ਅੰਮ੍ਰਿਤਸਰ – 325ਵੇਂ ਖ਼ਾਲਸਾ ਸਾਜਣਾ ਦਿਵਸ ਮੌਕੇ ਅੱਜ ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਰਵੀਂ ਗਿਣਤੀ ’ਚ ਸੰਗਤਾਂ ਨਤਮਸਤਕ ਹੋਈਆਂ। ਸ਼ਰਧਾਲੂਆਂ ਨੇ ਇਸ ਪਾਵਨ ਅਸਥਾਨ ’ਤੇ ਹਾਜ਼ਰੀ ਭਰ ਕੇ ਜਿਥੇ ਗੁਰਬਾਣੀ ਕੀਰਤਨ ਸਰਵਨ ਕੀਤਾ, ਉਥੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਈ। ਇਸੇ ਦੌਰਾਨ ਹਰ ਸਾਲ ਵਾਂਗ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਬੀਤੇ ਕੱਲ੍ਹ ਤੋਂ ਸਜੇ ਧਾਰਮਿਕ ਦੀਵਾਨ ਵਿਚ ਸਿੱਖ ਧਰਮ ਦੇ ਪ੍ਰਚਾਰਕ, ਕਥਾਵਾਚਕ, ਰਾਗੀ, ਢਾਡੀ ਅਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਖਾਲਸਾ ਪੰਥ ਦੇ ਸਾਜਣਾ ਦਿਹਾੜੇ ਦਾ ਸ਼ਾਨਾਮਤਾ ਇਤਿਹਾਸ ਨਾਲ ਜੋੜਿਆ।
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ। ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਵੀ ਕੀਤੀ ਗਈ ਹੈ।