ਵਰਲਡ ਸਿੱਖ ਪਾਰਲੀਮੈਂਟ ਵੱਲੋਂ ਪੀਲੀਭੀਤ ‘ਚ ਸਿੱਖ ਨੌਜਵਾਨਾਂ ਦੇ ਗੈਰ-ਨਿਆਇਕ ਕਤਲਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ

IMG-20241224-WA0011(1).resizedਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਵਰਲਡ ਸਿੱਖ ਪਾਰਲੀਮੈਂਟ ਤਿੰਨ ਸਿੱਖ ਨੌਜਵਾਨਾਂ-ਗੁਰਵਿੰਦਰ ਸਿੰਘ (25), ਵਰਿੰਦਰ ਸਿੰਘ ਉਰਫ਼ ਰਵੀ (23), ਅਤੇ ਜਸਪ੍ਰੀਤ ਸਿੰਘ (17) – ਦੇ ਪੰਜਾਬ ਪੁਲਿਸ ਅਤੇ ਯੂ ਪੀ ਪੁਲਿਸ ਵੱਲੋਂ ਮਿਲ ਕੇ ਕੀਤੇ ਗਏ ਇੱਕ ਝੂਠੇ ਪੁਲਿਸ ਮੁਕਾਬਲੇ ਵਿੱਚ ਕੀਤੇ ਗਏ ਗੈਰ-ਨਿਆਇਕ ਕਤਲਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ । ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਵਾਪਰੀ ਇਹ ਘਿਨਾਉਣੀ ਕਾਰਵਾਈ ਮਨੁੱਖੀ ਅਧਿਕਾਰਾਂ ਦੇ ਘੋਰ ਉਲੰਘਣਾ ਨੂੰ ਦਰਸਾਉਂਦੀ ਹੈ ਅਤੇ ਸਿੱਖਾਂ ਦਾ ਘਾਣ ਕਰਨ ਲਈ ਭਾਰਤ ਸਰਕਾਰ ਵੱਲੋਂ ਵਰਤੀ ਜਾਂਦੀ ਰਾਜਕੀ ਹਿੰਸਾ ਦੇ ਇਤਿਹਾਸਕ ਨਮੂਨੇ ਨੂੰ ਦਰਸਾਉਂਦੀ ਹੈ।

ਵਰਲਡ ਸਿੱਖ ਪਾਰਲੀਮੈਂਟ ਦੇ ਆਗੂਆਂ    ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਜਤਿੰਦਰ ਸਿੰਘ ਜਰਮਨੀ, ਭਾਈ ਜਸਵਿੰਦਰ ਸਿੰਘ,ਹਰਜੋਤ ਸਿੰਘ ਸੰਧੂ ਹਾਲੈਂਡ,ਭਾਈ ਪਿ੍ਰਤਪਾਲ ਸਿੰਘ ਸਵਿਟਜ਼ਰਲੈਂਡ ਨੇ ਪ੍ਰੈੱਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਹਨਾਂ ਨੌਜਵਾਨਾਂ ਨੂੰ ਕੁਝ ਦਿਨ ਪਹਿਲਾਂ ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਪੀਲੀਭੀਤ ਦੇ ਪੂਰਨਪੁਰ ਲਿਜਾਇਆ ਗਿਆ , ਜਿੱਥੇ ਉਹਨਾਂ ਨੂੰ ਤਸੀਹੇ ਦੇਣ ਤੋਂ ਬਾਅਦ ਇੱਕ ਝੂਠੇ ਪੁਲਿਸ ਮੁਕਾਬਲੇ ਦੀ ਆੜ ਵਿੱਚ ਗੋਲੀਆਂ ਮਾਰ ਦਿੱਤੀਆਂ ਗਈਆਂ । ਪੰਜਾਬ ਪੁਲਿਸ ਦੁਆਰਾ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿੱਚ ਤਿੰਨ ਨੌਜਵਾਨਾਂ ਨੂੰ ਮੌਤ ਤੋਂ ਪਹਿਲਾਂ ਅਤੇ ਬਾਅਦ ਵਿੱਚ ਇੱਕੋ ਜਿਹੇ ਕੱਪੜਿਆਂ ਵਿੱਚ ਦਿਖਾਇਆ ਗਿਆ ਹੈ, ਜੋ ਇਹ ਦਰਸਾਉਂਦਾ ਹੈ ਕਿ ਉਹ ਕਥਿਤ ਮੁਕਾਬਲੇ ਤੋਂ ਪਹਿਲਾਂ ਹੀ ਇਹ ਨੌਜਵਾਨ ਪੁਲਿਸ ਹਿਰਾਸਤ ਵਿੱਚ ਸਨ।

