ਅੰਮ੍ਰਿਤਸਰ – ਪਿਛਲੇ ਲਗਭਗ ਇੱਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੰਘਾਂ ਦੇ ਮਾਮਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਸਬ-ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ 13 ਮਾਰਚ 2024 ਤੱਕ ਮੁਲਾਕਾਤ ਦਾ ਸਮਾਂ ਦੇਣ ਲਈ ਆਖਿਆ ਹੈ।
ਪੰਜ ਮੈਂਬਰੀ ਸਬ-ਕਮੇਟੀ ਦੀ ਇਕੱਤਰਤਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੰਮ੍ਰਿਤਸਰ ਵਿਖੇ ਹੋਈ। ਇਕੱਤਰਤਾ ਵਿੱਚ ਸਬ-ਕਮੇਟੀ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਿੱਖ ਚਿੰਤਕ ਸ. ਅਜਮੇਰ ਸਿੰਘ ਅਤੇ ਡਾ. ਸੁਖਪ੍ਰੀਤ ਸਿੰਘ ਉੱਦੋਕੇ ਹਾਜ਼ਰ ਸਨ। ਲਗਭਗ 3 ਘੰਟੇ ਚਲੀ ਇਕੱਤਰਤਾ ਵਿੱਚ ਡਿਬਰੂਗੜ੍ਹ ਅਤੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੇ ਮਾਮਲਿਆਂ ਸਬੰਧੀ ਦੀਰਘ ਵਿਚਾਰ-ਵਟਾਂਦਰਾ ਕੀਤਾ ਗਿਆ।
ਇਕੱਤਰਤਾ ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੇ ਘਾਣ ਅਤੇ ਰਚੀਆਂ ਜਾ ਰਹੀਆਂ ਸਾਜ਼ਸ਼ਾਂ ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਡਿਬਰੂਗੜ੍ਹ ਜੇਲ੍ਹ ਅਤੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਭੁੱਖ ਹੜਤਾਲ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਨਜ਼ਰਬੰਦ ਸਿੰਘਾਂ ਦੇ ਪਰਿਵਾਰ ਵੀ ਭੁੱਖ ਹੜਤਾਲ ਉੱਤੇ ਬੈਠੇ ਹਨ ਪਰੰਤੂ ਸਰਕਾਰ ਵੱਲੋਂ ਇਸ ਪ੍ਰਤੀ ਨਕਾਰਾਤਮਕ ਰਵੱਈਆ ਅਖਤਿਆਰ ਕੀਤਾ ਹੋਣ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।
ਸ. ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਅੱਜ ਦੀ ਇਕੱਤਰਤਾ ਵਿੱਚ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਨੂੰ 13 ਮਾਰਚ 2024 ਤੱਕ ਸਮਾਂ ਦੇਣ ਲਈ ਆਖਿਆ ਗਿਆ ਹੈ ਤਾਂ ਜੋ ਨਜ਼ਰਬੰਦ ਸਿੰਘਾਂ ਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਗੱਲਬਾਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਜੇਕਰ ਮੁੱਖ ਮੰਤਰੀ ਪੰਜਾਬ ਵੱਲੋਂ 13 ਮਾਰਚ 2024 ਤੱਕ ਸਮਾਂ ਨਹੀਂ ਦਿੱਤਾ ਜਾਂਦਾ ਜਾਂ ਸਮਾਂ ਦੇ ਕੇ ਵੀ ਮਸਲੇ ਦੇ ਹੱਲ ਵਾਸਤੇ ਕੋਈ ਸਾਰਥਕ ਹੁੰਗਾਰਾ ਨਹੀਂ ਭਰਿਆ ਜਾਂਦਾ ਤਾਂ ਅਗਲੇ ਪ੍ਰੋਗਰਾਮ ਬਾਰੇ ਵਿਚਾਰ ਕਰਨ ਵਾਸਤੇ ਮਿਤੀ 14 ਮਾਰਚ 2024 ਨੂੰ ਸਬ-ਕਮੇਟੀ ਦੀ ਇਕੱਤਰਤਾ 2 ਵਜੇ ਇਕੱਤਰਤਾ ਹਾਲ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਰੱਖ ਲਈ ਗਈ ਹੈ।