ਅੰਮ੍ਰਿਤਸਰ:- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਤੇ ਵਰਾਂਡਿਆਂ ਦੀਆਂ ਛੱਤਾਂ ਦੀ ਦਿੱਖ ਨੂੰ ਹੋਰ ਸੁੰਦਰ ਬਨਾਉਣ ਲਈ ਅੱਜ ਅਰਦਾਸ ਉਪਰੰਤ ਸੁੰਦਰ ਦਿਖ ਵਾਲੇ ਅਤੇ ਫੁਲਦਾਰ ਬੂਟੇ ਲਗਾਏ ਗਏ। ਇਹ ਕਾਰਜ ਕਾਰ-ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੂੰ ਸੌਂਪਿਆ ਗਿਆ ਹੈ। ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਅੱਜ ਬੂਟੇ ਲਗਾ ਕੇ ਇਹ ਸੇਵਾ ਆਰੰਭ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਅਜੋਕੇ ਯੁਗ ਵਿਚ ਵਧ ਰਹੇ ਪ੍ਰਦੂਸ਼ਨ ਅਤੇ ਘੱਟ ਰਹੀਂ ਹਰਿਆਵਲ ਨੇ ਵਾਤਾਵਰਨ ਅਤੇ ਕੁਦਰਤੀ ਸੋਮਿਆਂ ਨੂੰ ਵੱਡੀ ਢਾਹ ਲਾਈ ਹੈ। ਗੁਰੂ ਸਾਹਿਬ ਦੇ ਫੁਰਮਾਨ: ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥ ਅਨੁਸਾਰ ਹਵਾ, ਪਾਣੀ ਤੇ ਵਾਤਾਵਰਨ ਨੂੰ ਸ਼ੁਧ ਰੱਖਣਾ ਸਾਡਾ ਪਰਮ ਧਰਮ ਹੈ ਇਸ ਲਈ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚਲਦਿਆਂ ਵਾਤਾਵਰਨ ਦੀ ਸਾਂਭ-ਸੰਭਾਲ ਲਈ ਜਿਥੇ ਫੱਲਦਾਰ ਅਤੇ ਛਾਂਦਾਰ ਬੂਟੇ ਲਗਾਉਣੇ ਜ਼ਰੂਰੀ ਹਨ ਉਥੇ ਚੋਗਿਰਦੇ ਨੂੰ ਸੁੰਦਰ ਬਨਾਉਣ ਲਈ ਫੁਲਦਾਰ ਬੂਟੇ ਲਗਾਉਣੇ ਵੀ ਅਤੀ ਜ਼ਰੂਰੀ ਹਨ ਜਿਸ ਲਈ ਸਾਨੂੰ ਸੁਹਿਰਦਤਾ ਨਾਲ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਇਸ ਕਾਰਜ ਨੂੰ ਸਫਲ ਬਨਾਉਣ ਲਈ ਕਾਰ-ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਕਾਰ-ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਅਤੇ ਫੁਲਦਾਰ ਬੂਟਿਆਂ ਦੇ ਮਾਹਰ ਚੰਡੀਗੜ੍ਹ ਤੋਂ ਡਾ. ਨਰੂਲਾ ਦੇ ਸਹਿਯੋਗ ਨਾਲ ਨੀਯਤ ਸਮੇਂ ’ਚ ਮੁਕੰਮਲ ਕਰਨ ਲਈ ਯਤਨਸ਼ੀਲ ਹਨ।
ਬੂਟੇ ਲਗਾਉਣ ਤੋਂ ਪਹਿਲਾਂ ਭਾਈ ਬਲਬੀਰ ਸਿੰਘ ਜੀ ਨੇ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਸਵਿੰਦਰ ਸਿੰਘ ਐਡਵੋਕੇਟ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਭਰਪੂਰ ਖ਼ਾਲਸਾ, ਸ. ਸੁਰਜੀਤ ਸਿੰਘ ਚੀਮਾਂ ਤੇ ਸ. ਹਰਦਲਬੀਰ ਸਿੰਘ ਸ਼ਾਹ, ਕਾਰ-ਸੇਵਾ ਵਾਲੇ ਬਾਬਾ ਅਮਰੀਕ ਸਿੰਘ, ਪਬਲੀਸਿਟੀ ਵਿਭਾਗ ਦੇ ਮੀਤ ਸਕੱਤਰ ਸ. ਰਾਮ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ, ਬਾਬਾ ਸੁਬੇਗ ਸਿੰਘ, ਬਾਬਾ ਸੋਹਨ ਸਿੰਘ, ਬਾਗਬਾਨੀ ਨਾਲ ਸਬੰਧਤ ਸ. ਬਲਵਿੰਦਰ ਸਿੰਘ ਸਨੋਰ, ਸ. ਕਰਤਾਰ ਸਿੰਘ, ਸ. ਕ੍ਰਿਪਾਲ ਸਿੰਘ, ਸ. ਮਹਿੰਦਰ ਸਿੰਘ, ਸ. ਪ੍ਰੀਤਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।