ਪੀਲੀਭੀਤ ਵਿੱਚ ਸਿੱਖ ਨੌਜਵਾਨਾਂ ਦੇ ਗੈਰਕਾਨੂੰਨੀ ਕਤਲਾਂ ਦੀ ਇਹ ਘਟਨਾ 1980 ਅਤੇ 1990 ਦੇ ਦਹਾਕੇ ਦੀਆਂ ਦਰਦਨਾਕ ਯਾਦਾਂ ਨੂੰ ਤਾਜ਼ਾ ਕਰਦੀ ਹੈ, ਜਦੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਿੱਖ ਨੌਜਵਾਨਾਂ ਨੂੰ ਲੱਖਾਂ ਦੀ ਤਾਦਾਦ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਕਤਲ ਕਰਕੇ ਸਰਕਾਰੀ ਅੱਤਵਾਦ ਦਾ ਨਿਸ਼ਾਨਾ ਬਣਾਇਆ ਗਿਆ । ਚੜ੍ਹਦੀ ਉਮਰ ਦੇ ਨੌਜਵਾਨ ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਦਾ ਗੈਰ-ਨਿਆਇਕ ਕਤਲ ਇਹ ਦਰਸਾਉਂਦਾ ਹੈ ਕਿ ਭਾਰਤੀ ਸਰਕਾਰ ਆਪਣੇ ਹੱਕਾਂ ਦੀ ਮੰਗ ਕਰਦੇ ਸਿੱਖਾਂ ਦੀ ਅਵਾਜ਼ ਨੂੰ ਸਰਕਾਰੀ ਹਿੰਸਾ ਨਾਲ ਦਬਾਉਣ ਦੀ ਪੁਰਾਣੀ ਨੀਤੀ ਉੱਤੇ ਹੀ ਚੱਲ ਰਹੀ ਹੈ ਅਤੇ ਸਿੱਖਾਂ ਨੂੰ ਅੱਤਵਾਦੀ ਅਤੇ ਅਪਰਾਧੀ ਦਰਸਾ ਕੇ ਸਿੱਖ ਵਿਰੋਧੀ ਬਿਰਤਾਂਤ ਨੂੰ ਹਵਾ ਦੇ ਰਹੀ ਹੈ ।

ਵਰਲਡ ਸਿੱਖ ਪਾਰਲੀਮੈਂਟ ਮ੍ਰਿਤਕ ਨੌਜਵਾਨਾਂ ਵਿਰੁੱਧ ਪੁਲਿਸ ਵੱਲੋਂ ਲਗਾਏ ਜਾ ਰਹੇ ਬੇਬੁਨਿਆਦ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰਦੀ ਹੈ। ਅਜਿਹੇ ਇਲਜ਼ਾਮ ਅਕਸਰ ਪੁਲਿਸ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਨੂੰ ਜਾਇਜ਼ ਠਹਿਰਾਉਣ ਲਈ ਲਗਾਏ ਜਾਂਦੇ ਹਨ । ਪੰਜਾਬ ਪੁਲਿਸ ਦੇ ਨਾਲ ਨਾਲ ਯੂ ਪੀ ਪੁਲਿਸ ਵੀ ਝੂਠੇ ਪੁਲਿਸ ਮੁਕਾਬਲੇ ਕਰਨ ਲਈ ਬਦਨਾਮ ਹੈ । ਪਿੱਛੇ ਜਿਹੇ ਜਾਰੀ ਇੱਕ ਰਿਪੋਰਟ ਅਨੁਸਾਰ ਪਿਛਲੇ ਸੱਤ ਸਾਲਾਂ ਵਿੱਚ ਉੱਤਰ ਪ੍ਰਦੇਸ਼ ਵਿੱਚ 12,964 ਤੋਂ ਵੱਧ ਪੁਲਿਸ ਮੁਕਾਬਲਿਆਂ ਦੇ ਚਿੰਤਾਜਨਕ ਅੰਕੜੇ ਸਾਹਮਣੇ ਆਏ ਜਿਸ ਤੋਂ ਸਬੂਤ ਮਿਲਦਾ ਹੈ ਕਿ ਪੁਲਿਸ ਨੂੰ ਮਨਮਾਨੀ ਕਰਨ ਦੀ ਪੂਰੀ ਖੁੱਲ੍ਹ ਮਿਲੀ ਹੋਈ ਹੈ ਤੇ ਉਹਨਾਂ ਦੀਆਂ ਗੈਰ ਕਾਨੂੰਨੀ ਹਰਕਤਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ।

