ਅੰਮ੍ਰਿਤਸਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਯਾਦਵਿੰਦਰਾ ਪਬਲਿਕ ਸਕੂਲ ਪਟਿਆਲਾ ਦੇ ਪ੍ਰਬੰਧਕਾਂ ਵੱਲੋਂ ਅੰਮ੍ਰਿਤਧਾਰੀ ਵਿੱਦਿਆਰਥੀਆਂ ਨੂੰ ਕਿਰਪਾਨ ਉਤਾਰ ਕੇ ਸਕੂਲ ਆਉਣ ਜਾਂ ਸਕੂਲ ਛੱਡਣ ਸਬੰਧੀ ਜਾਰੀ ਕੀਤੇ ਨਾਦਰਸ਼ਾਹੀ ਫੁਰਮਾਨ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਨੂੰ ਸਿੱਖਾਂ ਦੇ ਧਾਰਮਿਕ ਮਸਲਿਆਂ ’ਚ ਸਿੱਧੀ ਦਖ਼ਲ-ਅੰਦਾਜ਼ੀ ਕਰਾਰ ਦਿੱਤਾ ਹੈ ਅਤੇ ਪ੍ਰਬੰਧਕਾਂ ਨੂੰ ਅਜਿਹੇ ਹੁਕਮ ਤੁਰੰਤ ਵਾਪਸ ਲੈਂਦਿਆਂ ਸਿੱਖ-ਸੰਗਤਾਂ ਤੋਂ ਖ਼ਿਮਾਂ-ਯਾਚਨਾ ਕਰਨ ਲਈ ਕਿਹਾ ਹੈ।
ਇੱਥੋਂ ਜਾਰੀ ਇੱਕ ਪ੍ਰੈਸ ਰਲੀਜ਼ ’ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਭਾਰਤ ਬਹੁ-ਧਰਮੀ ਤੇ ਬਹੁ-ਭਾਸ਼ਾਈ ਦੇਸ਼ ਹੈ, ਜਿੱਥੇ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕੀਤਾ ਜਾਂਦਾ ਹੈ। ਕੋਈ ਵੀ ਵਿੱਦਿਅਕ ਸੰਸਥਾ ਵਿੱਦਿਆਰਥੀਆਂ ਦੇ ਧਾਰਮਿਕ ਚਿੰਨ੍ਹਾਂ ’ਤੇ ਪਾਬੰਦੀ ਨਹੀਂ ਲਗਾ ਸਕਦੀ, ਜਦ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਦਸਤਾਰ, ਕੜਾ ਤੇ ਕਿਰਪਾਨ ਸਿੱਖ ਦੀ ਸ਼ਖਸੀਅਤ (ਡਰੈਸ-ਕੋਡ) ਦਾ ਅਨਿੱਖੜਵਾਂ ਅੰਗ ਹੈ। ਯਾਦਵਿੰਦਰਾ ਪਬਲਿਕ ਸਕੂਲ ਦੇ ਪ੍ਰਬੰਧਕਾਂ ਵੱਲੋਂ ਅੰਮ੍ਰਿਤਧਾਰੀ ਵਿੱਦਿਆਰਥੀਆਂ ਨੂੰ ਕਿਰਪਾਨ ਧਾਰਨ ਕਰਨ ਤੋਂ ਰੋਕੇ ਜਾਣ ’ਤੇ ਸਿੱਖ-ਸੰਗਤਾਂ ’ਚ ਭਾਰੀ ਰੋਸ ਤੇ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਪ੍ਰਬੰਧਕਾਂ ਵੱਲੋਂ ਅਜਿਹਾ ਕਿਸੇ ਸਾਜਿਸ਼-ਵੱਸ ਸਿੱਖ ਵਿੱਦਿਆਰਥੀਆਂ ਨੂੰ ਪ੍ਰੇਸ਼ਾਨ ਕੀਤੇ ਜਾਣ ਦੀ ਭਾਵਨਾ ਨਾਲ ਕੀਤਾ ਗਿਆ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਹਨਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਵਿੱਦਿਆ ਦੇ ਮੰਦਰ ’ਚ ਵਿੱਦਿਆਰਥੀਆਂ ਨਾਲ ਭਿੰਨ-ਭੇਦ ਦੀ ਇਸ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਸਕੂਲ ਦੇ ਪ੍ਰਬੰਧਕਾਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਸਕੂਲਾਂ ਦੇ ਅਜਿਹੇ ਪ੍ਰਬੰਧਕਾਂ, ਜੋ ਫਿਰਕੂ-ਭਾਵਨਾ ਪੈਦਾ ਕਰਕੇ ਸੂਬੇ ਦੀ ਅਮਨ-ਸ਼ਾਂਤੀ ਲਈ ਖ਼ਤਰਾ ਪੈਦਾ ਕਰ ਰਹੇ ਹਨ, ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।