ਲੁਧਿਆਣਾ:- ਮਲਾਵੀ ਤੋਂ ਇਕ ਉੱਚ ਪੱਧਰੀ ਵਫਦ ਜਿਸ ਦੀ ਅਗਵਾਈ ਪ੍ਰੋਫੈਸਰ ਜੌਰਜ ਕਨਿਆਮਾ ਫਿਰੀ ਕਰ ਰਹੇ ਸਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਵਫਦ ਨੇ ਵਿਸ਼ੇਸ਼ ਤੌਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਮਨਜੀਤ ਸਿੰਘ ਕੰਗ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਪ੍ਰੋਫੈਸਰ ਫਿਰੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ ਦੇਸ਼ ਵਿੱਚ ਹਰੇ ਇਨਕਲਾਬ ਦੀ ਆਮਦ ਵਿੱਚ ਪਾਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ਤੇ ਮਲਾਵੀ ਵਿੱਚ ਖੇਤੀਬਾੜੀ ਦੀ ਤਾਜ਼ਾ ਸਥਿਤੀ ਸਾਰਿਆਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਮਲਾਵੀ ਵਿਖੇ ਭੋਜਨ ਸੁਰੱਖਿਆ ਲਈ ਖਾਦਾਂ ਦੀ ਸੁਚੱਜੀ ਵਰਤੋਂ, ਵਾਤਾਵਰਨ ਪਰਿਵਰਤਨ, ਭੋਜਨ ਭੰਡਾਰ ਅਤੇ ਨਿੱਜੀ ਅਦਾਰਿਆਂ ਦਾ ਖੇਤੀਬਾੜੀ ਵਿੱਚ ਯੋਗਦਾਨ ਵਿਸ਼ੇ ਤੇ ਵਿਸੇਸ਼ ਤੌਰ ਤੇ ਸੰਭਾਵਨਾਵਾਂ ਲੱਭਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ; ਮਨਜੀਤ ਸਿੰਘ ਕੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਣਕ ਦੀਆਂ ਮੈਕਸੀਕੋ ਤੋਂ ਆਈਆਂ ਕਿਸਮਾਂ ਨਾਲ ਹਰੇ ਇਨਕਲਾਬ ਦੀ ਪੈੜ ਪਈ। ਡਾ: ਕੰਗ ਨੇ ਦੱਸਿਆ ਕਿ ਸਾਲ 1972 ਤਕ ਕਣਕ ਅਤੇ ਹੋਰ ਅਨਾਜ ਤਿਆਰ ਕਰਨ ਲਈ ਭਾਰਤ ਮੁਲਕ ਆਤਮ ਨਿਰਭਰ ਹੋ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਯੂਨੀਵਰਸਿਟੀ ਦੀ ਹੋਂਦ ਤੋਂ ਲੈ ਕੇ ਅੱਜ ਤਕ 700 ਤੋਂ ਵੱਧ ਵੱਖ-ਵੱਖ ਫ਼ਸਲਾਂ ਦੀਆਂ ਜਿਣਸਾਂ ਤਿਆਰ ਕੀਤੀਆਂ ਗਈਆਂ ਹਨ ਜਿਨ੍ਹਾਂ ਨੂੰ ਸਿਰਫ ਖੇਤਰੀ ਪੱਧਰ ਤੇ ਨਹੀਂ ਸਗੋਂ ਕੌਮਾਂਤਰੀ ਪੱਧਰ ਤੇ ਵੀ ਭਰਪੂਰ ਸਲਾਹਿਆ ਗਿਆ। ਡਾ: ਕੰਗ ਨੇ ਦੱਸਿਆ ਕਿ ਤਕਨਾਲੋਜੀ ਤਿਆਰ ਕਰਨ ਅਤੇ ਉਸਦੇ ਪਸਾਰੇ ਲਈ ਕਿਸਾਨਾਂ ਦੀ ਜ਼ਰੂਰਤ ਅਨੁਸਾਰ ਤਬਦੀਲੀਆਂ ਕੀਤੀਆਂ ਜਾਂਦੀਆਂ ਹਨ। ਡਾ: ਕੰਗ ਨੇ ਇਸ ਮੌਕੇ ਕਿਹਾ ਕਿ ਦੋਹਾਂ ਯੂਨੀਵਰਸਿਟੀਆਂ ਦੇ ਆਪਸੀ ਸਹਿਯੋਗ ਨਾਲ ਖੇਤੀਬਾੜੀ ਦੇ ਖੇਤਰ ਵਿੱਚ ਚੌਖਾ ਲਾਹਾ ਲਿਆ ਜਾ ਸਕਦਾ ਹੈ। ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ: ਸਤਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਵੱਲੋਂ ਕੀਤੀ ਜਾ ਰਹੀ ਖੋਜ ਬਾਰੇ ਚਾਨਣਾ ਪਾਇਆ। ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ: ਮੁਖਤਾਰ ਸਿੰਘ ਗਿੱਲ ਨੇ ਦੱਸਿਆ ਕਿ ਤਕਨਾਲੋਜੀ ਦੇ ਪਸਾਰੇ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਫਾਰਮ ਸਲਾਹਕਾਰੀ ਕੇਂਦਰ ਸਥਾਪਿਤ ਕੀਤੇ ਗਏ ਹਨ। ਨੌਜਵਾਨ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਇਨ੍ਹਾਂ ਕ੍ਰਿਸ਼ੀ ਵਿਗਿਆਨ ਕੇਂਦਰਾਂ ਵਿੱਚ ਸਿਖਲਾਈ ਪ੍ਰਦਾਨ ਕੀਤੀ ਜਾਂਦੀ ਹੈ। ਖੇਤੀਬਾੜੀ ਇੰਜੀਨੀਅਰਿੰਗ ਕਾਲਜ ਦੇ ਡੀਨ ਡਾ: ਪਰਿਤਪਾਲ ਸਿੰਘ ਲੁਬਾਣਾ ਨੇ ਵਫਦ ਨੂੰ ਵਿਸ਼ੇਸ਼ ਤੌਰ ਤੇ ਪਾਣੀ ਦੀ ਸਾਂਭ ਸੰਭਾਲ ਲਈ ਵਿਕਸਤ ਤਕਨਾਲੋਜੀ ਬਾਰੇ ਚਾਨਣਾ ਪਾਇਆ। ਖੇਤੀਬਾੜੀ ਕਾਲਜ ਦੇ ਡੀਨ ਡਾ: ਦਵਿੰਦਰ ਸਿੰਘ ਚੀਮਾ ਨੇ ਕਾਲਜ ਵੱਲੋਂ ਵੱਖ-ਵੱਖ ਵਿਦਿਅਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਯੂਨੀਵਰਸਿਟੀ ਦੇ ਡੀਨ ਪੋਸਟ ਗਰੈਜੂਏਟ ਸਟੱਡੀਜ਼ ਡਾ: ਗੁਰਸ਼ਰਨ ਸਿੰਘ ਨੇ ਇਸ ਮੌਕੇ ਜਾਣਕਾਰੀ ਵਧਾਉਂਦਿਆਂ ਦੱਸਿਆ ਕਿ ਯੂਨੀਵਰਸਿਟੀ ਵਿੱਚ ਵੱਖ-ਵੱਖ 35 ਵਿਭਾਗ ਸਥਾਪਿਤ ਕੀਤੇ ਗਏ ਹਨ । ਇਸ ਫੇਰੀ ਨੂੰ ਕੋਅਰਡੀਨੇਟ ਕਰ ਰਹੇ ਅਪਰ ਨਿਰਦੇਸ਼ਕ ਸੰਚਾਰ ਡਾ: ਜਗਤਾਰ ਸਿੰਘ ਧੀਮਾਨ ਨੇ ਪੀ ਏ ਯੂ ਦੇ ਸਥਾਪਿਤ ਢਾਂਚੇ ਬਾਰੇ ਜਾਣਕਾਰੀ ਦਿੱਤੀ। ਵਫਦ ਦੇ ਮੈਂਬਰਾਂ ਨੂੰ ਵਿਸ਼ੇਸ ਤੌਰ ਤੇ ਪੀ ਏ ਯੂ ਸੰਬੰਧੀ ਜਾਣਕਾਰੀ ਰੱਖਦਾ ਇਕ ਕਿਤਾਬਚਾ ਅਤੇ ਹੋਰ ਸਮੱਗਰੀ ਵੀ ਪ੍ਰਦਾਨ ਕੀਤੀ ਗਈ।