ਤਿੰਨ ਸਿੱਖ ਨੌਜਵਾਨਾਂ ਦਾ ਇਹ ਤਾਜ਼ਾ ਕਤਲ ਇਸ ਗੱਲ ਦੀ ਇੱਕ ਉੱਘੜਵੀਂ ਮਿਸਾਲ ਹੈ ਕਿ ਕਿਵੇਂ ਹਿੰਦੂਤਵੀ ਨੀਤੀਆਂ ਦੁਆਰਾ ਉਤਸ਼ਾਹਿਤ ਭਾਰਤ ਸਰਕਾਰ ਦੀਆਂ ਏਜੰਸੀਆਂ, ਡਰ ਪੈਦਾ ਕਰਨ ਅਤੇ ਹੱਕੀ ਆਵਾਜ਼ਾਂ ਨੂੰ ਦਬਾਉਣ ਲਈ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਂਦੀਆਂ ਹਨ । ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦਾ ਸਰਕਾਰੀ ਜਬਰ ਦੇ ਕੁਹਾੜੇ ਦਾ ਦਸਤਾ ਬਣਨ ਦਾ ਇੱਕ ਲੰਮਾਂ ਤੇ ਦੁਖਦਾਈ ਇਤਿਹਾਸ ਹੈ ।

ਅਸੀਂ ਅੰਤਰਰਾਸ਼ਟਰੀ ਭਾਈਚਾਰੇ, ਮਨੁੱਖੀ ਅਧਿਕਾਰ ਸੰਗਠਨਾਂ ਅਤੇ ਵਿਦੇਸ਼ੀ ਵਸਦੇ ਸਿੱਖਾਂ ਨੂੰ ਭਾਰਤ ਸਰਕਾਰ ਅਤੇ ਪੰਜਾਬ ਪੁਲਿਸ ਦੀਆਂ ਇਨ੍ਹਾਂ ਗੈਰ ਕਾਨੂੰਨੀ ਹਿੰਸਾ ਦੀਆਂ ਕਾਰਵਾਈਆਂ ਵਿਰੁੱਧ ਇਕਜੁੱਟਤਾ ਵਿੱਚ ਖੜ੍ਹੇ ਹੋਣ ਅਤੇ ਹੱਕ ਅਤੇ ਇਨਸਾਫ ਦੀ ਆਵਾਜ਼ ਨੂੰ ਬੁਲੰਦ ਕਰਨ ਦਾ ਸੱਦਾ ਦਿੰਦੇ ਹਾਂ । ਅਸੀਂ ਇਹ ਸੰਦੇਸ਼ ਭਾਰਤ ਦੇ ਜ਼ਾਲਮ ਹਾਕਮਾਂ ਨੂੰ ਦੇਣਾ ਚਾਹੁੰਦੇ ਹਾਂ ਕਿ ਸਿੱਖ ਕੌਮ ਨੂੰ ਜ਼ੁਲਮ ਕਰਕੇ ਚੁੱਪ ਨਹੀਂ ਕਰਵਾਇਆ ਜਾ ਸਕਦਾ, ਅਤੇ ਅਸੀਂ ਨਿਆਂ ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣ ਲਈ ਹਰ ਕਦਮ ਚੁੱਕਾਂਗੇ ।

ਵਰਲਡ ਸਿੱਖ ਪਾਰਲੀਮੈਂਟ ਸਪੱਸ਼ਟ ਕਰਦੀ ਹੈ ਕਿ ਸਿੱਖਾਂ ਦੇ ਕਾਤਲ ਅਤੇ ਮਨੁੱਖਤਾ ਵਿਰੁੱਧ ਅਪਰਾਧ ਕਰਨ ਵਾਲਿਆਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਵੇਗੀ । ਸਿੱਖ ਨੌਜਵਾਨਾਂ ਤੇ ਤਸ਼ੱਦਦ ਅਤੇ ਉਨ੍ਹਾਂ ਨੂੰ ਕਤਲ ਕਰਨ ਲਈ ਜਿੰਮੇਵਾਰ ਅਫਸਰ, ਅਤੇ ਉਹਨਾਂ ਨੂੰ ਹੁਕਮ ਦੇਣ ਵਾਲਿਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਇਹ ਸਿਰਫ਼ ਸਿੱਖ ਕੌਮ ਦੀ ਲੜਾਈ ਨਹੀਂ ਹੈ, ਸਗੋਂ ਮਨੁੱਖੀ ਸਨਮਾਨ, ਨਿਆਂ ਅਤੇ ਕਾਨੂੰਨ ਦੇ ਰਾਜ ਦੀ ਲੜਾਈ ਹੈ ਜੋ ਕਿ ਜਿੱਤ ਦੀ ਪਰਾਪਤੀ ਤੱਕ ਜਾਰੀ ਰਹੇਗੀ ।

This entry was posted in ਅੰਤਰਰਾਸ਼ਟਰੀ, ਮੁਖੱ ਖ਼ਬਰਾਂ.

Leave a Reply

Your email address will not be published. Required fields are marked *

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <strike> <strong>