ਨਿਹਾਲ ਸਿੰਘ ਵਾਲਾ, ਪੱਤੋ ਹੀਰਾ ਸਿੰਘ, ਗੁਰਦੁਆਰਾ ਲੋਹਗੜ੍ਹ ਸਾਹਿਬ ਪਾਤਸ਼ਾਹੀ ਦਸਵੀਂ ਦੀਨਾ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ ਜੈਤੋ ਵਿਖੇ ਪੁੱਜਾ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਸੀ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਵਜੋਂ ਰੁਮਾਲਾ ਸਾਹਿਬ ਭੇਟ ਕੀਤੇ ਗਏ ਅਤੇ ਪੰਜ ਪਿਆਰੇ ਸਿੰਘਾਂ ਨੂੰ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ। ਨਗਰ ਕੀਰਤਨ ਨਾਲ ਚਲ ਰਹੀ ਗੁਰੂ ਸਾਹਿਬ ਦੇ ਸ਼ਸ਼ਤਰਾਂ ਵਾਲੀ ਬਸ ਪ੍ਰਤੀ ਸੰਗਤ ਅੰਦਰ ਵੱਡਾ ਉਤਸ਼ਾਹ ਸੀ।
ਦੱਸਣਯੋਗ ਹੈ ਕਿ ਆਪੇ ਗੁਰੁ ਚੇਲਾ ਨਗਰ ਕੀਰਤਨ 14 ਜਨਵਰੀ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਪਾਤਸ਼ਾਹੀ ਦਸਵੀਂ ਜੈਤੋ ਤੋਂ ਚਲ ਕੇ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਕੇਵਲ ਸਿੰਘ ਬਾਦਲ, ਸ. ਜਗਜੀਤ ਸਿੰਘ ਤਲਵੰਡੀ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਸ. ਗੁਰਲਾਲ ਸਿੰਘ, ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਆਰ ਐਸ ਕਲੇਰ, ਬਾਬਾ ਕੁਲਵੰਤ ਸਿੰਘ ਮੈਹਦੇਆਣਾ ਸਾਹਿਬ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਮਾਲਵਾ ਜੋਨ ਦੇ ਇੰਚਾਰਜ ਸ. ਜਗਪਾਲ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।