ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ 20 ਦਿਨਾਂ ਤੋਂ ਵੱਧ ਸਮੇਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ‘ਤੇ ਕਿਸੇ ਵੀ ਮਾੜੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਕਿਸਾਨਾਂ ਦੋਵਾਂ ਨੂੰ ਸਥਿਤੀ ਨਾਲ ਤੁਰੰਤ ਨਜਿੱਠਣ ਦੀ ਅਪੀਲ ਕਰਦਿਆਂ ਫੌਰੀ ਦਖਲ ਦੀ ਲੋੜ ‘ਤੇ ਜ਼ੋਰ ਦਿੱਤਾ।
ਸੁਪਰੀਮ ਕੋਰਟ ਨੇ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਡੱਲੇਵਾਲ ਦੇ ਮਰਨ ਵਰਤ ਨੂੰ ਖਤਮ ਕਰਵਾਣ ਲਈ ਕਿਹਾ ਹੈ । ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਕਿਹਾ ਕਿ ਕਿਸਾਨ ਆਗੂਆਂ ਨੂੰ ਜੋ ਵੀ ਸਮੱਸਿਆ ਹੈ, ਉਹ ਸਿੱਧੇ ਸੁਪਰੀਮ ਕੋਰਟ ਨੂੰ ਦੱਸ ਸਕਦੇ ਹਨ, ਕਿਸਾਨਾਂ ਲਈ ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿਣਗੇ। ਸੁਪਰੀਮ ਕੋਰਟ ਨੇ ਕਿਹਾ ਕਿ ਹਰ ਵਿਅਕਤੀ ਦੀ ਜਾਨ ਕੀਮਤੀ ਹੈ ।
ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ 19 ਦਸੰਬਰ ਨੂੰ ਦੁਪਹਿਰ 2 ਵਜੇ ਸੁਪਰੀਮ ਕੋਰਟ ‘ਚ ਮੁੜ ਸੁਣਵਾਈ ਹੋਵੇਗੀ। ਅਦਾਲਤ ਅੰਦਰ ਸੁਣਵਾਈ ਦੌਰਾਨ ਭਾਰਤ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ, ਪੰਜਾਬ ਦੀ ਤਰਫੋਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਪੇਸ਼ ਹੋਏ।
ਸੁਪਰੀਮ ਕੋਰਟ ਨੇ ਆਪਣੇ ਹੁਕਮਾਂ ਵਿੱਚ ਪੰਜਾਬ ਸਰਕਾਰ ਨੂੰ ਡਾਕਟਰਾਂ ਦੀ ਸਲਾਹ ਅਨੁਸਾਰ ਡੱਲੇਵਾਲ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਦੁਹਰਾਇਆ ਕਿ ਕਿਸਾਨਾਂ ਲਈ ਆਪਣੀਆਂ ਮੰਗਾਂ ਸਿੱਧੇ ਜਾਂ ਨੁਮਾਇੰਦਿਆਂ ਰਾਹੀਂ ਰੱਖਣ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਨੂੰ ਯਕੀਨੀ ਬਣਾਉਣ ਲਈ ਉਸ ਦੇ ਦਰਵਾਜ਼ੇ ਖੁੱਲ੍ਹੇ ਹਨ।