ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਸ਼ਰਾਰਤੀ ਅਨਸਰਾਂ ਵੱਲੋਂ ਮੋਗਾ ਜਿਲ੍ਹਾ ਦੇ ਪਿੰਡ ਧੱਲੇਕੇ ਦੇ ਗੁਰਦੁਆਰਾ ਸਾਹਿਬ ’ਤੇ ਕੀਤੇ ਹਮਲੇ ਦੀ ਜ਼ੋਰਦਾਰ ਨਿੰਦਾ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ।
ਇਥੋਂ ਜਾਰੀ ਇਕ ਪ੍ਰੈੱਸ ਰੀਲੀਜ਼ ’ਚ ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਵਲੋਂ ਗੁਰਦੁਆਰਾ ਸਾਹਿਬ ’ਤੇ ਪਥਰਾਓ ਕੀਤੇ ਜਾਣ ਦੀ ਘਟਨਾ ਨਾਲ ਸਿੱਖ ਭਾਈਚਾਰੇ ’ਚ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਦੀ ਸਿੱਖ ਭਾਈਚਾਰੇ ਦੀ ਧਾਰਮਿਕ ਮਰਯਾਦਾ ਵਿਚ ਦਖ਼ਲ ਅੰਦਾਜ਼ੀ ਅਤੇ ਪੰਜਾਬ ਦੇ ਅਮਨ ਚੈਨ ਨੂੰ ਖਰਾਬ ਕੀਤੇ ਜਾਣ ਦੀ ਇਸ ਨਿੰਦਨਯੋਗ ਕਾਰਵਾਈ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਘਟਨਾ ਦੇ ਦੋਸ਼ੀਆਂ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਮੁੜ ਨਾ ਵਾਪਰੇ। ਉਨ੍ਹਾਂ ਸਮੂਹ ਸਿੱਖ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਪੰਥ ਦੋਖੀਆਂ ਦੀਆਂ ਇਨ੍ਹਾਂ ਹਰਕਤਾਂ ਤੋਂ ਸੁਚੇਤ ਰਹਿਣ ਅਤੇ ਇਸ ਨਾਜੁਕ ਮੌਕੇ ਸੰਜਮ ਤੋਂ ਕੰਮ ਲੈਣ।