ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਅਵਤਾਰ ਸਿੰਘ ਨੇ ਕਾਰ-ਸੇਵਾ ਵਾਲੇ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲਿਆਂ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਥੋਂ ਜਾਰੀ ਇਕ ਸ਼ੋਕ ਸੰਦੇਸ਼ ’ਚ ਉਨ੍ਹਾਂ ਕਿਹਾ ਕਿ ਬਾਬਾ ਹਰਬੰਸ ਸਿੰਘ ਜੀ ਪੰਥ-ਪ੍ਰਸਤ, ਧਾਰਮਿਕ ਬਿਰਤੀ ਵਾਲੇ ਬਹੁਤ ਹੀ ਦੂਰ-ਅੰਦੇਸ਼ ਮਹਾਂਪੁਰਸ਼ ਸਨ। ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਇਤਿਹਾਸਕ ਗੁਰਧਾਮਾਂ ਦੀਆਂ ਨਵ-ਇਮਾਰਤਾਂ ਤੇ ਸੰਗਤਾਂ ਦੀ ਰਿਹਾਇਸ਼ ਲਈ ਸਰਾਵਾਂ ਦੀ ਉਸਾਰੀ ਤੇ ਹੋਰ ਧਾਰਮਿਕ ਕਾਰਜਾਂ ਦੇ ਲੇਖੇ ਲਾ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਦਿੱਲੀ ਵਿਖੇ ਜਥੇ. ਬਘੇਲ ਸਿੰਘ ਵਲੋਂ ਇਤਿਹਾਸਕ ਗੁਰਧਾਮਾਂ ਦੀ ਕੀਤੀ ਨਿਸ਼ਾਨਦੇਹੀ ਵਾਲੇ ਗੁਰਧਾਮਾਂ ਦਾ ਵਿਕਾਸ ਤੇ ਉਨ੍ਹਾਂ ਨੂੰ ਖੁਬਸੂਰਤ ਸਰੂਪ ਦਿੱਤਾ। ਬਾਬਾ ਜੀ ਨੂੰ ਪੰਜਾਬ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਇਤਿਹਾਸਕ ਗੁਰਧਾਮਾਂ ਦੀਆਂ ਇਮਾਰਤਾਂ ਦੀ ਸ਼ਾਨਦਾਰ ਉਸਾਰੀ ਕਰਨ ਦਾ ਸੁਭਾਗ ਵੀ ਪ੍ਰਾਪਤ ਹੋਇਆ। ਪੰਥਕ ਹਲਕਿਆਂ ’ਚ ਉਨ੍ਹਾਂ ਦਾ ਬਹੁਤ ਸਤਿਕਾਰ ਸੀ।
ਉਨ੍ਹਾਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਸ. ਕੇਵਲ ਸਿੰਘ ਬਾਦਲ, ਜਨਰਲ ਸਕੱਤਰ ਸ. ਸੁਖਦੇਵ ਸਿੰਘ ਭੌਰ, ਅੰਤ੍ਰਿੰਗ ਕਮੇਟੀ ਦੇ ਮੈਂਬਰਾਨ ਸ. ਰਾਜਿੰਦਰ ਸਿੰਘ ਮਹਿਤਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਦਿਆਲ ਸਿੰਘ ਕੋਲਿਆਵਾਲੀ, ਸ. ਸੁਰਜੀਤ ਸਿੰਘ ਗੜੀ, ਸ. ਨਿਰਮੈਲ ਸਿੰਘ ਜੌਲਾ ਕਲਾਂ, ਸ. ਕਰਨੈਲ ਸਿੰਘ ਪੰਜੋਲੀ, ਸ. ਸੂਬਾ ਸਿੰਘ ਡੱਬਵਾਲਾ, ਸ. ਮੋਹਣ ਸਿੰਘ ਬੰਗੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਮੰਗਲ ਸਿੰਘ (ਸੰਧੂ), ਸ. ਭਜਨ ਸਿੰਘ ਸ਼ੇਰ ਗਿੱਲ ਅਤੇ ਸਕੱਤਰ ਸ. ਦਲਮੇਘ ਸਿੰਘ ਖੱਟੜਾ ਨੇ ਵੀ ਅਫਸੋਸ ਦਾ ਇਜ਼ਹਾਰ ਕੀਤਾ ਹੈ।
ਬਾਬਾ ਹਰਬੰਸ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਸਮੁੱਚੇ ਸਟਾਫ ਵਲੋਂ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕੀਤੀ ਅਤੇ ਸੋਗ ਵਜੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਸ ਨਾਲ ਸਬੰਧਤ ਅਦਾਰੇ ਬੰਦ ਕਰ ਦਿੱਤੇ ਗਏ।